ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਲੀਡਰਸ਼ਿਪ ਅੱਜ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਰਾਹੁਲ ਨਾਲ ਮੁਲਾਕਾਤ ਲਈ ਪਹੁੰਚੇ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਦਿਆਂ ਤੇ ਲੋਕ ਸਭਾ ਚੋਣਾਂ ਬਾਰੇ ਚਰਚਾ ਹੋਈ ਹੈ। ਮੀਟਿੰਗ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਪ੍ਰਧਾਨ ਕੋਲ ਪੰਜਾਬ ਦੇ ਮੁੱਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦਾ ਆਮ ਆਦਮੀ ਪਾਰਟੀ ਨਾਲ ਕੋਈ ਗੱਠਜੋੜ ਨਹੀਂ ਹੋਏਗਾ। ਮੀਟਿੰਗ ਵਿੱਚ ਇਸ ਗੱਠਜੋੜ ਸਬੰਧੀ ਕੋਈ ਗੱਲਬਾਤ ਨਹੀਂ ਹੋਈ।


ਬੇਸ਼ੱਕ ਪਾਰਟੀ ਦੇ ਕਿਸੇ ਲੀਡਰ ਨੇ ਅਧਿਕਾਰਤ ਤੌਰ 'ਤੇ ਨਹੀਂ ਦੱਸਿਆ ਪਰ ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਚੇਅਰਮੈਨੀਆਂ ਸਮੇਤ ਹੋਰ ਮਾਮਲਿਆਂ ਬਾਰੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਵਿਧਾਇਕਾਂ ਤੇ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਨੂੰ ਬੋਰਡਾਂ ਤੇ ਨਿਗਮਾਂ ਦੇ ਚੇਅਰਮੈਨ ਲਾਉਣ, ਪਾਰਟੀ ਦੇ ਜਥੇਬੰਦਕ ਢਾਚੇ ਵਿੱਚ ਤਬਦੀਲੀਆਂ ਕਰਨ, ਆਉਂਦੀਆਂ ਲੋਕ ਸਭਾ ਚੋਣਾਂ ਲਈ ਕਮੇਟੀਆਂ ਬਣਾਉਣ ਤੇ ਉਮੀਦਵਾਰਾਂ ਦੀ ਚੋਣ ਸਬੰਧੀ ਵੀ ਚਰਚਾ ਹੋਈ ਹੈ।


ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਵਿਧਾਇਕਾਂ ਨੂੰ ਬੋਰਡਾਂ ਤੇ ਨਿਗਮਾਂ ਦੇ ਚੇਅਰਮੈਨ ਲਾਉਣ ਲਈ ਵਿਧਾਨ ਸਭਾ ’ਚ ਬਿੱਲ ਪਾਸ ਕਰਵਾ ਲਿਆ ਸੀ ਜਿਸ ਨੂੰ ਰਾਜਪਾਲ ਨੇ ਪ੍ਰਵਾਨਗੀ ਦੇ ਦਿੱਤੀ ਹੈ। 10 ਦੇ ਕਰੀਬ ਵਿਧਾਇਕਾਂ ਤੇ ਆਗੂਆਂ ਨੂੰ ਚੇਅਰਮੈਨ ਲਾਉਣ ਦੀ ਤਿਆਰੀ ਹੈ। ਇਸ ਦੇ ਨਾਲ ਸੂਬੇ ਦੀਆਂ ਮਾਕਰੀਟ ਕਮੇਟੀਆਂ ਨੂੰ ਭੰਗ ਕੀਤੇ ਨੂੰ ਕਾਫੀ ਸਮਾਂ ਹੋ ਚੁੱਕਾ ਹੈ ਤੇ ਇਨ੍ਹਾਂ ਦੇ ਵੀ ਚੇਅਰਮੈਨ ਲਾਏ ਜਾਣੇ ਹਨ। ਇਸ ਦੇ ਨਾਲ ਲੋਕ ਸਭਾ ਚੋਣਾਂ ਨੂੰ ਦੇਖਦਿਆਂ 13 ਵਿੱਚੋਂ ਲਗਪਗ 6-7 ਸੀਟਾਂ ’ਤੇ ਨਵੇਂ ਉਮੀਦਵਾਰਾਂ ਦੀ ਚੋਣ ਦਾ ਮਾਮਲਾ ਵੀ ਕਾਫੀ ਅਹਿਮ ਹੈ।