ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਿਛਲੇ ਕੁਝ ਦਿਨਾਂ ਦਰਮਿਆਨ ਪੰਜਾਬ ਵਿੱਚ ਖ਼ਾਸ ਮੀਂਹ ਨਹੀਂ ਪਿਆ ਤੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਵਿੱਚੋਂ ਪਾਣੀ ਦਾ ਪੱਧਰ ਵੀ ਹੌਲੀ-ਹੌਲੀ ਘਟ ਰਿਹਾ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡਾਂ ਵਿੱਚ ਕਿਸ਼ਤੀਆਂ ਰਾਹੀਂ ਮੈਡੀਕਲ ਸਹੂਲਤਾਂ ਭੇਜੀਆਂ ਜਾ ਰਹੀਆਂ ਹਨ। ਸੰਘਣੀ ਆਬਾਦੀ ਵਾਲੇ ਪਿੰਡਾਂ ਵਿੱਚ ਡਾਕਟਰ ਤੇ ਉਸ ਦੀ ਟੀਮ ਚੌਵੀ ਘੰਟੇ ਮੌਜੂਦ ਰਹੇਗੀ।
ਵਧੀਕ ਚੀਫ ਸਕੱਤਰ (ਵਿਕਾਸ) ਵਿਸ਼ਵਜੀਤ ਖੰਨਾ ਨੇ ਦੱਸਿਆ ਕਿ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਲਈ ਕਿਸਾਨਾਂ ਨੂੰ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਸਾਉਣੀ ਦੀ ਫ਼ਸਲਾਂ ਦੇ ਹੋਏ ਖਰਾਬੇ ਦੇ ਵੇਰਵੇ ਇਕੱਠੇ ਕਰਨ ਲਈ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਸ਼ੂਆਂ ਨੂੰ ਚਾਰਾ ਮੁਹੱਈਆ ਕਰਵਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਹੜ੍ਹਾਂ ਕਾਰਨ ਰੋਪੜ, ਅਨੰਦਪੁਰ ਸਾਹਿਬ, ਜਲੰਧਰ, ਕਪੂਰਥਲਾ ਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ 300 ਤੋਂ ਵੱਧ ਪਿੰਡ ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹੇਠ ਆ ਗਏ ਹਨ। ਇਸ ਕਾਰਨ ਹਜ਼ਾਰਾਂ ਏਕੜ ਫ਼ਸਲਾਂ ਬਰਬਾਦ ਹੋ ਗਈਆਂ ਹਨ ਤੇ ਲੋਕ ਆਪਣੀਆਂ ਛੱਤਾਂ 'ਤੇ ਰਾਤ ਗੁਜ਼ਾਰਨ ਲਈ ਮਜਬੂਰ ਹਨ।