ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਨੂੰ ਮੋਦੀ ਸਰਕਾਰ ਦੇ ਨੋਟਬੰਦੀ ਬਾਰੇ ਕਦਮ 'ਤੇ ਰਾਏਸ਼ੁਮਾਰੀ ਬਣਨ ਦਿੱਤਾ ਜਾਵੇ।

ਜੇਤਲੀ 2014 ਵਿੱਚ ਅੰਮ੍ਰਿਤਸਰ ਸੰਸਦੀ ਖੇਤਰ ਤੋਂ ਕੈਪਟਨ ਤੋਂ ਵੱਡੇ ਫਰਕ ਨਾਲ ਹਾਰ ਗਏ ਸਨ। ਕੈਪਟਨ ਨੇ ਐਸ.ਵਾਈ.ਐਲ. ਮੁੱਦੇ 'ਤੇ ਲੋਕ ਸਭ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਇਸ ਸੀਟ ਤੋਂ ਮੁੜ ਚੋਣ ਹੋਏਗੀ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਵੱਲੋਂ ਨਵਜੋਤ ਸਿੰਘ ਸਿੱਧੂ ਮੈਦਾਨ ਵਿੱਚ ਉੱਤਰਣਗੇ।

ਕੈਪਟਨ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਤਿੰਨ ਦਸਬੰਰ ਨੂੰ ਫਾਈਨਲ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਜਿੱਤਣ ਵਾਲੇ ਉਮੀਦਵਾਰਾਂ ਨੂੰ ਹੀ ਟਿਕਟਾਂ ਲਈ ਤਰਜੀਹ ਦਿੱਤੀ ਜਾਏਗੀ।