ਚੰਡੀਗੜ੍ਹ: ਕੇਂਦਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਦਾ ਕਿਸਾਨ ਤੇ ਵਿਰੋਧੀ ਧਿਰਾਂ ਲਗਾਤਾਰ ਵਿਰੋਧ ਕਰ ਰਹੀਆਂ ਹਨ। ਅਜਿਹੇ 'ਚ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰਡੀਨੈਂਸਾਂ ਪ੍ਰਤੀ ਹਾਮੀ ਭਰਨ ਵਾਲੇ ਅਕਾਲੀ ਦਲ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਪੰਜਾਬ ਦੇ ਹਿੱਤ ਵੇਚ ਦਿੱਤੇ ਹਨ।


ਕੈਪਟਨ ਨੇ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ ਉਹ ਕੇਂਦਰ ਸਰਕਾਰ ਨਾਲ ਲੜਾਈ ਲੜਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਸਰਬ ਪਾਰਟੀ ਵਫ਼ਦ ਦੇ ਮਿਲਣ ਲਈ ਸਮਾਂ ਵੀ ਮੰਗਿਆ ਜਾਵੇਗਾ। ਕੈਪਟਨ ਨੇ ਆਪਣੇ ਹਫ਼ਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਸ਼ਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸ਼ਾਂ ਦਾ ਹਵਾਲਾ ਦਿੰਦਿਆਂ ਖ਼ਬਰਦਾਰ ਕੀਤਾ ਕਿ ‘ਸੁਖਬੀਰ ਬਾਦਲ ਜਾਂ ਬੀਜੇਪੀ ਵਾਲੇ ਕੁਝ ਵੀ ਕਹੀ ਜਾਣ, ਜੇ ਇਕ ਵਾਰ ਆਰਡੀਨੈਂਸ ਪਾਸ ਹੋ ਗਏ ਤਾਂ ਕੇਂਦਰ ਸਰਕਾਰ ਵੱਲੋਂ ਆਪਣੇ ਅਗਲੇ ਕਦਮ ਤਹਿਤ ਘੱਟੋ-ਘੱਟ ਸਮਰਥਨ ਮੁੱਲ ਨੂੰ ਖ਼ਤਮ ਕਰਨ ਦੇ ਨਾਲ-ਨਾਲ ਐਫਸੀਆਈ ਨੂੰ ਵੀ ਤੋੜ ਦਿੱਤਾ ਜਾਵੇਗਾ।’


ਕੈਪਟਨ ਨੇ ਦਾਅਵਾ ਕੀਤਾ ਕਿ ਜੇ ਇਹ ਆਰਡੀਨੈਂਸ ਕਾਨੂੰਨੀ ਰੂਪ ਵਿੱਚ ਲਾਗੂ ਹੋ ਗਏ ਤਾਂ ਖ਼ਰੀਦ ਪ੍ਰਕਿਰਿਆ ਖ਼ਤਮ ਹੋ ਜਾਵੇਗੀ ਅਤੇ ਸਰਕਾਰੀ ਮੰਡੀਆਂ ਦਾ ਵੀ ਅੰਤ ਹੋ ਜਾਵੇਗਾ ਜੋ ਬਹੁਤ ਵੱਡਾ ਖਤਰਾ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਆਪਣੇ ਸਿਆਸੀ ਹਿੱਤਾਂ ਨੂੰ ਤਰਜੀਹ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਵੀ ਪੰਜਾਬੀ ਸੂਬਾ ਲਹਿਰ ਰਾਹੀਂ ਸੂਬੇ ਨੂੰ ਬਰਬਾਦ ਕਰ ਦਿੱਤਾ।


ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਆਰਡੀਨੈਂਸ ਵਿਰੁੱਧ ਲੜਾਈ ਵਿੱਚ ਸਾਥ ਦੇਣ ਅਤੇ ਅਕਾਲੀ-ਬੀਜੇਪੀ ਹੱਥੋਂ ਗੁਮਰਾਹ ਨਾ ਹੋਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਕਿਹਾ ਅਕਾਲੀ ਬੀਜੇਪੀ ਤੋਂ ਬਿਨਾਂ ਸਾਰੀਆਂ ਪਾਰਟੀਆਂ ਆਰਡੀਨੈਸਾਂ ਦੇ ਵਿਰੋਧ 'ਚ ਉਨ੍ਹਾਂ ਦੇ ਨਾਲ ਹਨ।


ਇਹ ਵੀ ਪੜ੍ਹੋ:


ਅਦਾਲਤੀ ਚੱਕਰਾਂ ਤੋਂ ਅੱਕੇ ਪ੍ਰਾਈਵੇਟ ਸਕੂਲ ਵੱਲੋਂ ਮਾਪਿਆਂ ਨੂੰ ਖੁਦ ਰਾਹਤ ਦਾ ਐਲਾਨ


ਕੋਰੋਨਾ ਬਾਰੇ ਵੱਡਾ ਖੁਲਾਸਾ, ਚੀਨ ਤੋਂ ਪਹਿਲਾਂ ਇਸ ਦੇਸ਼ 'ਚ ਪਹੁੰਚ ਗਿਆ ਸੀ ਵਾਇਰਸ!


ਭਾਰਤ-ਚੀਨ ਸਰਹੱਦ 'ਤੇ ਵੱਡੀ ਹਲਚਲ, IAF ਵੱਲੋਂ ਏਅਰਬੇਸ 'ਤੇ ਲੜਾਕੂ ਜਹਾਜ਼ ਤਾਇਨਾਤ



ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ