ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਨੂੰ ਤਲਬ ਕੀਤਾ ਹੈ। ਉਨ੍ਹਾਂ ਨੇ ਕੈਪਟਨ ਨੂੰ 20 ਸਤੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ (Clarification) ਦੇਣ ਦਾ ਆਦੇਸ਼ ਜਾਰੀ ਕੀਤਾ ਹੈ।

ਅੱਜ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸਕੱਤਰੇਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਮੰਡ ਨੇ ਕਿਹਾ ਕਿ ਬੇਅਦਬੀਆਂ ਦੇ ਮਾਮਲੇ ਵਿੱਚ ਲੱਗੇ ਬਰਗਾੜੀ ਮੋਰਚੇ ਨੂੰ ਖ਼ਤਮ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਦੋ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੂੰ ਭੇਜਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਪ੍ਰਤੀਨਿਧੀਆਂ ਨੇ ਬੇਅਦਬੀਆਂ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦਾ ਪੰਜਾਬ ਸਰਕਾਰ ਵੱਲੋਂ ਭਰੋਸਾ ਦਿੱਤਾ ਸੀ। ਇਨ੍ਹਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਇਨ੍ਹਾਂ ਨੇ ਬੀਤੇ ਦਿਨੀਂ ਆਪਣੇ ਸਪਸ਼ਟੀਕਰਨ ਵਿੱਚ ਕਿਹਾ ਸੀ ਕਿ ਉਨ੍ਹਾਂ ਨੇ ਇਹ ਭਰੋਸਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ 'ਤੇ ਹੀ ਦਿੱਤਾ ਸੀ। ਇਸ ਲਈ ਇਸ ਸਬੰਧੀ ਮੁਕੰਮਲ ਜਾਣਕਾਰੀ ਮੁੱਖ ਮੰਤਰੀ ਹੀ ਦੇ ਸਕਦੇ ਹਨ।