ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ ਲਾਇਆ ਹੈ ਕਿ ਭਾਰਤ ਮਾਲਾ ਪਰਿਯੋਜਨਾ ਦੇ ਅਧੀਨ ਦਿੱਲੀ ਅੰਮ੍ਰਿਤਸਰ ਕੱੜਟਾ ਐਕਸਪ੍ਰੈਸ ਵੇਅ ਦੇ ਨਿਰਮਾਣ ਲਈ ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਖੋਹਣ ਲੱਗੀ ਹੈ, ਜਿਸ ਦਾ ਆਪ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਦੀਆਂ ਜ਼ਮੀਨਾਂ ਦਾ ਧੱਕੇਸਾਹੀ ਨਾਲ ਕਬਜ਼ਾ ਲੈਣ ਦਾ ਜਿਹੜਾ ਨਾਦਰਸ਼ਾਹੀ ਫੁਰਮਾਨ ਜਾਰੀ ਕੀਤਾ ਉਸ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਜ਼ਮੀਨ ਪ੍ਰਾਪਤੀ ਤੋਂ ਪਹਿਲਾਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।
ਮੰਗਲਵਾਰ ਨੂੰ ਬਿਆਨ ਰਾਹੀਂ ਆਪ ਦੇ ਸੂਬਾਈ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਐਕਸਪ੍ਰੈਸ ਵੇਅ ਅਧੀਨ ਆਉਂਦੀ ਪੰਜਾਬ ਦੀ ਜ਼ਮੀਨ ਦੇ ਪੈਸੇ ਧੱਕੇਸ਼ਾਹੀ ਨਾਲ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਦਾ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਜ਼ਮੀਨ ਦੀ ਸਰਕਾਰੀ ਕੀਮਤ 60 ਦਿਨਾਂ ਦੇ ਅੰਦਰ ਨਾ ਲਈ ਅਤੇ ਜ਼ਮੀਨ ਦਾ ਕਬਜ਼ਾ ਨਾ ਦਿੱਤਾ ਤਾਂ ਪੰਜਾਬ ਪੁਲਿਸ ਦੀ ਮਦਦ ਨਾਲ ਜ਼ਮੀਨ 'ਤੇ ਕਬਜ਼ਾ ਕੀਤਾ ਜਾਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਦੇ ਇਸ ਨਾਦਰਸ਼ਾਹੀ ਫੁਰਮਾਨ ਦੀ ਸਖ਼ਤ ਨਿਖੇਧੀ ਕਰਦੀ ਹੈ ਅਤੇ ਉਨ੍ਹਾਂ ਦੀ ਪਾਰਟੀ ਧੱਕੇਸ਼ਾਹੀ ਨਾਲ ਕਿਸੇ ਵੀ ਕਿਸਾਨ ਦੀ ਜ਼ਮੀਨ ਨਹੀਂ ਖੋਹਣ ਦੇਵੇਗੀ।
ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਭਾਰਤ ਮਾਲਾ ਪਰਿਯੋਜਨਾ ਦੇ ਅਧੀਨ ਪੰਜਾਬ ਭਰ 'ਚ ਐਕਸਪ੍ਰੈਸਵੇਅ ਅਤੇ ਰਾਸ਼ਟਰੀ ਰਾਜ ਮਾਰਗਾਂ ਦੇ ਨਿਰਮਾਣ ਲਈ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਕੇਵਲ ਕੁਲੈਕਟਰ ਰੇਟ 'ਤੇ ਖ਼ਰੀਦਣਾ ਚਾਹੁੰਦੀ ਹੈ, ਪਰ ਕਿਸਾਨ ਕੁਲੈਕਟਰ ਰੇਟ ਦਾ ਸਖ਼ਤ ਵਿਰੋਧ ਕਰ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਇਹ ਐਕਸਪ੍ਰੈਸ ਵੇਅ ਕੇਂਦਰ ਸਰਕਾਰ ਵੱਲੋਂ ਬਣਾਇਆ ਜਾਣਾ ਹੈ, ਪਰ ਇਸ ਮਾਰਗ ਲਈ ਜ਼ਮੀਨ ਪੰਜਾਬ ਦੀ ਕੈਪਟਨ ਸਰਕਾਰ ਨੇ ਖਰੀਦ ਕੇ ਦੇਣੀ ਹੈ। ਮਾਨ ਨੇ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਬੌਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁਸ਼ ਕਰਨ ਲਈ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੀਮਤ ਕੁਲੈਕਟਰ ਦਰਾਂ 'ਤੇ ਧੱਕੇ ਨਾਲ ਦੇ ਰਹੇ ਹਨ, ਜਦੋਂ ਕਿ ਕਿਸਾਨ ਆਪਣੀ ਜ਼ਮੀਨ ਦੀ ਕੀਮਤ ਆਮ ਬਾਜ਼ਾਰੀ ਮੁੱਲ 'ਤੇ ਤੈਅ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਤੋਂ ਬਿਨਾਂ ਜ਼ਮੀਨ ਦੀ ਕੀਮਤ ਨਿਰਧਾਰਤ ਕਰਨਾ ਪੰਜਾਬ ਦੇ ਕਿਸਾਨਾਂ ਨਾਲ ਵੱਡਾ ਧੋਖਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ ਹਨ। ਕਿਸਾਨਾਂ ਨੂੰ ਬਾਜ਼ਾਰੀ ਮੁੱਲ 'ਤੇ ਜ਼ਮੀਨ ਦੀ ਕੀਮਤ ਮਿਲਣੀ ਚਾਹੀਦੀ ਹੈ ਅਤੇ ਕਿਸਾਨਾਂ ਨੂੰ ਨਵੇਂ ਬਣ ਰਹੇ ਐਕਸਪ੍ਰੈਸਵੇ ਤੋਂ ਆਮ ਸੜਕਾਂ ਬਣਾਕੇ ਦਿੱਤੀਆਂ ਜਾਣ ਅਤੇ ਐਕਸਪ੍ਰੈਸਵੇ ਨਾਲ ਲਗਦੀ ਜ਼ਮੀਨ 'ਤੇ ਕੋਈ ਵੀ ਕਾਰੋਬਾਰ ਕਰਨ ਲਈ ਐਨਓਸੀ ਲੈਣ ਦੀ ਸ਼ਰਤ ਵੀ ਖ਼ਤਮ ਕੀਤੀ ਜਾਵੇ। ਇਸ ਦੇ ਨਾਲ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਐਕਸਪ੍ਰੈਸਵੇ ਦੇ ਅਧੀਨ ਆਉਂਦੀ ਹੈ ਉਨ੍ਹਾਂ ਦੇ ਪਰਿਵਾਰ ਦੇ ਇੱਕ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ: Corona ਨਾਲ ਲੜਨ ਦੀ ਤਿਆਰੀ Karnal ਜ਼ਿਲ੍ਹੇ ਨੇ ਕੀਤੀ ਤਿਆਰੀ, 100 ਬੈੱਡਾਂ ਦਾ Covid Care Center ਤਿਆਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin