ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੂੰ ਰਸਮੀ ਤੌਰ 'ਤੇ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਨੇ ਇਹ ਅਸਤੀਫਾ ਪਹਿਲਾਂ 11 ਨਵੰਬਰ ਨੂੰ ਈਮੇਲ ਜ਼ਰੀਏ ਭੇਜਿਆ ਸੀ।
ਕੈਪਟਨ ਅਮਰਿੰਦਰ ਦੁਪਹਿਰ ਵੇਲੇ ਸਪੀਕਰ ਨੂੰ ਸੰਸਦ 'ਚ ਸਥਿਤ ਉਨ੍ਹਾਂ ਦੇ ਦਫਤਰ 'ਚ ਮਿਲੇ ਤੇ ਉਨ੍ਹਾਂ ਨੂੰ ਤੈਅ ਪਰਫਾਰਮੇ ਹੇਠ 16ਵੀਂ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਨੇ ਸਪੀਕਰ ਨੂੰ ਜੁਬਾਨੀ ਤੌਰ 'ਤੇ ਦੱਸ ਦਿੱਤਾ ਕਿ ਉਨ੍ਹਾਂ ਨੇ ਐਸ.ਵਾਈ.ਐਲ. ਮੁੱਦੇ 'ਤੇ ਆਪਣਾ ਅਸਤੀਫਾ ਦਿੱਤਾ ਹੈ।
ਉਨ੍ਹਾਂ ਨੇ ਸਪੀਕਰ ਨੂੰ ਦੱਸਿਆ ਕਿ ਉਨ੍ਹਾਂ ਨੇ ਐਸ.ਵਾਈ.ਐਲ. ਮੁੱਦੇ 'ਤੇ ਸੁਪਰੀਮ ਕੋਰਟ ਦੇ ਫੈਸਲੇ ਕਾਰਨ ਪੰਜਾਬ ਦੇ ਲੋਕਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਲੋਕ ਸਭਾ ਦੀ ਮੈਂਬਰਸ਼ਿਪ ਛੱਡਣ ਦਾ ਫੈਸਲਾ ਲਿਆ, ਜਿਨ੍ਹਾਂ 'ਤੇ ਅਦਾਲਤ ਦੇ ਫੈਸਲੇ ਦਾ ਬਹੁਤ ਗੰਭੀਰ ਪ੍ਰਭਾਵ ਪਿਆ ਹੈ। ਕੈਪਟਨ ਅਮਰਿੰਦਰ ਦਾ ਅਸਤੀਫਾ 11 ਨਵੰਬਰ, 2016 ਤੋਂ ਵੈਲਿਡ ਹੈ, ਜਿਸ ਤਰੀਖ ਨੂੰ ਉਨ੍ਹਾਂ ਨੇ ਸਪੀਕਰ ਨੂੰ ਈਮੇਲ ਭੇਜੀ ਸੀ। ਪੰਜਾਬ ਕਾਂਗਰਸ ਪ੍ਰਧਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਕੁਝ ਮਿੰਟਾਂ ਬਾਅਦ ਹੀ ਅਸਤੀਫਾ ਦੇ ਦਿੱਤਾ ਸੀ, ਜਦਕਿ ਪਾਰਟੀ ਵਿਧਾਇਕਾਂ ਨੇ ਉਕਤ ਮੁੱਦੇ 'ਤੇ ਸਾਂਝੇ ਤੌਰ 'ਤੇ ਆਪਣੀਆਂ ਵਿਧਾਨ ਸਭਾ ਸੀਟਾਂ ਤੋਂ ਅਸਤੀਫਾ ਦੇ ਦਿੱਤਾ ਸੀ।
ਕਾਬਲੇਗੌਰ ਹੈ ਕਿ ਸੁਪਰੀਮ ਕੋਰਟ ਨੇ ਕੈਪਟਨ ਸਰਕਾਰ ਵੱਲੋਂ ਪਾਣੀਆਂ ਦੇ ਸਮਝੌਤੇ ਰੱਦ ਕਰਨ ਦੇ ਕਾਨੂੰਨ ਨੂੰ ਸੰਵਿਧਾਨਕ ਤੌਰ 'ਤੇ ਗਲਤ ਦੱਸਿਆ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਐਸ.ਵਾਈ.ਐਲ. ਦੀ ਉਸਾਰੀ ਕਰਨ ਲਈ ਕਿਹਾ ਹੈ। ਇਸ ਵਿਰੁੱਧ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨੇ ਵੀ ਅਸਤੀਫੇ ਦੇ ਦਿੱਤੇ ਹਨ।
ਇਸ ਮੌਕੇ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਵਿੱਚ ਆਉਣ ਬਾਰੇ ਰਿਪੋਰਟਾਂ 'ਤੇ ਕੈਪਟਨ ਨੇ ਕਿਹਾ ਕਿ ਉਹ ਨਹੀਂ ਜਾਣਦੇ ਕਿ ਸਿੱਧੂ ਦੀ ਰਾਹੁਲ ਗਾਂਧੀ ਨਾਲ ਕੋਈ ਮੀਟਿੰਗ ਹੋਈ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਕਾਂਗਰਸ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ।