ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਦੋਂ 'ਘਰ-ਘਰ ਰੁਜ਼ਗਾਰ' ਦੇਵੇਗੀ? ਕੈਪਟਨ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾਂ ਨਾਲ 'ਘਰ-ਘਰ ਰੁਜ਼ਗਾਰ' ਦੇਣ ਦਾ ਵਾਅਦਾ ਕੀਤਾ ਸੀ। ਦੋ ਸਾਲ ਬੀਤ ਜਾਣ 'ਤੇ ਵੀ ਨੌਜਵਾਨ ਰੁਜਗਾਰ ਉਡੀਕ ਰਹੇ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸਰਕਾਰ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ-ਪਹਿਲਾਂ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਆਪਣਾ ਵਾਅਦਾ ਪੂਰਾ ਕਰੇ।


ਉਨ੍ਹਾਂ ਕਿਹਾ ਕਿ ਆਪਣੀ ਸਰਕਾਰ ਦੀ ਝੂਠੀ ਵਾਹੋ-ਵਾਹੀ ਖੱਟਣ ਦੇ ਮਨਸੂਬੇ ਨਾਲ ਇਸ਼ਤਿਹਾਰਾਂ ਉੱਤੇ ਕਰੋੜਾਂ ਰੁਪਏ ਖ਼ਰਚ ਕਰਨ ਦੀ ਥਾਂ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਲੋਕਾਂ ਦੇ ਕੰਮ ਕਰ ਰਹੀ ਹੈ ਤਾਂ ਫਿਰ ਉਸ ਨੂੰ ਇਸ ਬਾਰੇ ਅਖ਼ਬਾਰਾਂ ਵਿੱਚ ਝੂਠ ਬੋਲਣ ਦੀ ਕੋਈ ਲੋੜ ਨਹੀਂ ਪੈਂਦੀ। ਅਸਲ ਵਿੱਚ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਦਾ ਭੱਠਾ ਬੈਠ ਚੁੱਕਿਆ ਹੈ ਤੇ ਕਿਸੇ ਵੀ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਕੋਸ਼ਿਸ਼ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਤੇ ਸਕੂਲਾਂ ਵਿੱਚ ਵਰ੍ਹਿਆਂ ਤੋਂ ਕੋਈ ਭਰਤੀ ਨਹੀਂ ਕੀਤੀ ਹੈ ਜਿਸ ਕਾਰਨ ਅਧਿਆਪਕਾਂ ਦੀ ਘਾਟ ਦੀ ਮਾਰ ਝੱਲ ਰਹੇ ਸਕੂਲ ਤੇ ਕਾਲਜ ਚੰਗੇ ਨਤੀਜੇ ਲਿਆਉਣ ਵਿੱਚ ਫ਼ੇਲ੍ਹ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਕਾਂਗਰਸ ਪਾਰਟੀ ਲਈ ਸ਼ਰਮ ਵਾਲੀ ਗੱਲ ਹੈ ਕਿ ਸੂਬੇ ਵਿੱਚ ਲੱਖਾਂ ਈਟੀਟੀ ਟੈਟ ਪਾਸ ਵਿਦਿਆਰਥੀ ਆਪਣੀ ਨੌਕਰੀ ਦੀ ਮੰਗ ਲਈ ਧਰਨੇ ਤੇ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਮਾੜਾ ਕੀ ਹੋ ਸਕਦਾ ਹੈ ਕਿ ਵਿਦਿਆਰਥੀਆਂ ਨੂੰ ਨੌਕਰੀ ਪ੍ਰਾਪਤ ਕਰਨ ਲਈ ਟੈਂਕੀਆਂ ਉੱਤੇ ਚੜ੍ਹਨਾ ਪਵੇ ਜਾਂ ਆਪਣੇ ਸਰੀਰ ਤੇ ਪੈਟਰੋਲ ਛਿੜਕਣਾ ਪਵੇ।

ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸੂਬੇ ਵਿੱਚ ਉੱਚ ਸਿੱਖਿਆ ਦੀਆਂ ਡਿਗਰੀਆਂ ਹੱਥਾਂ ਵਿੱਚ ਫੜ ਕੇ ਘੁੰਮ ਰਹੇ ਵਿਦਿਆਰਥੀਆਂ ਲਈ ਨੌਕਰੀਆਂ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮੁਜ਼ਾਹਰਾਕਾਰੀ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਮੰਨਦਿਆਂ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪਹਿਲਾਂ ਈਟੀਟੀ ਅਧਿਆਪਕਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਭਰੇ।