ਬੀਐਸਐਫ ਦੇ ਅਧਿਕਾਰ ਖੇਤਰ ਖਿਲਾਫ ਮਤੇ 'ਤੇ ਕੈਪਟਨ ਅਮਰਿੰਦਰ ਦਾ ਵੱਖਰਾ ਸਟੈਂਡ, ਕਹਿ ਦਿੱਤੀ ਵੱਡੀ ਗੱਲ
ਅੱਜ ਪੰਜਾਬ ਵਿਧਾਨ ਸਭਾ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਖਿਲਾਫ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ ਜਿਸ ਨੂੰ ਸਾਰੀਆਂ ਪਾਰਟੀਆਂ ਨੇ ਹਮਾਇਤ ਦਿੱਤੀ ਹੈ।
ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਖਿਲਾਫ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ ਜਿਸ ਨੂੰ ਸਾਰੀਆਂ ਪਾਰਟੀਆਂ ਨੇ ਹਮਾਇਤ ਦਿੱਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਵੱਖਰਾ ਸਟੈਂਡ ਲਿਆ ਹੈ।
ਉਨ੍ਹਾਂ ਟਵੀਟ ਕੀਤਾ ਕਿ ਇਹ ਕੌਮੀ ਸੁਰੱਖਿਆ ਦਾ ਮਾਮਲਾ ਹੈ ਤੇ ਇਸ ’ਤੇ ਸਿਆਸਤ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣਾ ਦੇਸ਼ ਦੇ ਸੰਘੀ ਢਾਂਚੇ ਦੀ ਉਲੰਘਣਾ ਨਹੀਂ ਤੇ ਪੰਜਾਬ ਪੁਲੀਸ ਵਾਂਗ ਹੀ ਬੀਐਸਐਫ ਵੀ ਸਾਡੀ ਆਪਣੀ ਫੋਰਸ ਹੈ। ਬਦਕਿਸਮਤੀ ਹੈ ਕਿ ਇਸ ਮਾਮਲੇ ’ਤੇ ਸਿਆਸਤ ਕਰਨ ਵਾਲੇ ਕਾਨੂੰਨ ਵਿਵਸਥਾ ਅਤੇ ਕੌਮੀ ਸੁਰੱਖਿਆ ਵਿਚਲੇ ਫ਼ਰਕ ਨਹੀਂ ਸਮਝ ਰਹੇ।
Unfortunately people playing up the issue are unable to make out the difference between law & order and national security. BSF like Punjab Police is our own force and not an external or foreign army coming to occupy our land.
— Capt.Amarinder Singh (@capt_amarinder) November 11, 2021
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਅੱਜ ਸ਼ੁਰੂ ਹੋ ਗਈ ਹੈ। ਉਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਦਾ ਮਤਾ ਪੇਸ਼ ਕੀਤਾ ਹੈ।
ਮਤੇ ਵਿੱਚ ਕੀ ਕਿਹਾ-
ਮਤੇ ਵਿੱਚ ਕਿਹਾ ਗਿਆ ਹੈ ਕਿ "ਪੰਜਾਬ ਸ਼ਹੀਦਾਂ ਤੇ ਸੂਰਬੀਰਾਂ ਦੀ ਧਰਤੀ ਹੈ। ਦੇਸ਼ ਦੀ ਅਜ਼ਾਦੀ ਦੀ ਜੰਗ ਵਿੱਚ ਤੇ ਉਸ ਤੋਂ ਬਾਅਦ 1962, 1965, 1971 ਤੇ 1999 ਦੀਆਂ ਜੰਗਾਂ ਵਿੱਚ ਪੰਜਾਬੀਆਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਦੇਸ਼ ਵਿੱਚ ਸਭ ਤੋਂ ਵੱਧ "Gallantry Awards" ਪੰਜਾਬੀਆਂ ਨੂੰ ਮਿਲੇ ਹਨ। ਪੰਜਾਬ ਪੁਲਿਸ ਦੁਨੀਆਂ ਵਿੱਚ ਅਜਿਹੀ ਬੇਮਿਸਾਲ ਦੇਸ਼ ਭਗਤ ਪੁਲਿਸ ਫੋਰਸ ਹੈ ਜਿਸ ਨੇ ਹਮੇਸ਼ਾ ਸਾਹਸ ਅਤੇ ਹੌਸਲੇ ਨਾਲ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣਾ ਯੋਗਦਾਨ ਪਾਇਆ ਹੈ। ਭਾਰਤ ਦੇ ਸੰਵਿਧਾਨ ਅਨੁਸਾਰ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਤੇ ਪੰਜਾਬ ਸਰਕਾਰ ਇਸ ਮੰਤਵ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਪੰਜਾਬ ਦੇ ਲੋਕਾਂ ਤੇ ਪੰਜਾਬ ਦੀ ਪੁਲਿਸ ਉਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ। ਇਹ ਉਨ੍ਹਾਂ ਦਾ ਅਪਮਾਨ ਵੀ ਹੈ। ਕੇਂਦਰ ਸਰਕਾਰ ਨੂੰ ਐਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਸੀ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਮਜ਼ਬੂਤ ਹੈ ਤੇ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੀ ਕੋਈ ਲੋੜ ਨਹੀਂ ਹੈ। ਇਹ ਭਾਰਤੀ ਸੰਵਿਧਾਨ ਦੇ ਸੰਘੀ ਢਾਂਚੇ ਦੀ ਭਾਵਨਾ ਦੀ ਘੋਰ ਉਲੰਘਣਾ ਹੈ। BSF ਦਾ ਅਧਿਕਾਰ ਖੇਤਰ ਵਧਾਉਣਾ ਇੱਕ ਸੌੜੀ ਰਾਜਨੀਤੀ ਹੈ।
ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਸਰਬ-ਸੰਮਤੀ ਨਾਲ ਕੇਂਦਰ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਮਿਤੀ 11-10-2021 ਨੂੰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲਵੇ। ਇਸ ਲਈ, ਪੰਜਾਬ ਵਿਧਾਨ ਸਭਾ ਵੱਲੋਂ ਸਰਬ-ਸੰਮਤੀ ਨਾਲ ਇਸ ਸਬੰਧੀ ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ।"