ਰੱਖੜੀ ਦੇ ਤਿਉਹਾਰ ਤੇ ਪੰਜਾਬ 'ਚ ਮਠਿਆਈ ਦੀਆਂ ਦੁਕਾਨਾਂ ਨੂੰ ਛੋਟ, ਕੈਪਟਨ ਨੇ ਕੀਤਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਐਤਵਾਰ ਯਾਨੀ 2 ਅਗਸਤ ਨੂੰ ਪੰਜਾਬ ਵਿੱਚ ਹਲਵਾਈ (ਮਠਿਆਈ) ਦੀਆਂ ਦੁਕਾਨਾਂ ਖੋਲਣ ਦੀ ਇਜਾਜ਼ਤ ਹੋਵੇਗੀ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਐਤਵਾਰ ਯਾਨੀ 2 ਅਗਸਤ ਨੂੰ ਪੰਜਾਬ ਵਿੱਚ ਹਲਵਾਈ (ਮਠਿਆਈ) ਦੀਆਂ ਦੁਕਾਨਾਂ ਖੋਲਣ ਦੀ ਇਜਾਜ਼ਤ ਹੋਵੇਗੀ।ਕੋਵਿਡ ਦੇ ਸੰਕਟ ਕਾਰਨ ਐਤਵਾਰ ਦੇ ਲੌਕਡਾਊਨ ਕਰਕੇ ਸੂਬੇ ਵਿੱਚ ਦੁਕਾਨਾਂ ਖੋਲਣ ਦੀ ਇਜਾਜ਼ਤ ਨਹੀਂ ਹੈ। ਪਰ ਸੂਬਾ ਸਰਕਾਰ ਨੂੰ ਕਈ ਅਪੀਲਾਂ ਪ੍ਰਾਪਤ ਹੋਈਆਂ ਹਨ ਕਿ ਰੱਖੜੀ ਦੇ ਤਿਉਹਾਰ ਜੋ ਇਸ ਸਾਲ 3 ਅਗਸਤ ਨੂੰ ਹੈ, ਦੀ ਪੂਰਵ ਸੰਧਿਆ ’ਤੇ ਹਲਵਾਈ ਦੀਆਂ ਦੁਕਾਨਾਂ ਖੋਲਣ ਦੀ ਆਗਿਆ ਦਿੱਤੀ ਜਾਵੇ।
#AskCaptain ਪ੍ਰੋਗਰਾਮ ਦੇ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਇਸ ਅਪੀਲ ਨੂੰ ਪ੍ਰਵਾਨ ਕਰਨ ਦਾ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਲੋਕਾਂ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਬਾਕੀ ਦਿਨਾਂ ਵਾਂਗ 2 ਤੇ 3 ਅਗਸਤ ਨੂੰ ਸਮਾਜਿਕ ਦੂਰੀ ਅਤੇ ਹੋਰ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ।






















