ਲੰਡਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਤੋਂ ਆਪਣੀ ਸਰਕਾਰ ਦੇ ਪ੍ਰੋਗਰਾਮ ਦਾ ਆਰੰਭ ਕਰਦਿਆਂ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਆਲਮੀ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਆਖਿਆ ਕਿ ਇਹ ਪ੍ਰੋਗਰਾਮ ਦੂਜੇ ਮੁਲਕਾਂ ਵਿੱਚ ਰਹਿ ਰਹੇ ਭਾਰਤੀ ਮੂਲ ਦੇ ਨੌਜਵਾਨਾਂ ਨੂੰ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਬਾਰੇ ਜਾਣੂ ਕਰਵਾੳਣ ਦੇ ਨਾਲ-ਨਾਲ ਉਨ੍ਹਾਂ ਨੂੰ ਖਾਲਿਸਤਾਨੀਆਂ ਦੇ ਝੂਠੇ ਪ੍ਰਚਾਰ ਤੋਂ ਦੂਰ ਰੱਖਣ ਵਿੱਚ ਸਹਾਈ ਹੋਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਭਾਰਤ ਤੋਂ ਬਾਹਰੀ ਮੁਲਕਾਂ ਵਿੱਚ ਜੰਮੀ-ਪਲੀ ਤੀਜੀ ਤੇ ਚੌਥੀ ਪੀੜੀ ਦੇ ਨੌਜਵਾਨਾਂ ਨੂੰ ਝੂਠੇ ਪ੍ਰਚਾਰ ਰਾਹੀਂ ਗੁੰਮਰਾਹ ਕੀਤਾ ਜਾ ਰਿਹਾ ਹੈ ਜੋ ਖਾਲਿਸਤਾਨੀ ਲਹਿਰ ਦੀ ਪ੍ਰੋੜਤਾ ਕਰਦਾ ਹੈ। ਉਨ੍ਹਾਂ ਆਖਿਆ ਕਿ ਇਸ ਉਪਰਾਲੇ ਦਾ ਉਦੇਸ਼ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀ ਸੱਚੀ ਤਸਵੀਰ ਦਿਖਾਉਣਾ ਹੈ।

ਮੁੱਖ ਮੰਤਰੀ ਨੇ ਇਨ੍ਹਾਂ ਨੌਜਵਾਨਾਂ ਨੂੰ ਖੁੱਲੇ ਮਾਹੌਲ ਵਿੱਚ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਨੂੰ ਸਮਝਣ ਤੇ ਆਪਣੀ ਪਛਾਣ ਨੂੰ ਮੁੜ ਲੱਭਣ ਲਈ ਸ਼ੁਰੂ ਕੀਤੀ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ 16 ਤੋਂ 22 ਸਾਲ ਦੀ ਉਮਰ ਦੇ ਮੁੰਡੇ ਤੇ ਕੁੜੀਆਂ ਖਾਸਕਰ ਕਦੀ ਵੀ ਭਾਰਤ ਨਾ ਆਉਣ ਵਾਲੇ ਨੌਜਵਾਨਾਂ ਨੂੰ ਸਰਕਾਰ ਵੱਲੋਂ ਸ਼ੁਰੂ ਕੀਤੇ ਦੋ ਹਫਤਿਆਂ ਦੇ ਪ੍ਰੋਗਰਾਮ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦਾ ਵੀ ਸੱਦਾ ਦਿੱਤਾ ਜੋ ਉਨ੍ਹਾਂ ਨੂੰ ਆਪਣੀਆਂ ਜੜਾਂ ਨਾਲ ਜੁੜਣ ਦਾ ਮੌਕਾ ਮੁਹੱਈਆ ਕਰਵਾਏਗਾ।

ਮੁੱਖ ਮੰਤਰੀ ਨੇ ਆਖਿਆ ਕਿ ਇਹ ਪ੍ਰੋਗਰਾਮ ਉਨ੍ਹਾਂ ਦੀ ਪਾਰਟੀ ਤੇ ਸਰਕਾਰ ਦੀ ਸੋਚ ਤੋਂ ਪ੍ਰੇਰਿਤ ਹੋਣ ਦੇ ਨਾਲ-ਨਾਲ ਭਾਰਤ ਸਰਕਾਰ ਦੀ ਇੱਛਾ ਮੁਤਾਬਕ ਹੈ ਕਿ ਅਜਿਹੇ ਨੌਜਵਾਨਾਂ ਨੂੰ ਪੰਜਾਬ ਆ ਕੇ ਸੂਬੇ ਦੀ ਸਫਲਤਾ ਤੇ ਨਾਕਾਮੀ ਦਾ ਪਤਾ ਲਾਉਣ ਲਈ ਵਿਦਿਆਰਥੀਆਂ ਸਮੇਤ ਹੋਰ ਵੱਖ-ਵੱਖ ਲੋਕਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਇਹ ਪ੍ਰੋਗਰਾਮ ਉਨ੍ਹਾਂ ਨੂੰ ਆਪਣੇ ਵਿਰਸੇ ਤੇ ਸੱਭਿਆਚਾਰ ਦੇ ਨਾਲ-ਨਾਲ ਆਪਣੇ ਪੁਰਖਿਆਂ ਦੀਆਂ ਜੜ੍ਹਾਂ ਨਾਲ ਜੁੜਣ ਦਾ ਮੰਚ ਮੁਹੱਈਆ ਕਰਵਾਏਗਾ।