ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਰਮ ਦਲੀਏ ਅਤੇ ਖਾਲਿਸਤਾਨੀਆਂ ਦੇ ਨਾਂਅ 'ਤੇ ਕਿਸਾਨ ਅੰਦੋਲਨ ਖ਼ਤਮ ਕਰਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਅਪੀਲ ਨੂੰ ਮੰਦਭਾਗਾ ਕਰਾਰ ਦਿੰਦਿਆਂ ਆਪ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਹੱਦ ਪਾਰ ਦੇ ਅੱਤਵਾਦ ਦਾ ਡਰ ਦਿਖਾ ਕੇ ਕਿਸਾਨੀ ਅੰਦੋਲਨ ਨੂੰ ਲੀਹ ਤੋਂ ਉਤਾਰਨ ਦੀ ਕੋਸਸਿ ਕਰ ਰਹੇ ਹਨ।
ਸ਼ਨੀਵਾਰ ਨੂੰ ਇੱਕ ਬਿਆਨ ਰਾਹੀਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਰਮ ਦਲੀਏ ਜਾਂ ਖਾਲਿਸਤਾਨੀ ਕਹਿ ਕੇ ਬਦਨਾਮ ਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਦੇਸ ਦੇ ਕਿਸਾਨ ਆਪਣੀ ਹੀ ਸਰਕਾਰ ਤੋਂ ਆਪਣੀਆਂ ਫਸਲਾਂ ਦੇ ਸਹੀ ਭਾਅ ਲੈਣ ਲਈ ਸਾਂਤਮਈ ਅੰਦੋਲਨ ਕਰ ਰਹੇ ਹਨ, ਨਾ ਕਿ ਹਥਿਆਰਬੰਦ ਅੰਦੋਲਨ ਚਲਾ ਰਹੇ ਹਨ।
ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਦੀ ਭਾਰਤ ਸਮੇਤ ਦੁਨੀਆਂ ਦੇ ਪ੍ਰਸਿੱਧ ਵਿਅਕਤੀਆਂ ਨੇ ਤਰੀਫ ਕੀਤੀ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਅੰਦੋਲਨ ਨੂੰ ਸਰਹੱਦ ਪਾਰ ਤੋਂ ਅੱਤਵਾਦ ਨਾਲ ਜੋੜਨ ਦੀ ਕੋਝੀ ਚਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਇੱਕ ਵਾਰ ਵੀ ਸਿੱਧੇ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਨਹੀਂ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨ ਗਲਤ ਹਨ ਅਤੇ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਇਹ ਰੱਦ ਕੀਤੇ ਜਾਣ। ਪਰ ਕਿਸਾਨੀ ਅੰਦੋਲਨ ਨੂੰ ਦਬਾਉਣ ਅਤੇ ਬਦਨਾਮ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਬਿਆਨਬਾਜ਼ੀ ਕਰ ਰਹੇ ਹਨ।
ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਿਲੀਭੁਗਤ ਕਰਕੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੰਮ ਕਰ ਰਹੇ ਹਨ। ਦੇਸ਼ ਦਾ ਬੱਚਾ ਬੱਚਾ ਜਾਣਦਾ ਹੈ ਕਿ ਕਿਸਾਨ ਅੰਦੋਲਨ ਅਤੇ ਸਰਹੱਦ ਪਾਰ ਅੱਤਵਾਦ ਵਿਚਕਾਰ ਕੋਈ ਸੰਬੰਧ ਨਹੀਂ ਹੈ, ਪਰ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਸਿਰ ਦੋਸ਼ ਮੜ ਰਹੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਭਗਵੰਤ ਮਾਨ ਨੇ ਕਿਹਾ 'ਕੀ ਕੈਪਟਨ ਸਿੱਧ ਕਰ ਸਕਣਗੇ ਕਿ ਕਿਸਾਨਾਂ ਅਤੇ ਖਾਲਿਸਤਾਨ ਸਮਰਥੱਕਾਂ ਵਿੱਚ ਕੋਈ ਸੰਬੰਧ ਹੈ? ਉਨ੍ਹਾਂ ਕਿਹਾ ਕਿ ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਹੱਦ ਪਾਰ ਅੱਤਵਾਦ ਦਾ ਡਰ ਦਿਖਾ ਕੇ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਫੁੱਟ ਪਾਉਣ ਦੀ ਕੋਸਸਿ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁਰਸੀ ਬਚਾਉਣ ਲਈ ਜਿੰਨੇ ਚੱਕਰ ਦਿੱਲੀ ਦਰਬਾਰ ਵਿੱਚ ਵਿੱਚ ਲਾਏ ਹਨ। ਜੇ ਉਨ੍ਹਾਂ ਚੋਂ ਇੱਕ ਵਾਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾ ਕੇ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕੀਤੀ ਹੁੰਦੀ ਤਾਂ ਹੁੱਣ ਤੱਕ ਕਿਸਾਨਾਂ ਦਾ ਅੰਦੋਲਨ ਹੱਲ ਹੋ ਜਾਣਾ ਸੀ। ਪਰ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਕੰਮ ਜਰੂਰ ਕੀਤਾ। ਮਾਨ ਨੇ ਕਿਹਾ ਕਿ ਆਪ ਪਾਰਟੀ ਸੰਸਦ ਦੇ ਆਉਣ ਵਾਲੇ ਸੈਸਨ ਵਿੱਚ ਵੀ ਕਿਸਾਨਾਂ ਦੇ ਹੁੱਕਮਾਂ 'ਤੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਾਉਣ ਲਈ ਆਵਾਜ ਬੁਲੰਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪਾਕਿਸਤਾਨ ਵਿੱਚ ਅਫਗਾਨ ਰਾਜਦੂਤ ਦੀ ਧੀ ਨੂੰ ਅਗਵਾ ਕਰਨ ਮਗਰੋਂ ਕੀਤਾ ਰਿਹਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904