ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਲਾਂਘੇ ਬਾਰੇ ਬੋਲ ਕੇ ਕਸੂਤੇ ਘਿਰ ਗਏ ਹਨ। ਦੇਸ਼-ਵਿਦੇਸ਼ ਵਿੱਚੋਂ ਕੈਪਟਨ ਦੇ ਬਿਆਨ ਦੀ ਅਲੋਚਨਾ ਹੋ ਰਹੀ ਹੈ। ਕੈਪਟਨ ਨੇ ਕਰਤਾਰਪੁਰ ਲਾਂਘੇ ਨੂੰ ਪਾਕਿਸਤਾਨ ਫੌਜ ਦੀ ਸਾਜਿਸ਼ ਦੱਸਿਆ ਸੀ। ਕੈਪਟਨ ਦੇ ਇਸ ਬਿਆਨ ਨੇ ਸਿੱਖਾਂ ਅੰਦਰ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ। ਪੰਜਾਬ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਕੈਪਟਨ ਦੇ ਇਸ ਬਿਆਨ ਦੀ ਨਿਖੇਧੀ ਹੋ ਰਹੀ ਹੈ।
ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਬਿਆਨ ਨਾਲ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਚੱਲ ਰਹੀ ਪ੍ਰਕਿਰਿਆ ਨੂੰ ਧੱਕਾ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਇਸ ਤਰ੍ਹਾਂ ਦੇ ਬਿਆਨ ਆਪਣੇ ਸਿਆਸੀ ਹਿੱਤਾਂ ਕਰਕੇ ਹੀ ਦੇ ਰਹੇ ਹਨ।
ਇਸੇ ਤਰ੍ਹਾਂ ਯੂਨਾਈਟਿਡ ਖਾਲਸਾ ਦਲ ਯੂਕੇ ਦੇ ਜਨਰਲ ਸਕੱਤਰ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਕਿਹਾ ਕਿ ਕੈਪਟਨ ਕੇਂਦਰ ਦੀ ਸ਼ਹਿ ’ਤੇ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੋਸਤੀ ਦੀ ਪਹਿਲਕਦਮੀ ਕਰਕੇ ਭਾਜਪਾ ਦਾ ਏਜੰਡਾ ਫੇਲ੍ਹ ਕਰ ਦਿੱਤਾ ਹੈ, ਜਿਹੜਾ ਉਨ੍ਹਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਵਰਤਣਾ ਸੀ। ਇਸੇ ਕਰਕੇ ਪਾਕਿਸਤਾਨ ਨੂੰ ਅਤਿਵਾਦੀ ਸਰਗਰਮੀਆਂ ਦੇ ਕੇਂਦਰ ਵਜੋਂ ਉਭਾਰ ਕੇ ਭਾਜਪਾ ਹਿੰਦੂ ਵੋਟਾਂ ਲੈਣਾ ਚਾਹੁੰਦੀ ਹੈ।
ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਵੀ ਸੋਸ਼ਲ ਮੀਡੀਆ ’ਤੇ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਬਾਰੇ ਕਿਹਾ ਕਿ ਵਾਘਾ ਸਰਹੱਦ ਤੋਂ ਵੀ ਸਿੱਖ ਤੇ ਹਿੰਦੂ ਭਾਈਚਾਰੇ ਦੇ ਲੋਕ ਪਾਕਿਸਤਾਨੀ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ। ਕਰਤਾਰਪੁਰ ਲਾਂਘਾ ਖੋਲ੍ਹਣ ਨਾਲ ਅਤਿਵਾਦ ਨਹੀਂ ਆ ਸਕਦਾ।