ਯੂਨੀਵਰਸਿਟੀ ਦੀ ਸਥਾਪਨਾ ਲਈ ਕਾਇਮ ਕੀਤੀ ਸੰਚਾਲਨ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਪ੍ਰਸਤਾਵਿਤ ਸੰਸਥਾ ਦਾ ਨਾਂਅ ‘ਦਾ ਪੰਜਾਬ ਸਪੋਰਟਸ ਯੂਨੀਵਰਸਿਟੀ’ ਵਜੋਂ ਰੱਖਣ ਦੀ ਪ੍ਰਵਾਨਗੀ ਦਿੱਤੀ ਜਿਸ ਦਾ ਖਰੜਾ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ ਇਸ ਸਬੰਧ ਵਿੱਚ ਆਰਡੀਨੈਂਸ ਵੀ ਲਿਆਂਦਾ ਜਾਵੇਗਾ ਤਾਂ ਕਿ ਅਕਾਦਮਿਕ ਸੈਸ਼ਨ ਸਮੇਂ ਸਿਰ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੂੰ ਯੂਨੀਵਰਸਿਟੀ ਦੀ ਇਮਾਰਤ ਦੇ ਨਿਰਮਾਣ ਲਈ ਸਿੱਧੋਵਾਲ ਪਿੰਡ ਵਿੱਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਨਾਲ ਲਗਦੀ 97 ਏਕੜ ਜ਼ਮੀਨ ਐਕੁਵਾਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਹਦਾਇਤ ਕੀਤੀ। ਪਿੰਡ ਦੀ ਪੰਚਾਇਤ ਵੱਲੋਂ 97 ਫੀਸਦੀ ਜ਼ਮੀਨ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ ਜਦਕਿ ਬਾਕੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਦੇ ਪ੍ਰਸਤਾਵ ਨਾਲ ਸਹਿਮਤ ਹੁੰਦਿਆਂ ਮੁੱਖ ਮੰਤਰੀ ਨੇ ਪਿੰਡ ਦੇ ਉਨ੍ਹਾਂ ਯੋਗ ਲੋਕਾਂ ਲਈ ਗਰੁੱਪ ਸੀ. ਤੇ ਡੀ. ਦੀਆਂ ਕੁਝ ਅਸਾਮੀਆਂ ਰਾਖਵੀਆਂ ਕਰਨ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ, ਜਿਨ੍ਹਾਂ ਲੋਕਾਂ ਦੀ ਜ਼ਮੀਨ ਐਕੁਆਇਰ ਹੋਣੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਖੇਡ ਵਿਭਾਗ ਨੂੰ ਨਵੀਂ ਇਮਾਰਤ ਦੇ ਮੁਕੰਮਲ ਹੋਣ ਤਕ ਯੁਨੀਵਰਸਿਟੀ ਨੂੰ ਆਰਜ਼ੀ ਤੌਰ ’ਤੇ ਚਲਾਉਣ ਲਈ ਤੁਰੰਤ ਮੋਹਿੰਦਰਾ ਕੋਠੀ ਦਾ ਕਬਜ਼ਾ ਲੈਣ ਲਈ ਆਖਿਆ। ਬੁਲਾਰੇ ਨੇ ਦੱਸਿਆ ਕਿ ਇਸ ਮੰਤਵ ਲਈ ਕੋਠੀ ਦੀ ਮੁਰੰਮਤ ਵਾਸਤੇ 50 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ। ਯੁਨੀਵਰਸਿਟੀ ਦੇ ਪਾਠਕ੍ਰਮ ਨੂੰ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ ਜੋ ਗਿਆਨ ਦੇ ਵਿਕਾਸ, ਹੁਨਰ ਤੇ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਦੇ ਖੇਤਰਾਂ ਵਿੱਚ ਵੱਖ-ਵੱਖ ਪੱਧਰ ਦੇ ਮੁਕਾਬਲਿਆਂ ਤੋਂ ਇਲਾਵਾ ਖੇਡ ਤਕਲਾਨੋਜੀ ਅਤੇ ਹਰ ਤਰ੍ਹਾਂ ਦੀਆਂ ਖੇਡਾਂ ਦੀ ਉੱਚ ਸਿਖਲਾਈ ’ਤੇ ਕੇਂਦਰਤ ਹੋਵੇਗਾ। ਇਸੇ ਤਰ੍ਹਾਂ ਕੋਚਿੰਗ ਦੀਆਂ ਬਿਹਤਰ ਸਹੂਲਤਾਂ ਅਤੇ ਆਲਾ ਦਰਜੇ ਦੇ ਬੁਨਿਆਦੀ ਢਾਂਚੇ ਤੋਂ ਇਲਾਵਾ ਉੱਭਰਦੇ ਅਥਲੀਟਾਂ ਨੂੰ ਸ਼ੁਰੂਆਤੀ ਦੌਰ ਵਿੱਚ ਹੀ ਪ੍ਰਭਾਵੀ ਸੰਸਥਾਗਤ ਸਹਿਯੋਗ ਅਤੇ ਮਾਹੌਲ ਪ੍ਰਦਾਨ ਕੀਤਾ ਜਾਵੇਗਾ।