Captain Amarinder Singh lashes out at Gandhi Family, also target Navjot Sidhu and Charanjit Singh Channi


Punjab Congress: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੀ ਹਾਰ ਲਈ ਗਾਂਧੀ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾਂ ਪੰਜਾਬ ਵਿੱਚ ਪਾਰਟੀ ਦੀ ਸਥਿਤੀ ਬਿਹਤਰ ਸੀ। ਹਾਲਾਂਕਿ ਕੈਪਟਨ ਨੇ ਕਾਂਗਰਸ ਛੱਡ ਕੇ ਪੰਜਾਬ ਲੋਕ ਕਾਂਗਰਸ ਬਣਾ ਲਈ ਹੈ।


ਕਾਂਗਰਸ ਵਰਕਿੰਗ ਕਮੇਟੀ ਵੱਲੋਂ ਪੰਜ ਸੂਬਿਆਂ ਵਿੱਚ ਪਾਰਟੀ ਦੀ ਹਾਰ ਦਾ ਜਾਇਜ਼ਾ ਲੈਣ ਤੋਂ ਇੱਕ ਦਿਨ ਬਾਅਦ, ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਨੂੰ ਆੜੇ ਹੱਥੀਂ ਲਿਆ। ਦੱਸ ਦਈਏ ਕਿ ਕੈਪਟਨ ਦੇ ਅਸਤੀਫੇ ਤੋਂ ਬਾਅਦ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਸੀ।


ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕਾਂਗਰਸ ਦੀ ਹਾਰ ਦਾ ਦੋਸ਼ ਉਨ੍ਹਾਂ 'ਤੇ ਮੜ੍ਹਨ ਦੀ ਕੋਸ਼ਿਸ਼ ਕਰਨ ਲਈ ਸੀਡਬਲਯੂਸੀ ਦੀ ਆਲੋਚਨਾ ਕੀਤੀ ਤੇ ਕਿਹਾ ਕਿ ਉਨ੍ਹਾਂ ਲਈ ਦੋਸ਼ ਲਗਾਉਣ ਦੀ ਬਜਾਏ ਆਪਣੀਆਂ ਗਲਤੀਆਂ ਨੂੰ ਸਵੀਕਾਰ ਕਰਨਾ ਬਿਹਤਰ ਹੋਵੇਗਾ। ਉਨ੍ਹਾਂ ਕਿਹਾ, "ਕਾਂਗਰਸ ਨਾ ਸਿਰਫ਼ ਪੰਜਾਬ ਵਿੱਚ ਸਗੋਂ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਨੀਪੁਰ ਵਿੱਚ ਵੀ ਹਾਰੀ ਹੈ ਤੇ ਪਾਰਟੀ ਦੀ ਸ਼ਰਮਨਾਕ ਹਾਰ ਲਈ ਸਿਰਫ਼ ਗਾਂਧੀ ਪਰਿਵਾਰ ਹੀ ਜ਼ਿੰਮੇਵਾਰ ਹੈ।"


ਸਿੱਧੂ 'ਤੇ ਸਾਧਿਆ ਨਿਸ਼ਾਨਾ


ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਪਾਰਟੀ ਅੰਦਰਲੇ ਕਈ ਸੀਨੀਅਰ ਆਗੂ ਨਵਜੋਤ ਸਿੱਧੂ ਦੇ ਪਾਰਟੀ ਵਿਰੋਧੀ ਬਿਆਨਾਂ ਨੂੰ ਪੰਜਾਬ ਕਾਂਗਰਸ 'ਚ ਕਲੇਸ਼ ਅਤੇ ਸੂਬੇ 'ਚ ਮਾੜੀ ਕਾਰਗੁਜ਼ਾਰੀ ਲਈ ਜ਼ਿੰਮੇਵਾਰ ਠਹਿਰਾ ਰਹੇ ਹਨ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਦਾ ਜ਼ਿਕਰ ਕਰਦਿਆਂ ਅਮਰਿੰਦਰ ਸਿੰਘ ਨੇ ਕਿਹਾ, "ਦੇਸ਼ ਭਰ ਦੇ ਲੋਕਾਂ ਦਾ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਤੋਂ ਵਿਸ਼ਵਾਸ ਉੱਠ ਗਿਆ ਹੈ।"


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹਾਰ ਦਾ ਅਸਲ ਕਾਰਨ ਪਹਿਲਾਂ ਪਾਰਟੀ ਹਾਈਕਮਾਂਡ ਦੇ ਪੱਖ ਵਿੱਚ ਰਹੀ ਅਤੇ ਫਿਰ ਨਵਜੋਤ ਸਿੱਧੂ ਵਰਗੇ ਲੋਕਾਂ ਨੂੰ ਨੱਥ ਪਾਉਣ ਵਿੱਚ ਨਾਕਾਮ ਰਹੀ, ਜੋ ਆਪਣੇ ਨਿੱਜੀ ਮੁਫ਼ਾਦਾਂ ਲਈ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨ ਵਿੱਚ ਲੱਗੇ ਹੋਏ ਸੀ।


ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਹੋਏ ਵਿਵਾਦ ਤੋਂ ਬਾਅਦ ਪਿਛਲੇ ਸਾਲ ਸਤੰਬਰ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਜਿਸ ਤੋਂ ਬਾਅਦ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖੜ੍ਹੀ ਤਾਂ ਹੋਈ ਪਰ ਇੱਕ ਵੀ ਸੀਟ ਜਿੱਤ ਨਹੀਂ ਸਕੀ ਇੱਥੋਂ ਤੱਕ ਕੀ ਕੈਪਟਨ ਆਪਣਾ ਗੜ੍ਹ ਵੀ ਆਪ ਦੀ ਸੁਨਾਮੀ ਤੋਂ ਬਚਾਅ ਨਹੀਂ ਸਕੇ।


ਇਹ ਵੀ ਪੜ੍ਹੋ: ਪੰਜਾਬ ਚੋਣਾਂ ਹਾਰਨ ਮਗਰੋਂ ਲਗਾਤਾਰ ਜਾਖੜ ਦੇ ਨਿਸ਼ਾਨੇ 'ਤੇ ਚੰਨੀ, ਭ੍ਰਿਸ਼ਟਾਚਾਰ ਦੇ ਦੋਸ਼ ਲਾ ਪੁੱਛੇ ਇਹ ਸਵਾਲ