ਕੈਪਟਨ ਨੇ ਏਡੀਜੀਪੀ ਐਸਟੀਐਫ ਤੇ ਡਰੱਗਸ ਦੀ ਮੁਖੀ ਗੁਰਪ੍ਰੀਤ ਦਿਓ ਨੂੰ ਨਿਰਦੇਸ਼ ਦਿੱਤੇ ਕਿ ਸਰਹੱਦੀ ਇਲਾਕਿਆਂ ਵਿੱਚ ਪੁਲਿਸ ਤੇ ਨਸ਼ਾ ਤਸਕਰਾਂ ਦੇ ਜਾਲ ਨੂੰ ਤੋੜਨ ਲਈ ਦੋ ਵਿਸ਼ੇਸ਼ ਟੀਮਾਂ ਬਣਾਉਣ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨਸ਼ਿਆਂ ਦੀ ਆਮਦ ਨੂੰ ਠੱਲ੍ਹਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਹਦਾਇਤ ਕੀਤੀ। ਕੈਪਟਨ ਨੇ ਕਿਹਾ ਕਿ ਅਜਿਹੇ ਦਾਗ਼ੀ ਪੁਲਿਸ ਅਫ਼ਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਾ ਜਾਵੇ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਪਣੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਭੋਲਾ ਨਸ਼ਾ ਤਸਕਰੀ ਮਾਮਲੇ ਵਿੱਚ ਵਿਦੇਸ਼ਾਂ ਵਿੱਚ ਬੈਠੇ ਮੁਲਜ਼ਮਾਂ ਨੂੰ ਭਾਰਤ ਲਿਆਉਣ ਲਈ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇ।
ਕੈਪਟਨ ਨੇ ਆਪਣੇ ਮੁੱਖ ਅਧਿਕਾਰੀਆਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਆਪਣੇ ਐਡਵੋਕੇਟ ਜਨਰਲ ਨੂੰ ਕਾਨੂੰਨੀ ਮਾਹਰਾਂ ਦਾ ਵਿਸ਼ੇਸ਼ ਪੈਨਲ ਗਠਿਤ ਕਰ ਪੁਲਿਸ ਮੁਲਾਜ਼ਮਾਂ ਨੂੰ ਅਜਿਹੇ ਕੇਸਾਂ ਦੀ ਪੈਰਵੀ ਸੁਚੱਜੇ ਢੰਗ ਨਾਲ ਕਰਨ ਦੇ ਕਾਬਲ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।