ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਉੱਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਚੋਣਾਂ ਮੌਕੇ ਮੁੱਖ ਮੰਤਰੀ ਜਿੱਥੇ ਹੋਰ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ, ਉੱਥੇ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਸ਼ਨੀਵਾਰ ਨੂੰ ਆਪਣੀ ਸਰਕਾਰ ਦੇ ਦੋ ਸਾਲ ਪੂਰੇ ਹੋਣ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਫਿਰ ਝੂਠਾ ਐਲਾਨ ਕੀਤਾ ਹੈ ਕਿ ਹੋਰ ਕਿਸਾਨੀ ਕਰਜ਼ੇ ਮੁਆਫ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਲੋਕਪਾਲ ਬਿੱਲ, ਹਿੱਤਾਂ ਦਾ ਟਕਰਾਅ ਬਿੱਲ ਤੇ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਸਬੰਧੀ ਬਿੱਲ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਲਿਆਉਣ ਵਰਗੇ ਲੋਕ ਲੁਭਾਊ ਐਲਾਨ ਕੀਤੇ ਹਨ ਜੋ ਸਿੱਧੇ ਰੂਪ ‘ਚ ਚੋਣ ਜ਼ਾਬਤੇ ਦੀ ਉਲੰਘਣਾ ਹੈ।
ਉਨ੍ਹਾਂ ਕਿਹਾ ਕਿ ਇਸ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਕੈਪਟਨ ਤੇ ਮਨਪ੍ਰੀਤ ਬਾਦਲ ਲੋਕਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਨਾਲ ਬਹਿਸ ਕਰਨ ਤੇ ਕਾਂਗਰਸੀ ਚੋਣ ਮਨੋਰਥ ਪੱਤਰ ਵਿੱਚ ਲਿਖੇ ਕਿਸੇ ਇੱਕ ਵੀ ਵਾਅਦੇ ਬਾਰੇ ਦੱਸਣ, ਜੋ ਉਨ੍ਹਾਂ ਪੂਰਾ ਕੀਤਾ ਹੋਵੇ। ਮਾਨ ਨੇ ਕਿਹਾ ਕਿ ਕਿਸਾਨਾਂ-ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ੀ ਬਾਰੇ ਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਢੀਠਤਾਈ ਨਾਲ ਝੂਠ ਬੋਲ ਰਹੇ ਹਨ, ਜੋ ਇੱਕ ਮੁੱਖ ਮੰਤਰੀ ਨੂੰ ਸੋਭਾ ਨਹੀਂ ਦਿੰਦਾ।
ਭਗਵੰਤ ਮਾਨ ਨੇ ਭਾਰਤੀ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਚੋਣਾਂ ਤੋਂ ਪਹਿਲਾਂ ਸਿਆਸੀ ਦਲਾਂ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਜਾਂਦੇ ਵਾਅਦੇ ਗੁਮਰਾਹਕੁਨ ਤੇ ਝੂਠ ਦਾ ਪੁਲੰਦਾ ਸਾਬਤ ਹੁੰਦੇ ਹਨ। ਇਸ ਗੁਮਰਾਹਕੁਨ ਪ੍ਰਚਾਰ ਨੂੰ ਬੰਦ ਕਰਨ ਲਈ ਚੋਣ ਕਮਿਸ਼ਨ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਦਾ ਦਰਜਾ ਦੇਵੇ ਤਾਂ ਕਿ ਸੱਤਾ ਵਿੱਚ ਆਉਣ ਉਪਰੰਤ ਸਬੰਧਿਤ ਪਾਰਟੀ ਆਪਣੇ ਮੈਨੀਫੈਸਟੋ ਨੂੰ ਹਰ ਹੀਲੇ ਲਾਗੂ ਕਰਨ ਲਈ ਪਾਬੰਦ ਹੋਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਬੰਧਿਤ ਸਿਆਸੀ ਪਾਰਟੀ ਦੀ ਮਾਨਤਾ ਖ਼ਤਮ ਹੋਵੇ ਤੇ ਅਜਿਹੇ ਆਗੂਆਂ ਉੱਤੇ ਭਵਿੱਖ ‘ਚ ਚੋਣ ਲੜਨ ਦੇ ਕਾਨੂੰਨੀ ਰੂਪ ਵਿੱਚ ਪਾਬੰਦੀ ਲੱਗੇ।