ਚੰਡੀਗੜ੍ਹ: ਪੰਜਾਬ 'ਚ ਕੋਵਿਡ-19 ਕੇਸਾਂ ਵਿਚ ਵਾਧੇ ਦੇ ਮੱਦੇਨਜ਼ਰ ਸੂਬੇ ਦੀਆਂ ਸਿਹਤ ਸਮਰੱਥਾਵਾਂ ਮਜ਼ਬੂਤ ਕਰਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ ਅਤੇ 140 ਟੈਕਨੀਸ਼ੀਅਨਾਂ ਦੀ ਫੌਰੀ ਭਰਤੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਵਿਚ ਮੈਡੀਕਲ ਕਾਲਜਾਂ ਦੇ ਪ੍ਰਵਾਨਿਤ/ਪ੍ਰਗਤੀ ਅਧੀਨ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਮੈਡੀਕਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਪੰਜਾਬ ਪਿੱਛੇ ਨਾ ਰਹੇ।
ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਓ ਕਾਨਫਰੰਸਿੰਗ ਮੀਟਿੰਗ ਦੌਰਾਨ ਇਸ ਮੁੱਦੇ ਨੂੰ ਉਠਾਇਆ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਛੇਤੀ ਹੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਵਿਚ ਨਾਗਰਿਕਾਂ ਨੂੰ ਕੋਵਿਡ ਬੈੱਡ ਮੁਹੱਈਆ ਕਰਵਾਉਣ ਲਈ ਮਿਲਟਰੀ ਹਸਪਤਾਲਾਂ ਅਤੇ ਪੀਜੀਆਈ ਸੈਟੇਲਾਈਟਾਂ ਸੈਂਟਰਾਂ ਨੂੰ ਹਦਾਇਤਾਂ ਦੇਣ ਦੀ ਮੰਗ ਕਰਨਗੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਉਦੇਸ਼ ਲਈ ਆਰਜੀ ਢਾਂਚੇ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਖਾਸ ਕਰਕੇ ਕੋਵਿਡ ਦੇ ਸੰਕਟ ਸਬੰਧੀ ਇਸ ਦਾ ਵਰਚੂਅਲੀ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਫੈਕਲਟੀ ਮੈਂਬਰਾਂ ਨੂੰ ਮੁੜ ਮਨੋਨੀਤ ਕਰਨ ਲਈ ਸਮਾਂਬੱਧ ਢੰਗ ਨਾਲ ਨਿਯਮਾਂ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਉਨ੍ਹਾਂ ਨੂੰ ਇਸ ਸਬੰਧੀ ਆਪਣੇ ਦੂਜੇ ਫੈਕਲਟੀ ਮੈਂਬਰਾਂ ਦੇ ਬਰਾਬਰ ਲਿਆਂਦਾ ਜਾ ਸਕੇ।
ਭਰਤੀ ਮੁਹਿੰਮ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਪ੍ਰਵਾਨਿਤ 900 ਅਸਾਮੀਆਂ ਚੋਂ ਪਹਿਲੇ ਪੜਾਅ ਵਿਚ ਨਰਸਾਂ ਦੀਆਂ ਸੇਵਾਵਾਂ ਹਾਸਲ ਕਰਨ ਲਈ 400 ਅਸਾਮੀਆਂ ਤੁਰੰਤ ਭਰੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਟੈਕਨੀਸ਼ੀਅਨਾਂ ਦੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਬਣਦੀ ਮਹੱਤਤਾ ਦੇਣੀ ਚਾਹੀਦੀ ਹੈ ਜੋ ਪਹਿਲਾਂ ਹੀ ਪੰਜਾਬ ਸਰਕਾਰ ਕੋਲ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੇ ਹਨ।
ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਨੇ ਮੁਹਾਲੀ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿਚ ਬਣਨ ਵਾਲੇ ਵੱਖ-ਵੱਖ ਹਸਪਤਾਲ ਅਤੇ ਮੈਡੀਕਲ ਕਾਲਜਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰੀ ਦੀ ਪ੍ਰਵਾਨਗੀ ਨਾਲ ਮਲੇਰਕੋਟਲਾ ਅਤੇ ਗੁਰਦਾਸਪੁਰ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੰਗਰੂਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਵੀ ਸ਼ੁਰੂ ਹੋ ਜਾਵੇਗਾ ਜਦਕਿ ਫਿਰੋਜ਼ਪੁਰ ਵਿਖੇ ਪੀਜੀਆਈ ਦੇ ਸੈਟੇਲਾਈਟ ਸੈਂਟਰ ਦੀ ਉਸਾਰੀ ਸ਼ੁਰੂ ਕੀਤੀ ਜਾ ਚੁੱਕੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੁਹਾਲੀ ਵਿਖੇ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ ਦੀ ਸਥਾਪਨਾ ਕਰਨ ਲਈ ਆਈਸੀਐਮਆਰ ਹਾਲ ਹੀ ਵਿਚ ਮਨਜੂਰੀ ਪ੍ਰਾਪਤ ਹੋਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904