Big Breaking: BJP 'ਚ ਸ਼ਾਮਲ ਹੋ ਰਹੇ Captain Amarinder Singh
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਦਿੱਲੀ ਸਥਿਤ ਹੈੱਡਕੁਆਰਟਰ 'ਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ 'ਚ ਪਾਰਟੀ ਦੀ ਮੈਂਬਰਸ਼ਿਪ ਲੈਣਗੇ।
Big Breaking:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਮਨ ਬਣਾ ਲਿਆ ਹੈ। ਦਰਅਸਲ, ਕੈਪਟਨ ਅਮਰਿੰਦਰ ਸਿੰਘ ਆਪਣੀ ਨਵੀਂ ਪਾਰਟੀ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਕਰਨ ਜਾ ਰਹੇ ਹਨ। ਇਸ ਦਾ ਅਧਿਕਾਰਤ ਐਲਾਨ ਇਸ ਮਹੀਨੇ ਦੀ 19 ਤਰੀਕ ਨੂੰ ਕੀਤਾ ਜਾ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ ਕੈਪਟਨ ਅਮਰਿੰਦਰ ਸਿੰਘ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਲੈਣਗੇ।
ਵਿਧਾਨ ਸਭਾ ਚੋਣਾਂ ਵਿੱਚ ਮਿਲੀ ਸੀ ਹਾਰ
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਕੈਪਟਨ ਕਾਫੀ ਚਿੰਤਤ ਹਨ। ਇਸ ਲਈ ਉਨ੍ਹਾਂ ਨੇ ਹੁਣ ਭਾਜਪਾ ਨਾਲ ਜਾਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਦੇ ਨਾਲ ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਸਾਬਕਾ ਵਿਧਾਇਕ ਵੀ ਇਸੇ ਦਿਨ ਭਾਜਪਾ ਵਿੱਚ ਸ਼ਾਮਲ ਹੋਣਗੇ।
ਪੁੱਤਰ-ਧੀ ਵੀ ਹੋਣਗੇ ਸ਼ਾਮਲ
ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਅਤੇ ਪੋਤਰੇ ਨਿਰਵਾਣ ਸਿੰਘ ਦੇ ਵੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਨਾਲ ਸਬੰਧ ਬਹੁਤ ਡੂੰਘੇ ਹਨ ਅਤੇ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਹੀ ਇਸ ਬਾਰੇ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ।
ਖ਼ੁਦ ਦੀ ਸੀਟ ਵੀ ਨਹੀਂ ਬਚਾ ਸਕੇ ਸੀ ਕੈਪਟਨ
ਕਾਂਗਰਸ ਛੱਡ ਕੇ ਆਏ ਕੈਪਟਨ ਅਮਰਿੰਦਰ ਸਿੰਘ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਮੈਦਾਨ ਵਿੱਚ ਉਤਰੇ ਸਨ। ਉਨ੍ਹਾਂ ਦੀ ਪਾਰਟੀ ਦੇ ਕਈ ਉਮੀਦਵਾਰਾਂ ਨੇ ਚੋਣ ਲੜੀ ਸੀ। ਪਰ ਕੈਪਟਨ ਇਨ੍ਹਾਂ ਚੋਣਾਂ ਵਿੱਚ ਕੁਝ ਖ਼ਾਸ ਨਹੀਂ ਦਿਖਾ ਸਕੇ। ਉਹ ਆਪਣੀ ਪਟਿਆਲਾ ਸੀਟ ਵੀ ਆਮ ਆਦਮੀ ਪਾਰਟੀ ਦੇ ਅਜੀਤਪਾਲ ਸਿੰਘ ਕੋਹਲੀ ਤੋਂ ਹਾਰ ਗਏ ਸਨ। ਉਨ੍ਹਾਂ ਨੂੰ ਅਜੀਤਪਾਲ ਸਿੰਘ ਕੋਹਲੀ ਨੇ ਵੱਡੇ ਫਰਕ ਨਾਲ ਹਰਾਇਆ ਸੀ। ਕੈਪਟਨ ਨੂੰ 28007 ਵੋਟਾਂ ਮਿਲੀਆਂ। ਜਦਕਿ ਕੋਹਲੀ ਨੂੰ 47,704 ਵੋਟਾਂ ਮਿਲੀਆਂ।
ਪਤਨੀ ਅਜੇ ਵੀ ਕਾਂਗਰਸ ਤੋਂ ਲੋਕ ਸਭਾ ਮੈਂਬਰ
ਕੈਪਟਨ ਅਮਰਿੰਦਰ ਸਿੰਘ ਨੂੰ ਪਿਛਲੇ ਸਾਲ ਕਾਂਗਰਸ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ ਜਦੋਂ ਪੰਜਾਬ ਕਾਂਗਰਸ ਦੇ ਤਤਕਾਲੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਉਨ੍ਹਾਂ ਦੇ ਮਤਭੇਦ ਸਿਖਰ 'ਤੇ ਪਹੁੰਚ ਗਏ ਸਨ। ਦੱਸ ਦੇਈਏ ਕਿ ਉਨ੍ਹਾਂ ਦੀ ਪਤਨੀ ਅਜੇ ਵੀ ਕਾਂਗਰਸ ਦੀ ਸੰਸਦ ਮੈਂਬਰ ਹੈ ਅਤੇ ਉਨ੍ਹਾਂ ਨੇ ਪਾਰਟੀ ਤੋਂ ਅਸਤੀਫਾ ਨਹੀਂ ਦਿੱਤਾ ਹੈ।