ਚੰਡੀਗੜ੍ਹ: ਮਹੀਨਾ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਅਗਲੀ ਰਣਨੀਤੀ ਸਾਹਮਣੇ ਆ ਗਈ ਹੈ। ਕੈਪਟਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ 'ਚ ਨਵੀਂ ਪਾਰਟੀ ਬਣਾਉਣਗੇ। ਇਸ ਰਾਹੀਂ ਉਹ 4 ਮਹੀਨਿਆਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ। ਚੋਣਾਂ ਤੋਂ ਪਹਿਲਾਂ ਭਾਜਪਾ ਨਾਲ ਗਠਜੋੜ ਹੋਵੇਗਾ। ਇਸ ਲਈ ਤੈਅ ਹੈ ਕਿ ਕੈਪਟਨ ਹੁਣ ਪੰਜਾਬ ਵਿੱਚ ਬੀਜੇਪੀ ਦਾ ਸਹਾਰਾ ਬਣਨਗੇ। ਇਸ ਲਈ ਉਹ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਲੀਡਰਾਂ ਨਾਲ ਵੀ ਹੱਥ ਮਿਲਾਉਣਗੇ।
ਕੈਪਟਨ ਨੇ ਖੁਦ ਸਪਸ਼ਟ ਕੀਤਾ ਹੈ ਕਿ ਇਸ ਗਠਜੋੜ 'ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਧੜੇ ਵੀ ਸ਼ਾਮਲ ਹੋਣਗੇ। ਹਾਲਾਂਕਿ ਇਸ ਤੋਂ ਪਹਿਲਾਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਸਹੀ ਹੱਲ ਲੱਭਣਾ ਜ਼ਰੂਰੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਬੀਜੇਪੀ ਵੱਲੋਂ ਇਹ ਰਣਨੀਤੀ ਪਹਿਲਾਂ ਹੀ ਘੜੀ ਜਾ ਚੁੱਕੀ ਸੀ। ਸਿਰਫ ਕੈਪਟਨ ਦੀ ਹਾਂ ਉਡੀਕੀ ਜਾ ਰਹੀ ਸੀ। ਹੁਣ ਕੈਪਟਨ ਤੇ ਬੀਜੇਪੀ ਵਿਚਾਲੇ ਸਭ ਕੁਝ ਤੈਅ ਹੋ ਗਿਆ ਹੈ।
ਦਰਅਸਲ ਕੈਪਟਨ ਅਮਰਿੰਦਰ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਨੂੰ ਹੀ ਹਥਿਆਰ ਬਣਾ ਕੇ ਸਿਆਸਤ ਵਿੱਚ ਨਵੇਂ ਸਿਰਿਓਂ ਉੱਤਰਣ ਦਾ ਦਾਅ ਖੇਡਿਆ ਜਾ ਰਿਹਾ ਹੈ। ਕੈਪਟਨ ਨੇ ਇੱਕ ਇੰਟਰਵਿਊ 'ਚ ਸੰਕੇਤ ਦਿੱਤਾ ਕਿ ਦਿੱਲੀ 'ਚ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰ 'ਚ ਚੱਲ ਰਿਹਾ ਕਿਸਾਨੀ ਅੰਦੋਲਨ ਛੇਤੀ ਹੀ ਕਿਸੇ ਨਤੀਜੇ ਵੱਲ ਵਧ ਸਕਦਾ ਹੈ। ਇਸ 'ਚ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰੇਗੀ। ਉਨ੍ਹਾਂ ਕਿਹਾ ਕਿ ਉਹ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ਦੇ ਹੱਲ ਹੋਣ ਤੋਂ ਬਾਅਦ ਹੀ ਭਾਜਪਾ ਨਾਲ ਗੱਠਜੋੜ ਕਰਨਗੇ।
ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਫ਼ੋਕਸ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਪੰਜਾਬ 'ਚ ਸਰਕਾਰ ਬਣਾਉਣ 'ਤੇ ਰਹੇਗਾ। ਭਾਜਪਾ ਨਾਲ ਕਿਸੇ ਵੀ ਵਿਚਾਰਧਾਰਕ ਸਮੱਸਿਆ ਦੇ ਮਸਲੇ 'ਤੇ ਅਮਰਿੰਦਰ ਨੇ ਕਿਹਾ ਕਿ ਉਹ ਪੰਜਾਬ ਦੇ ਨਾਲ ਖੜ੍ਹੇ ਹਨ। ਉਨ੍ਹਾਂ ਲਈ ਪੰਜਾਬ ਦੇ ਹਿੱਤ ਸਭ ਤੋਂ ਉੱਪਰ ਹਨ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਕੈਪਟਨ ਨੇ ਸਿਆਸਤ 'ਚ ਆਪਣੀ ਯੋਜਨਾਬੰਦੀ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। 18 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਛੱਡਣ ਤੇ ਭਾਜਪਾ 'ਚ ਸ਼ਾਮਲ ਨਾ ਹੋਣ ਦੀ ਗੱਲ ਆਖੀ ਸੀ।
ਹੁਣ ਬੀਜੇਪੀ ਪ੍ਰਤੀ ਕੈਪਟਨ ਦੀ ਭਾਸ਼ਾ ਵੀ ਬਦਲ ਗਈ ਹੈ। ਕੈਪਟਨ ਨੇ ਕਿਹਾ ਕਿ ਭਾਜਪਾ ਫਿਰਕੂ ਪਾਰਟੀ ਨਹੀਂ ਹੈ। ਉਨ੍ਹਾਂ ਨੇ ਭਾਜਪਾ ਦੇ ਮੁਸਲਿਮ ਵਿਰੋਧੀ ਹੋਣ ਨੂੰ ਵੀ ਗਲਤ ਕਰਾਰ ਦਿੱਤਾ। ਅਮਰਿੰਦਰ ਨੇ ਕਿਹਾ ਕਿ ਕਿਸਾਨ ਅੰਦੋਲਨ ਤੋਂ ਪਹਿਲਾਂ ਪੰਜਾਬ 'ਚ ਮੋਦੀ ਸਰਕਾਰ ਦਾ ਕੋਈ ਵਿਰੋਧ ਨਹੀਂ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਦੱਸ ਦਈਏ ਕਿ ਕੈਪਟਨ ਸ਼ੁਰੂ ਤੋਂ ਹੀ ਖਾਲਿਸਤਾਨ ਪੱਖੀਆਂ ਦੀਆਂ ਸਰਗਰਮੀਆਂ ਨੂੰ ਵੀ ਵੱਡਾ ਮੁੱਦਾ ਬਣਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਤੇ ਖ਼ਾਲਿਸਤਾਨੀ ਅੱਤਵਾਦੀ ਸਲੀਪਰ ਸੈੱਲਾਂ ਰਾਹੀਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਪਿਛਲੇ 3 ਸਾਲਾਂ ਤੋਂ ਮੁੱਖ ਮੰਤਰੀ ਵਜੋਂ ਇਹ ਮੁੱਦਾ ਚੁੱਕਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ 'ਚ ਡਰੋਨਾਂ ਰਾਹੀਂ ਸਰਹੱਦ ਪਾਰੋਂ ਹਥਿਆਰ, ਨਸ਼ੇ ਤੇ ਪੈਸੇ ਭੇਜਣ ਦਾ ਮੁੱਦਾ ਚਿੰਤਾਜਨਕ ਹੈ। ਪੰਜਾਬ ਦਾ 600 ਕਿਲੋਮੀਟਰ ਲੰਬਾ ਖੇਤਰ ਕੌਮਾਂਤਰੀ ਸਰਹੱਦ ਦੇ ਨਾਲ ਲੱਗਿਆ ਹੋਇਆ ਹੈ। ਇਸ ਬਾਰੇ ਕੁਝ ਸਾਜ਼ਿਸ਼ ਰਚੀ ਜਾ ਰਹੀ ਹੈ, ਜਿਸ ਬਾਰੇ ਹਾਲੇ ਪਤਾ ਨਹੀਂ ਹੈ। ਇਸੇ ਚਿੰਤਾ ਕਾਰਨ ਉਨ੍ਹਾਂ ਨੇ ਹਾਲ ਹੀ 'ਚ ਦਿੱਲੀ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ ਸੀ।