Punjab Politics: ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਸੋਮਵਾਰ ਨੂੰ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਦੀ ਨਿੰਦਾ ਕੀਤੀ ਅਤੇ ਉਨ੍ਹਾਂ 'ਤੇ ਦਹਾਕਿਆਂ ਦੇ ਆਪਣੇ ਸਿਆਸੀ ਕਰੀਅਰ ਲਈ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ। ਆਪ ਦੀ ਸੂਬਾ ਇਕਾਈ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ, ''ਇਹ ਕੈਪਟਨ ਲਈ ਨਮੋਸ਼ੀ ਵਾਲੀ ਗੱਲ ਹੈ ਕਿਉਂਕਿ ਭਾਜਪਾ ਦੇ ਕੌਮੀ ਪ੍ਰਧਾਨ ਜਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਸਮੇਤ ਸੀਨੀਅਰ ਭਾਜਪਾ ਆਗੂ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਹੋਣ ਸਮੇਂ ਉਨ੍ਹਾਂ ਨਾਲ ਮੌਜੂਦ ਨਹੀਂ ਸਨ। "
19 ਸਤੰਬਰ ਨੂੰ ਫੜਿਆ ਸੀ ਕੈਪਟਨ ਨੇ 'ਕਮਲ'
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ (punjab lok congress) ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਵੀ ਭਾਜਪਾ ਵਿੱਚ ਰਲੇਵਾਂ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਕਿਰਨ ਰਿਜਿਜੂ, ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿੱਚ ਕੇਂਦਰ ਦੀ ਸੱਤਾਧਾਰੀ ਪਾਰਟੀ ਵਿੱਚ ਸ਼ਾਮਲ ਹੋਏ। ਕੰਗ ਨੇ ਕਿਹਾ ਕਿ ਇਸ ਨੇ ਕੈਪਟਨ ਦਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ ਕਿ ਉਹ ਸੱਤਾ ਦੀ ਰਾਜਨੀਤੀ ਲਈ ਹਮੇਸ਼ਾ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ਼ ਕੰਮ ਕਰਦੇ ਰਹੇ ਹਨ।
ਇਹ ਵੀ ਪੜ੍ਹੋ:Capt. Amarinder Singh: ਬੀਜੇਪੀ 'ਚ ਸ਼ਾਮਲ ਹੋਣ ਮਗਰੋਂ ਹੁਣ ਕੈਪਟਨ ਅਮਰਿੰਦਰ ਬਣਨਗੇ ਇਸ ਸੂਬੇ ਦਾ ਗਵਰਨਰ?
ਲੰਘੇ ਵਰ੍ਹੇ ਛੱਡੀ ਸੀ ਕਾਂਗਰਸ
ਤੁਹਾਨੂੰ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਲਗਭਗ 9 ਸਾਲ ਤੱਕ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਪਿਛਲੇ ਸਾਲ ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫਾ ਦੇ ਕੇ ਆਪਣੀ ਨਵੀਂ ਪਾਰਟੀ PLC ਬਣਾਈ ਸੀ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਨੇ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜੀ ਸੀ। ਹਾਲਾਂਕਿ ਗਠਜੋੜ ਨੇ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕੀਤਾ। ਅਮਰਿੰਦਰ ਸਿੰਘ ਖ਼ੁਦ ਵੀ ਆਪਣੀ ਸੀਟ ਨਹੀਂ ਬਚਾ ਸਕੇ।