Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਕਰੀਬਨ 3 ਸਾਲਾਂ ਬਾਅਦ ਸੂਬੇ ਦੀ ਸਿਆਸਤ ਵਿਚ ਮੁੜ ਸਰਗਰਮ ਹੋ ਗਏ ਹਨ। ਅੱਜ ਉਹ ਖੰਨਾ ਦੀ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਵਿੱਚ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ।


ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਫ਼ਤਿਹਜੰਗ ਬਾਜਵਾ, ਜੈ ਇੰਦਰ ਕੌਰ ਵੀ ਮੌਜੂਦ ਰਹੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ ਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਲੈ ਕੇ ਕੇਂਦਰ ਸਰਕਾਰ ਕੋਲ ਜਾਣਗੇ ਤੇ ਜੋ ਵੀ ਮਸਲਾ ਹੈ ਉਸ ਨੂੰ ਹੱਲ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ।



ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਪ੍ਰਧਾਨ ਮੰਤਰੀ ਇਸ ਵੇਲੇ ਵਿਦੇਸ਼ ਵਿੱਚ ਹਨ,  ਜਦੋਂ ਉਹ ਵਾਪਸ ਪਰਤਣਗੇ ਤਾਂ ਉਨ੍ਹਾਂ ਨਾਲ ਮੁਲਾਕਾਤ ਕਰ ਕੇ ਸਾਰੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਜਾਵੇਗਾ।



ਮੌਜੂਦਾ ਸੀਜ਼ਨ ਦੀਆਂ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ 44 ਹਜ਼ਾਰ ਕਰੋੜ ਰੁਪਏ ਦੇ ਚੁੱਕੀ ਹੈ। ਜੇ ਪੰਜਾਬ ਸਰਕਾਰ ਨੂੰ ਹੋਰ ਪੈਸਿਆਂ ਦੀ ਲੋੜ ਹੈ ਤਾਂ ਅਸੀਂ ਜ਼ਰੂਰ ਕੇਂਦਰ ਕੋਲ ਜਾਵਾਂਗੇ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ 4 ਦਿਨ ਪਹਿਲਾਂ ਹੀ ਆਪਣੀ ਪੁਰਾਣੀ ਸੱਟ ਦਾ ਇਲਾਜ ਕਰਵਾ ਕੇ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਮੈਂ ਉੱਥੇ ਬੈਠੇ ਹੋਏ ਵੀ ਪੰਜਾਬ ਦੇ ਹਾਲਾਤ 'ਤੇ ਨਜ਼ਰ ਰੱਖੀ ਹੋਈ ਸੀ ਤੇ ਇਸੇ ਲਈ ਮੈਂ ਅੱਜ ਇੱਥੇ ਆਇਆ ਹਾਂ।



ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਕੇਂਦਰ ਨੇ ਮੇਰੇ ਵੇਲੇ ਪੰਜਾਬ ਨਾਲ ਮਤਰੇਆ ਸਲੂਕ ਨਹੀਂ ਕੀਤਾ ਤਾਂ ਹੁਣ ਕਿਉਂ ਕਰੇਗੀ। ਉਹ ਅਟਲ ਬਿਹਾਰੀ ਵਾਜਪਾਈ ਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਕੇ ਕੰਮ ਕਰਵਾਉਂਦੇ ਰਹੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।