ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਮਾਮਲਿਆਂ ਤੇ ਗੋਲ਼ੀਕਾਂਡਾਂ ਦੀ ਜਾਂਚ ਵਿੱਚ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ਮੁਤਾਬਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਨ ਦੀ ਖ਼ਬਰ ਹੈ। ਹਾਲਾਂਕਿ, ਇਸ ਸਬੰਧੀ ਹਾਲੇ ਅਧਿਕਾਰਤ ਹੁਕਮ ਜਾਰੀ ਨਹੀਂ ਹੋਏ ਪਰ ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ ਤਿੰਨ ਮੈਂਬਰੀ ਐਸਆਈਟੀ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ।


ਉੱਚ ਪੁਲਿਸ ਸੂਤਰਾਂ ਦਾ ਦੀ ਮੰਨੀਏ ਤਾਂ ਏਡੀਜੀਪੀ ਈਸ਼ਵਰ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵਿੱਚ ਆਈਜੀ ਜਤਿੰਦਰ ਔਲਖ ਅਤੇ ਆਈਜੀ ਨਾਗੇਸ਼ਵਰ ਰਾਓ ਸ਼ਾਮਲ ਹੋਣਗੇ। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਵਧੇਰੇ ਜਾਂਚ ਦੀ ਲੋੜ ਦੀ ਸਿਫ਼ਾਰਿਸ਼ ਕੀਤੀ ਗਈ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਸੀਬੀਆਈ ਜਾਂਚ ਨੂੰ ਸੌਂਪ ਦਿੱਤੀ ਸੀ, ਜਿਸ ਦਾ ਚੁਫੇਰਿਓਂ ਵਿਰੋਧ ਹੋਇਆ ਸੀ। ਇਸ ਤੋਂ ਬਾਅਦ ਵਿਧਾਨ ਸਭਾ ਵਿੱਚ ਮਾਨਸੂਨ ਇਜਲਾਸ ਦੌਰਾਨ ਸਦਨ ਵਿੱਚ ਇਨ੍ਹਾਂ ਮਾਮਲਿਆਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਕੇ ਵਿਸ਼ੇਸ਼ ਜਾਂਚ ਟੀਮ ਹਵਾਲੇ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ ਅਤੇ ਹੁਣ ਕੈਪਟਨ ਨੇ ਐਸਆਈਟੀ ਬਣਾ ਦਿੱਤੀ ਹੈ।

ਸ਼ਨੀਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਇਹ ਦੂਜਾ ਵੱਡਾ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਕੈਪਟਨ ਨੇ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਐਸਆਈਟੀ ਦੇ ਮੁਖੀ ਹਰਪ੍ਰੀਤ ਸਿੱਧੂ ਨੂੰ ਹਟਾ ਕੇ ਮੁੱਖ ਮੰਤਰੀ ਦਫ਼ਤਰ ਵਿੱਚ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਲਗਾ ਦਿੱਤਾ ਹੈ। ਹਰਪ੍ਰੀਤ ਸਿੱਧੂ ਦੀ ਥਾਂ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਲੈ ਲਈ ਹੈ।