ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਆਪਸ ਵਿੱਚ ਲੜ ਕੇ ਮਹੌਲ ਖ਼ਰਾਬ ਕਰਨ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰਿਆਂ ’ਤੇ ਕਾਂਗਰਸ ਅਤੇ ਅਕਾਲੀ ਦਲ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਐਤਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਵੱਲੋਂ ਦੋਵਾਂ ਪਾਰਟੀਆਂ ਨੂੰ ਸੂਬੇ ਦੇ ਲੋਕਾਂ ਨੇ ਨਕਾਰ ਦਿੱਤਾ ਹੈ ਅਤੇ ਉਨ੍ਹਾਂ ਦਾ ਪਿੰਡਾਂ ਤੇ ਸ਼ਹਿਰਾਂ ਵਿੱਚ ਜਾਣਾ ਬੰਦ ਕਰ ਦਿੱਤਾ ਹੈ। ਲੋਕਾਂ ਦੇ ਵਿਰੋਧ ਨੂੰ ਦੇਖ਼ਦੇ ਹੋਏ ਦੋਵੇਂ ਪਾਰਟੀਆਂ ਨਰਿੰਦਰ ਮੋਦੀ ਦੇ ਇਸ਼ਾਰੇ ’ਤੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਾ ਕੇ ਚੋਣਾ ਦੇ ਸਮੇਂ ਲੋਕਾਂ ਵਿੱਚ ਡਰ ਪੈਦਾ ਕਰਨੀਆਂ ਚਾਹੁੰਦੀਆਂ ਹਨ। ਦੋਵੇਂ ਹੀ ਪਾਰਟੀਆਂ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੀਆਂ ਹਨ ਤਾਂ ਜੋ ਪੰਜਾਬ ਵਿੱਚ ਮਹੌਲ ਖ਼ਰਾਬ ਕਰ ਕੇ ਰਾਸ਼ਟਰਪਤੀ ਰਾਜ ਲਾਗੂ ਕਰਵਾਇਆ ਜਾ ਸਕੇ।
ਮੋਗਾ ਵਿੱਚ ਕਿਸਾਨਾਂ ’ਤੇ ਹੋਏ ਅੱਤਿਆਚਾਰ ਦੀ ਨਿੰਦਾ ਕਰਦਿਆਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸ਼ਾਂਤੀਪੂਰਣ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਅਕਾਲੀ ਦਲ ਬਾਦਲ ਦੇ ਵਿੰਗ ਸਟੂਡੈਂਟ ਆਰਗੇਨਾਈਜੇਸ਼ਨ ਆਫ਼ ਇੰਡੀਆ (ਸੋਈ) ਦੇ ਗੁੰਡਿਆਂ ਵੱਲੋਂ ਕੀਤਾ ਹਮਲਾ ਸੁਖਬੀਰ ਸਿੰਘ ਬਾਦਲ ਦੀ ਸੋਚੀ ਸਮਝੀ ਸਾਜਿਸ਼ ਸੀ, ਜਿਸ ਤੋਂ ਸਾਫ਼ ਹੋ ਗਿਆ ਹੈ ਕਿ ਅਕਾਲੀ ਦਲ ਬਾਦਲ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰ ਕੇ ਨਰਿੰਦਰ ਮੋਦੀ ਦੇ ਰਾਹੀਂ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਾਉਣਾ ਚਾਹੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਵਿੱਚ ਭਾਜਪਾ ਅਤੇ ਕਾਂਗਰਸੀ ਵਰਕਰਾਂ ਦੇ ਵਿੱਚਕਾਰ ਹੋਈ ਲੜਾਈ ਵੀ ਇਸੇ ਕੜੀ ਦਾ ਹਿੱਸਾ ਹੈ।
ਉਨ੍ਹਾਂ ਕਿਹਾ ਕਿ ਹਕੀਕਤ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੀ ਟੀਮ ਦੇ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ ਪੰਜਾਬ ਵਿੱਚ ਮੋਦੀ ਦੇ ਇਸ਼ਾਰਿਆਂ ’ਤੇ ਮਹੌਲ ਖ਼ਰਾਬ ਕਰਨ ਲਈ ਉਤਾਰੂ ਹਨ।
ਵਿਧਾਇਕ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਖਾਸ ਕਰਕੇ ਕਿਸਾਨਾਂ ਦੀ ਹਮਦਰਦੀ ਬਟੋਰਨ ਲਈ ਅਕਾਲੀ ਦਲ ਭਾਜਪਾ ਤੋਂ ਅਲੱਗ ਹੋਇਆ ਹੈ ਜੋ ਕੇਵਲ ਧੋਖ਼ਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾ ਹੋਣ ਤੋਂ ਬਾਅਦ ਅਕਾਲੀ ਦਲ ਬਾਦਲ ਅਤੇ ਭਾਜਪਾ ਇੱਕ ਵਾਰ ਫਿਰ ਸਪਸ਼ੱਟ ਰੂਪ ਵਿੱਚ ਇੱਕ ਹੋ ਜਾਣ। ਅਰੋੜਾ ਨੇ ਕਿਹਾ ਭਾਜਪਾ ਅਕਾਲੀ ਦਲ ਬਾਦਲ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਨਾ ਕਰਨ ਕਿਉਂਕਿ ਲੋਕਾਂ ਦੇ ਗੁੱਸੇ ਤੋਂ ਸਾਫ਼ ਹੋ ਗਿਆ ਹੈ ਕਿ ਇਸ ਵਾਰ ਹਵਾ ਉਨ੍ਹਾਂ ਦੇ ਖ਼ਿਲਾਫ਼ ਹੈ।