ਮੋਬਾਇਲ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕੈਪਟਨ ਨੇ ਕੀਤਾ ਖ਼ਬਰਦਾਰ, ਪੁਲਿਸ ਕਾਰਵਾਈ ਦੇ ਹੁਕਮ
ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਿਸੇ ਵੀ ਨਿੱਜੀ ਜਾਂ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਬਰਦਾਸ਼ਤ ਨਹੀਂ ਕਰਨਗੇ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਮੋਬਾਇਲ ਟਾਵਰਾਂ ਦੀ ਭੰਨਤੋੜ ਅਤੇ ਦੂਰ ਸੰਚਾਰ ਸੇਵਾਵਾਂ ਦੇ ਵਿਘਨ ਵਿਰੁੱਧ ਸਖਤ ਚੇਤਾਵਨੀ ਜਾਰੀ ਕਰਦਿਆਂ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ ਪੁਲਿਸ ਨੂੰ ਸਖਤ ਕਾਰਵਾਈ ਕਰਨ ਲਈ ਕਿਹਾ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਿਸੇ ਵੀ ਨਿੱਜੀ ਜਾਂ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਬਰਦਾਸ਼ਤ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਰੁਖ ਨੂੰ ਸਖ਼ਤ ਕਰਨ ਲਈ ਮਜਬੂਰ ਸਨ ਕਿਉਂਕਿ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਉਨ੍ਹਾਂ ਦੀਆਂ ਵਾਰ-ਵਾਰ ਅਪੀਲ ਕੀਤੇ ਜਾਣ ਦੀ ਅਣਦੇਖੀ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਿਸੇ ਵੀ ਕੀਮਤ ‘ਤੇ ਪੰਜਾਬ ਨੂੰ ਅਰਾਜਕਤਾ ਵਿੱਚ ਪੈਣ ਨਹੀਂ ਦੇਣਗੇ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਇਸ਼ਾਰਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਸੂਬੇ 'ਚ ਸ਼ਾਤਮਈ ਪ੍ਰਦਰਸ਼ਨਾਂ ’ਤੇ ਇਤਰਾਜ਼ ਨਹੀਂ ਕੀਤਾ ਸੀ ਪਰ ਜਾਇਦਾਦ ਨੂੰ ਨੁਕਸਾਨ ਅਤੇ ਨਾਗਰਿਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਦੀ ਚੇਤਾਵਨੀ ਉਸ ਵੇਲੇ ਆਈ ਹੈ ਜਦੋਂ ਸੂਬੇ ਵਿੱਚ ਪ੍ਰਭਾਵਿਤ ਮੋਬਾਇਲ ਟਾਵਰਾਂ ਦੀ ਗਿਣਤੀ 1,561 ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਸਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਜਿਹੀਆਂ ਵਿਨਾਸ਼ਕਾਰੀ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੂਰਸੰਚਾਰ ਸੇਵਾਵਾਂ ਦੇ ਵਿਘਨ ਨਾਲ ਰਾਜ ਵਿੱਚ ਸੰਚਾਰ ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ। ਜਿਸ ਨਾਲ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ