Captain Amarinder Singh: ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਮੁੜ ਤੋਂ ਆਪਣੇ ਵਿਰੋਧੀਆਂ ਨੂੰ ਤੱਤੇ ਹੋਏ ਹਨ। ਅੰਮ੍ਰਿਤਸਰ ਵਿੱਚ ਸਮਾਗਮ ਰੱਖਿਆ ਗਿਆ ਸੀ ਜਿੱਥੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਸੂਬੇ ਵਿੱਚ ਸਿਰਫ਼ ਦੋ ਵਿਅਕਤੀਆਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਦੁਰਵਰਤੋਂ ਕੀਤੀ। 


ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜਾਂ ਵਿੱਚੋਂ ਦੋ ਇੱਕ ਪਰਿਵਾਰ ਦੇ ਸਨ, ਜਦੋਂ ਕਿ ਦੋ ਦੂਜੇ ਪਰਿਵਾਰ ਵਿੱਚੋਂ ਸਨ, ਜਿਨ੍ਹਾਂ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਦੌਲਤ ਲੁੱਟੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਰੁਕਾਵਟ ਆ ਰਹੀ ਹੈ।



ਮਨਪ੍ਰੀਤ ਬਾਦਲ 'ਤੇ ਵਿਅੰਗ
 
ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਆਖਿਆ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਖਜ਼ਾਨਾ ਖ਼ਾਲੀ’ ਦੀ ਬਿਆਨਬਾਜ਼ੀ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਨੂੰ ਖਤਰਾ ਪੈਦਾ ਹੋ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ।  ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਦੀ ਹੋਈ ਲੁੱਟ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ।


 
ਸੁਖਬੀਰ ਬਾਦਲ 'ਤੇ ਹਮਲਾ


ਬਾਦਲ ਪਰਿਵਾਰ ਵੱਲੋਂ ਨਿੱਜੀ ਫਾਇਦਿਆਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ ਵਿਲਾਸ ਹੋਟਲ ਦੀ ਉਸਾਰੀ ਲਈ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਪੱਖ ਪੂਰਨ ਲਈ ਨਿਯਮਾਂ ਵਿੱਚ ਬਦਲਾਅ ਕੀਤਾ।


 ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 2009 ਵਿੱਚ ਈਕੋ ਟੂਰਿਜ਼ਮ ਨੀਤੀ ਲਿਆਂਦੀ ਸੀ, ਜਿਸ ਦਾ ਉਦੇਸ਼ ਇਸ ਰਿਜ਼ੋਰਟ ਦੀ ਉਸਾਰੀ ਨੂੰ ਲਾਭ ਪਹੁੰਚਾਉਣਾ ਸੀ ਅਤੇ ਇਹ ਮੰਦਭਾਗਾ ਹੈ ਕਿ 108 ਕਰੋੜ ਰੁਪਏ ਮੁਆਫ਼ ਕਰ ਦਿੱਤੇ ਗਏ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ।


 ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਮੈਟਰੋ ਈਕੋ ਗ੍ਰੀਨ ਰਿਜ਼ੋਰਟ ਪਿੰਡ ਪੱਲਣਪੁਰ ਜਿਸ ਨੂੰ ਹੁਣ ਸੁੱਖ ਵਿਲਾਸ ਕਿਹਾ ਜਾਂਦਾ ਹੈ, ਸੂਬੇ ਲਈ ਅਸਲ ਵਿੱਚ ਦੁੱਖ ਵਿਲਾਸ ਹੈ ਕਿਉਂਕਿ ਇਹ ਪੰਜਾਬੀਆਂ ਦੇ ਖ਼ੂਨ ਨਾਲ ਉਸਾਰਿਆ ਗਿਆ ਹੈ।


 
ਕੈਪਟਨ ਅਮਰਿੰਦਰ ਸਿੰਘ ਦੀ ਵਾਰੀ 



ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਉਨ੍ਹਾਂ ਵਿਰੁੱਧ ਕਾਰਵਾਈ ਕਰ ਸਕਦੇ ਸਨ ਪਰ ਉਹ ਚੁੱਪ ਰਹੇ ਕਿਉਂਕਿ ਉਹ ਬਾਦਲਾਂ ਨਾਲ ਮਿਲੇ ਹੋਏ ਸਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਵੀ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਸੁੱਖ ਵਿਲਾਸ ਦੇ ਆਲੇ-ਦੁਆਲੇ ਆਪਣਾ ਮਹਿਲ ਉਸਾਰ ਲਿਆ, ਜਿਸ ਕਾਰਨ ਉਨ੍ਹਾਂ ਇਸ ਵਿਰੁੱਧ ਕਾਰਵਾਈ ਨਹੀਂ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਵੱਲੋਂ ਆਪਣੇ ਨਿੱਜੀ ਹਿੱਤਾਂ ਲਈ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ।


 


ਅਕਾਲੀ ਦਲ 'ਤੇ ਤੰਜ


ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਦਾ ਅਸਲੀ ਨਾਂ ਪਰਿਵਾਰ ਬਚਾਓ ਯਾਤਰਾ ਹੈ, ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।


 ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਜਜ਼ਬਾਤੀ ਤੌਰ 'ਤੇ ਠੇਸ ਪਹੁੰਚਾਈ ਹੈ ਅਤੇ ਸੂਬੇ ਅੰਦਰ ਕਈ ਤਰ੍ਹਾਂ ਦੇ ਮਾਫੀਆ ਦੀ ਸਰਪ੍ਰਸਤੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂੰ ਹਨ, ਜਿਸ ਕਾਰਨ ਹੁਣ ਉਨ੍ਹਾਂ ਦੀਆਂ ਨਾਟਕਬਾਜ਼ੀਆਂ ਨਹੀਂ ਚੱਲਣਗੀਆਂ ਕਿਉਂਕਿ ਪੰਜਾਬ ਉਨ੍ਹਾਂ ਦੇ ਏਜੰਡੇ 'ਤੇ ਕਦੇ ਨਹੀਂ ਸੀ।


 


ਕਾਂਗਰਸੀ ਤੇ ਅਕਾਲੀ ਲੀਡਰਾਂ 'ਤੇ ਸਵਾਲ 


ਮੁੱਖ ਮੰਤਰੀ ਨੇ ਅਕਾਲੀ ਆਗੂਆਂ ਹਰਸਿਮਰਤ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਆਗੂਆਂ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਨਵਜੋਤ ਸਿੱਧੂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਲਈ ਕਿਹਾ। ਉਨ੍ਹਾਂ ਆਖਿਆ ਕਿ ਇਹ ਕਾਨਵੈਂਟ ਦੇ ਪੜ੍ਹੇ-ਲਿਖੇ ਆਗੂ ਮਾਂ-ਬੋਲੀ ਦੀ ਘੱਟ ਜਾਣਕਾਰੀ ਕਾਰਨ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਨਹੀਂ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਇਨ੍ਹਾਂ ਆਗੂਆਂ ਨੂੰ ਪ੍ਰੀਖਿਆ ਦੇ ਜਵਾਬ ਵੀ ਦੇ ਦਿੱਤੇ ਜਾਣ ਤਾਂ ਵੀ ਉਨ੍ਹਾਂ ਨੂੰ ਸਹੀ ਲਿਖਣ ਲਈ ਸੰਘਰਸ਼ ਕਰਨਾ ਪਵੇਗਾ।