ਚੰਡੀਗੜ੍ਹ: ਨਾਗਰਿਕਤਾ ਸੋਧ ਕਾਨੂੰਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਘੇਰਿਆ ਹੈ। ਅਫਗਾਨਿਸਤਾਨ ਦੇ ਸਿੱਖਾਂ ਬਾਰੇ ਸੁਖਬੀਰ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਜਿਵੇਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੰਵਿਧਾਨਿਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਦੀ ਬਜਾਏ ਘਟੀਆ ਸਿਆਸਤ ਖੇਡਣ ਵਿੱਚ ਵਧੇਰੇ ਦਿਲਚਸਪੀ ਰੱਖਦਾ ਹੈ।


ਇਸ ਮਸਲੇ ’ਤੇ ਸਵਾਲ ਕਰਦਿਆਂ ਕੈਪਟਨ ਨੇ ਕਿਹਾ ਕਿ ਸੁਖਬੀਰ ਆਪਣੇ ਸੌੜੇ ਸਿਆਸੀ ਮੁਫਾਦਾਂ ਖਾਤਰ ਮੁਲਕ ਦੇ ਧਰਮ ਨਿਰਪੱਖ ਸਰੂਪ ਨੂੰ ਤਬਾਹ ਕਰਨ ’ਤੇ ਤੁਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁਲਕ ਦੇ ਧਰਮ ਨਿਰਪੱਖ ਚਰਿੱਤਰ ਤੇ ਸੰਵਿਧਾਨ ਦੀ ਰਾਖੀ ਖਾਤਰ ਲੜਾਈ ਲੜ ਰਹੇ ਲੋਕ ਮਾਰੇ ਜਾ ਰਹੇ ਹਨ ਜਦਕਿ ਦੂਜੇ ਪਾਸੇ ਅਕਾਲੀ ਆਗੂ ਅਜਿਹੀ ਗੰਭੀਰ ਸਥਿਤੀ ’ਤੇ ਹੋਛੀ ਸਿਆਸਤ ਖੇਡਣ ਵਿੱਚ ਰੁੱਝਿਆ ਹੋਇਆ ਹੈ।

ਸੁਖਬੀਰ ਬਾਦਲ ਨੇ ਇਹ ਸਵਾਲ ਕੀਤਾ ਸੀ ਕਿ ਕੀ ਅਮਰਿੰਦਰ ਸਿੰਘ ਅਫਗਾਨਿਸਤਾਨ ਤੋਂ ਹਿਜਰਤ ਕਰਨ ਵਾਲੇ ਸਿੱਖਾਂ ਨੂੰ ਭਾਰਤੀ ਨਾਗਰਿਕਤਾ ਮਿਲਣ ਦੇ ਹੱਕ ਵਿੱਚ ਨਹੀਂ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਸਲਾ ਇਸ ਵੇਲੇ ਕਿਸੇ ਖਾਸ ਭਾਈਚਾਰੇ ਨੂੰ ਨਾਗਰਿਕਤਾ ਦੇਣ ਜਾਂ ਨਾ ਦੇਣ ਦਾ ਨਹੀਂ ਸਗੋਂ ਇਹ ਮਸਲਾ ਕੇਂਦਰ ਸਰਕਾਰ ਵੱਲੋਂ ਸਾਡੇ ਸੰਵਿਧਾਨ ਜੋ ਮੁਲਕ ਦੀ ਹੋਂਦ ਦਾ ਆਧਾਰ ਹੈ, ਨਾਲ ਛੇੜਛਾੜ ਕੀਤੇ ਜਾਣ ਦੀ ਖਤਰਨਾਕ ਕੋਸ਼ਿਸ਼ ਨਾਲ ਜੁੜਿਆ ਹੈ ਤੇ ਕੇਂਦਰ ਸਰਕਾਰ ਵਿੱਚ ਅਕਾਲੀ ਦਲ ਵੀ ਭਾਈਵਾਲ ਹੈ।