ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਤੁਰੰਤ ਬੰਦ ਕਰਨ ਲਈ ਆਖਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਿੱਧੂ ਬਾਰੇ ਬਿਆਨਬਾਜ਼ੀ ਕਰਕੇ ਕਿਸੇ ਵੀ ਆਗੂ ਨੂੰ ਪਾਰਟੀ ਸਫਾਂ ਵਿੱਚ ਭੰਬਲਭੂਸਾ ਪੈਦਾ ਨਹੀਂ ਕਰਨਾ ਚਾਹੀਦਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਅਵਾਜ਼-ਏ-ਪੰਜਾਬ ਫਰੰਟ ਦੇ ਸਿੱਧੂ ਸਮੇਤ ਕਿਸੇ ਆਗੂ ਨਾਲ ਪਾਰਟੀ ਹਾਈਕਮਾਂਡ ਜਾਂ ਕਿਸੇ ਹੋਰ ਆਗੂ ਨੇ ਗੱਲਬਾਤ ਕੀਤੀ ਹੈ।
ਕਿਸੇ ਆਗੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਨੂੰ ਜਾਣਕਾਰੀ ਹੁੰਦੀ ਹੈ ਤੇ ਉਨ੍ਹਾਂ ਦੀ ਸਹਿਮਤੀ ਨਾਲ ਹੀ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾਂਦਾ ਹੈ ਪਰ ਉਨ੍ਹਾਂ ਨੂੰ ਅਜੇ ਤੱਕ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਕ੍ਰਿਕਟਰ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀ ਗੱਲਬਾਤ ਚੱਲ ਰਹੀ ਹੈ। ਇਸ ਤਰ੍ਹਾਂ ਦੀ ਬਿਆਨਬਾਜ਼ੀ ਪਾਰਟੀ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਹੈ ਪਰ ਇਸ ਨਾਲ ਪਾਰਟੀ ਵਿੱਚ ਤਰ੍ਹਾਂ-ਤਰ੍ਹਾਂ ਦੀਆਂ ਗੱਲਾਂ ਚਲਦੀਆਂ ਹਨ ਤੇ ਇਸ ਲਈ ਉਨ੍ਹਾਂ ਨੂੰ ਵੀ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਯਾਦ ਰਹੇ ਕਿ ਬਾਜਵਾ ਨੇ ਦਿੱਲੀ ਤੋਂ ਬਿਆਨ ਦੇ ਕੇ ਕਿਹਾ ਸੀ ਕਿ ਸਿੱਧੂ ਕਾਂਗਰਸ ਵਿੱਚ ਸ਼ਾਮਲ ਹੋ ਰਿਹਾ ਹੈ ਤੇ ਦੀਵਾਲੀ ਦੇ ਤਿਓਹਾਰ ਮੌਕੇ ਚੰਗੀ ਖਬਰ ਆਵੇਗੀ। ਦੂਜੇ ਪਾਸੇ ਇਸ ਮੁੱਦੇ ’ਤੇ ਜਿਸ ਤਰਾਂ ਦਾ ਸਟੈਂਡ ਕੈਪਟਨ ਅਮਰਿੰਦਰ ਸਿੰਘ ਅਤੇ ਆਸ਼ਾ ਕੁਮਾਰੀ ਲੈ ਰਹੇ ਹਨ, ਉਸ ਤੋਂ ਸਿੱਧੂ ਦੇ ਕਾਂਗਰਸ ਵਿਚ ਸ਼ਾਮਲ ਹੋਣ ਦੇ ਆਸਾਰ ਮੱਧਮ ਜਾਪਦੇ ਹਨ।