ਕੈਪਟਨ ਅਮਰਿੰਦਰ ਸਿੰਘ ਨੇ ਆਪ ਵਿਧਾਇਕ 'ਤੇ ਹੋਏ ਹਮਲੇ ਦੀ ਜਾਂਚ ਦੇ ਦਿੱਤੇ ਆਦੇਸ਼
ਏਬੀਪੀ ਸਾਂਝਾ | 21 Jun 2018 08:11 PM (IST)
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੈਰ-ਕਾਨੂੰਨੀ ਖਣਨ ਮਾਫੀਏ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ 'ਤੇ ਕੀਤੇ ਹਮਲੇ ਬਾਰੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਤੋਂ ਵਿਸਤ੍ਰਿਤ ਰਿਪੋਰਟ ਦੀ ਮੰਗ ਕੀਤੀ ਹੈ। ਇਸ ਘਟਨਾ 'ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਕਿਸੇ ਵੀ ਹਾਲਤ ਵਿੱਚ ਸੂਬੇ 'ਚ ਬਦਅਮਨੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਸਬੰਧੀ ਤੱਥਾਂ ਦੀ ਨਿਰਪੱਖ ਜਾਂਚ ਯਕੀਨੀ ਬਨਾਉਣ ਲਈ ਆਖਿਆ ਹੈ। ਹਾਲਾਂਕਿ ਰੂਪ ਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਉਪਰ ਹੋਏ ਹਮਲੇ ਦੇ ਸਬੰਧ ਵਿੱਚ ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਮੁੱਖ ਮੰਤਰੀ ਨੇ ਬਾਕੀ ਸ਼ੱਕੀਆਂ 'ਤੇ ਵੀ ਕਾਰਵਾਈ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਨਾਲ ਤਾਇਨਾਤ ਦੋ ਪੀ ਐਸ ਓ ਵੀ ਮੁੱਖ ਮੰਤਰੀ ਦੀ ਨਜ਼ਰ ਵਿੱਚ ਹਨ ਜੋ ਵਿਧਾਇਕ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਨੂੰ ਪੁਲਸ ਲਾਈਨ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਇਸ ਸਮੁੱਚੇ ਘਟਨਾਕ੍ਰਮ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕਰਨ ਲਈ ਵੀ ਡੀ ਜੀ ਪੀ ਨੂੰ ਨਿਰਦੇਸ਼ ਦਿੱਤੇ ਹਨ।