ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।ਕੈਪਟਨ ਨੇ ਆਪਣਾ ਸੱਤ ਪੰਨਿਆਂ ਦਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।ਇਸ ਦੇ ਨਾਲ ਹੀ ਕੈਪਟਨ ਨੇ ਆਪਣੀ ਪਾਰਟੀ ਦਾ ਵੀ ਐਲਾਨ ਕਰ ਦਿੱਤਾ ਹੈ।ਇਸ ਪਾਰਟੀ ਦਾ ਨਾਮ ਪੰਜਾਬ ਲੋਕ ਕਾਂਗਰਸ ਹੋਏਗਾ।


ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਆਪਣੇ 7 ਪੰਨਿਆਂ ਦੇ ਅਸਤੀਫ਼ੇ ਪੱਤਰ ਵਿੱਚ ਉਨ੍ਹਾਂ ਨੇ ਆਪਣੇ ਪੂਰੇ ਸਿਆਸੀ ਸਫ਼ਰ ਦਾ ਜ਼ਿਕਰ ਕੀਤਾ ਹੈ। ਅਮਰਿੰਦਰ ਨੇ ਕਾਂਗਰਸ ਹਾਈਕਮਾਂਡ ਦੇ ਨਾਲ-ਨਾਲ ਨਵਜੋਤ ਸਿੱਧੂ 'ਤੇ ਵੀ ਸਵਾਲ ਚੁੱਕੇ ਹਨ।


ਅਮਰਿੰਦਰ ਨੇ 18 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਹੀ ਉਨ੍ਹਾਂ ਨੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਸੀ। ਮੰਗਲਵਾਰ ਨੂੰ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦਾ ਐਲਾਨ ਕੀਤਾ ਹੈ। ਅਮਰਿੰਦਰ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜਨਗੇ। ਇਸ ਦੇ ਲਈ ਪਹਿਲਾਂ ਕਿਸਾਨ ਅੰਦੋਲਨ ਦਾ ਹੱਲ ਲੱਭਿਆ ਜਾਵੇਗਾ। ਉਸ ਤੋਂ ਬਾਅਦ ਭਾਜਪਾ ਅਤੇ ਅਕਾਲੀ ਦਲ ਦੇ ਬਾਗੀ ਆਗੂ ਗਠਜੋੜ ਕਰਨਗੇ। ਹਾਲਾਂਕਿ ਕਾਂਗਰਸ ਨੇ ਕੈਪਟਨ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਨਹੀਂ ਮੰਨੇ।


ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ 'ਤੇ ਵੀ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੇਰੇ ਅਤੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਦੇ ਵਿਰੋਧ ਦੇ ਬਾਵਜੂਦ ਸਿੱਧੂ ਨੂੰ ਜ਼ਿੰਮੇਵਾਰੀ ਸੌਂਪੀ ਗਈ। ਸਿੱਧੂ ਨੂੰ ਪਾਕਿਸਤਾਨ ਪੱਖੀ ਦੱਸਦੇ ਹੋਏ ਕਿਹਾ ਕਿ ਉਹ ਪਾਕਿਸਤਾਨ ਦੇ ਆਰਮੀ ਚੀਫ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਜਨਤਕ ਤੌਰ 'ਤੇ ਜੱਫੀ ਪਾਉਂਦੇ ਹਨ। ਇਹ ਦੋਵੇਂ ਭਾਰਤ ਵਿੱਚ ਅੱਤਵਾਦ ਫੈਲਾਉਣ ਲਈ ਜ਼ਿੰਮੇਵਾਰ ਹਨ।