ਚੰਡੀਗੜ੍ਹ: ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਸੋਨੀਆ ਗਾਂਧੀ ਨੇ ਕਾਂਗਰਸ ਦੀਆਂ ਸਰਕਾਰਾਂ ਵਾਲੇ ਰਾਜਾਂ ਨੂੰ ਲੋਕਾਂ ਦੀਆਂ ਉਮੀਦਾਂ ਉੱਤੇ ਖਰੇ ਉੱਤਰਣ ਦੀਆਂ ਹਦਾਇਤਾਂ ਦਿੱਤੀਆਂ ਹਨ। ਦਿਲਚਸਪ ਗੱਲ ਹੈ ਕਿ ਕਾਂਗਰਸ ਦੇ ਮੁੱਖ ਮੰਤਰੀਆਂ ਨੇ ਕਿਹਾ ਕਿ ਸੂਬਾ ਸਰਕਾਰਾਂ ਵਧੀਆ ਕੰਮ ਕਰ ਰਹੀਆਂ ਹਨ। ਇਸ 'ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸਵਾਲ ਕੀਤਾ ਕਿ ਜੇਕਰ ਸੂਬਾ ਸਰਕਾਰਾਂ ਸਹੀ ਕੰਮ ਕਰ ਰਹੀਆਂ ਹਨ ਤਾਂ ਫਿਰ ਲੋਕ ਸਭਾ ਚੋਣਾਂ ਵਿੱਚ ਹਾਰ ਕਿਉਂ ਹੋਈ?


ਸੋਨੀਆ ਗਾਂਧੀ ਵੱਲੋਂ ਸ਼ੁੱਕਰਵਾਰ ਨੂੰ ਕਾਂਗਰਸ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਾਘੇਲ ਤੇ ਪੁੱਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਾਸਾਮੀ ਹਾਜ਼ਰ ਸਨ।

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਕੋਲ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ 161 ਵਾਅਦਿਆਂ ਵਿੱਚੋਂ 140 ਪਹਿਲਾਂ ਹੀ ਪੂਰੇ ਕਰ ਦਿੱਤੇ ਗਏ ਹਨ। ਬਾਕੀਆਂ ਨੂੰ ਪੂਰੇ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਤੇ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧਾਂ ਵਿਚਾਲੇ ਬਿਹਤਰ ਤਾਲਮੇਲ ਬਣਾਇਆ ਜਾ ਰਿਹਾ ਹੈ। ਉਹ ਲਗਾਤਾਰ ਵਿਧਾਇਕਾਂ ਤੇ ਹੋਰ ਪ੍ਰਤੀਨਿਧਾਂ ਕੋਲੋਂ ਰਿਪੋਰਟਾਂ ਹਾਸਲ ਕਰਦੇ ਰਹਿੰਦੇ ਹਨ ਤੇ ਚੋਣਾਂ ਦੌਰਾਨ ਕੀਤੇ ਵਾਅਦੇ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ 42 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਤਹਿਤ ਲਿਆਂਦਾ ਗਿਆ ਹੈ।

ਮੁੱਖ ਮੰਤਰੀਆਂ ਦੇ ਦਾਅਵੇ ਸੁਣ ਕੇ ਸੋਨੀਆ ਗਾਂਧੀ ਨੇ ਪੁੱਛਿਆ ਕਿ ਫਿਰ ਲੋਕ ਸਭਾ ਚੋਣਾਂ ਵਿੱਚ ਹਾਰ ਕਿਵੇਂ ਹੋਈ? ਉਨ੍ਹਾਂ ਕਿਹਾ, ‘‘ਮੈਂ ਇਹ ਕਹਿਣਾ ਚਾਹੁੰਦੀ ਹਾਂ ਕਿ ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਪੁੱਡੂਚੇਰੀ ਵਰਗੇ ਜਿਨ੍ਹਾਂ ਰਾਜਾਂ ਵਿੱਚ ਅਸੀਂ ਸੱਤਾ ਵਿੱਚ ਹਨ, ਉੱਥੇ ਸਾਡੀ ਵਿਸ਼ੇਸ਼ ਜ਼ਿੰਮੇਵਾਰੀ ਹੈ। ਇਹ ਰਾਜ ਸੰਵੇਦਨਸ਼ੀਲ ਤੇ ਜਵਾਬਦੇਹ ਪ੍ਰਬੰਧ, ਜ਼ਿੰਮੇਵਾਰੀ ਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਉਦਹਾਰਨ ਬਣਨੇ ਚਾਹੀਦੇ ਹਨ।’’