Captain Amarinder Singh Joins BJP :  ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਵੀ ਭਾਜਪਾ ਵਿੱਚ ਰਲੇਵਾਂ ਹੋ ਗਿਆ ਹੈ। ਉਹ ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਕਿਰਨ ਰਿਜਿਜੂ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਹੁਣ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵਿੱਚ ਕੌਮੀ ਮੀਤ ਪ੍ਰਧਾਨ ਜਾਂ ਕਿਸੇ ਸੂਬੇ ਦਾ ਰਾਜਪਾਲ ਬਣਾਇਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਜਾ ਸਕਦਾ ਹੈ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਾ ਹਾਂ। ਇਸ ਦੌਰਾਨ ਅਮਰਿੰਦਰ ਸਿੰਘ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਸਾਡੀ ਸੈਨਾ ਨੂੰ ਮਜ਼ਬੂਤ ​​ਨਹੀਂ ਕੀਤਾ ਗਿਆ। ਜਦ A. K. Antonyਰੱਖਿਆ ਮੰਤਰੀ ਸਨ ਤਾਂ ਰੱਖਿਆ ਸੌਦੇ ਨਹੀਂ ਹੋਏ।

ਕੀ ਕਿਹਾ ਅਮਰਿੰਦਰ ਸਿੰਘ ਨੇ ?

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਦਾ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਦੀਆਂ ਆਪਣੀਆਂ ਚੁਣੌਤੀਆਂ ਹਨ। ਪਾਕਿਸਤਾਨ ਨਾਲ ਲੱਗਦੀ ਸਰਹੱਦ ਹੈ, ਇਸ ਦੀਆਂ ਆਪਣੀਆਂ ਚੁਣੌਤੀਆਂ ਹਨ। ਇਸ ਬਾਰੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਲਗਾਤਾਰ ਚਰਚਾ ਕਰ ਰਿਹਾ ਸੀ ਅਤੇ ਹਾਲ ਹੀ 'ਚ ਡਰੋਨ ਦਾ ਖਤਰਾ ਵੀ ਵਧਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਨਸ਼ਿਆਂ ਦਾ ਜਾਲ ਵੀ ਫੈਲਿਆ ਹੈ।

ਕੇਂਦਰੀ ਮੰਤਰੀ ਨਰਿੰਦਰ ਤੋਮਰ ਨੇ ਕੀਤਾ ਸਵਾਗਤ  

ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਕੇਂਦਰੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਕੈਪਟਨ ਸਾਹਿਬ ਨੇ ਹਮੇਸ਼ਾ ਦੇਸ਼ ਨੂੰ ਸਿਖਰ 'ਤੇ ਰੱਖਿਆ ਹੈ। ਮੈਨੂੰ ਭਾਜਪਾ ਦੇ ਲੱਖਾਂ ਵਰਕਰਾਂ ਦੀ ਤਰਫੋਂ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਭਾਜਪਾ ਦੇ ਪਰਿਵਾਰ ਵਿੱਚ ਸਵਾਗਤ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਭਾਰਤੀ ਜਨਤਾ ਪਾਰਟੀ ਇੱਕ ਅਜਿਹੀ ਪਾਰਟੀ ਹੈ ,ਜਿਸ ਵਿੱਚ ਹਮੇਸ਼ਾ ਹੀ ਮਾਣ ਨਾਲ ਕਿਹਾ ਜਾਂਦਾ ਰਿਹਾ ਹੈ ਕਿ ਦੇਸ਼ ਪਹਿਲਾਂ ਅਤੇ ਪਾਰਟੀ ਦੂਜੇ ਨੰਬਰ 'ਤੇ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਇਸ ਸਿਧਾਂਤ ਨੂੰ ਆਪਣੇ ਜੀਵਨ ਵਿੱਚ ਅਪਣਾਇਆ ਹੈ। ਇਸੇ ਦਾ ਨਤੀਜਾ ਹੈ ਕਿ ਅੱਜ ਅਸੀਂ ਸਾਰੇ ਇਕੱਠੇ ਹਾਂ। ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਮਤਲਬ ਹੈ ਕਿ ਉਹ ਪੰਜਾਬ ਵਿੱਚ ਅਮਨ-ਸ਼ਾਂਤੀ ਦੇ ਹੱਕ ਵਿੱਚ ਹਨ। ਉਨ੍ਹਾਂ ਦੇ ਆਉਣ ਨਾਲ ਭਾਰਤੀ ਜਨਤਾ ਪਾਰਟੀ ਦੀ ਤਾਕਤ ਵਧੇਗੀ ਅਤੇ ਇਹ ਪੰਜਾਬ ਦੇ ਵਿਕਾਸ ਲਈ ਇੱਕ ਇਤਿਹਾਸਕ ਕਦਮ ਹੋਵੇਗਾ।

ਪਿਛਲੇ ਸਾਲ ਛੱਡੀ ਸੀ ਕਾਂਗਰਸ 

ਤੁਹਾਨੂੰ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਲਗਭਗ 9 ਸਾਲ ਤੱਕ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਪਿਛਲੇ ਸਾਲ ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫਾ ਦੇ ਕੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ (PLC) ਬਣਾਈ ਸੀ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਨੇ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜੀ ਸੀ। ਹਾਲਾਂਕਿ ਗਠਜੋੜ ਨੇ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕੀਤਾ। ਅਮਰਿੰਦਰ ਸਿੰਘ ਖੁਦ ਵੀ ਆਪਣੀ ਸੀਟ ਨਹੀਂ ਬਚਾ ਸਕੇ।