ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਟਕਪੂਰਾ ਗੋਲੀਕਾਂਡ ਤੋਂ ਬਾਅਦ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਵੀ ਨਵੀਂ ‘ਸਪੈਸ਼ਲ ਇਨਵੈਸਟੀਗੇਸ਼ਨ ਟੀਮ’ (SIT) ਬਣਾ ਦਿੱਤੀ ਗਈ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਕੇਸ ਦੀ ਜਾਂਚ ਰਿਪੋਰਟ ਰੱਦ ਕਰਨ ਤੇ SIT ਭੰਗ ਕੀਤੇ ਜਾਣ ਤੋਂ ਬਾਅਦ ਆਲੋਚਨਾ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਐਤਵਾਰ ਨੂੰ ਐਕਸ਼ਨ ’ਚ ਦਿੱਸੀ।
ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਕੋਟਕਪੂਰਾ ਗੋਲੀਕਾਂਡ ਕੇਸ ਦੀ ਜਾਂਚ ਲਈ ਨਵੀਂ SIT ਕਾਇਮ ਕੀਤੀ ਸੀ, ਜਿਸ ਨੇ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਐਤਵਾਰ ਨੂੰ ਸਰਕਾਰ ਨੇ ਬਹਿਬਲ ਕਲਾਂ ਗੋਲੀ ਕਾਂਡ ਕੇਸ ਦੀ ਜਾਂਚ ਲਈ ਵੀ ਨਵੀਂ SIT ਦਾ ਗਠਨ ਕਰ ਦਿੱਤੀ। ਇਸ SIT ਦੀ ਅਗਵਾਈ ਲੁਧਿਆਣਾ ਦੇ ਆਈਜੀ ਨੌਨਿਹਾਲ ਸਿੰਘ ਕਰਨਗੇ, ਜਦਕਿ ਐਸਐਸਪੀ ਮੁਹਾਲੀ ਸਤਿੰਦਰ ਸਿੰਘ ਤੇ ਐਸਐਸਪੀ ਸਵਰਨਦੀਪ ਸਿੰਘ ਨੂੰ ਇਸ ਦੇ ਮੈਂਬਰ ਬਣਾਇਆ ਗਿਆ ਹੈ।
ਇਸ ਤੋਂ ਪਹਿਲਾਂ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਇੱਕ ਹੀ SIT ਕੰਮ ਕਰ ਰਹੀ ਸੀ; ਜਿਸ ਵਿੱਚ ਕੁੱਲ ਪੰਜ ਮੈਂਬਰ ਸ਼ਾਮਲ ਸਨ। ਇਨ੍ਹਾਂ ਵਿੱਚੋਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦੀ ਕਮਾਂਡ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਕੋਲ ਸੀ ਤੇ ਬਾਅਦ ’ਚ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਵਿੱਚ ਵੀ ਉਨ੍ਹਾਂ ਦੀ ਸਰਗਰਮ ਭੂਮਿਕਾ ਰਹੀ।
ਹਾਈ ਕੋਰਟ ਦੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ SIT ਤੋਂ ਬਾਹਰ ਰੱਖਣ ਦੀ ਹਦਾਇਤ ਤੋਂ ਬਾਅਦ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਏਡੀਜੀਪੀ (ਵਿਜੀਲੈਂਸ) ਐੱਲਕੇ ਯਾਦਵ ਦੀ ਪ੍ਰਧਾਨਗੀ ਹੇਠ ਤਿੰਨ ਮੈਂਬਰੀ SIT ਗਠਤ ਕੀਤੀ ਸੀ। ਐਤਵਾਰ ਨੂੰ ਬਹਿਬਲ ਕਲਾਂ ਗੋਲੀ ਕਾਂਡ ਲਈ ਵੀ ਨਵੀਂ SIT ਕਾਇਮ ਕਰ ਦਿੱਤੀ ਗਈ।
ਪਹਿਲਾਂ ਵਾਲੀ SIT ਬਹਿਬਲ ਕਲਾਂ ਗੋਲੀ ਕਾਂਡ ਕੇਸ ਦੀ ਜਾਂਚ ਲਗਭਗ ਮੁਕੰਮਲ ਕਰ ਚੁੱਕੀ ਹੈ ਤੇ ਇਸ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ, ਐੱਸਪੀ ਬਿਕਰਮਜੀਤ ਸਿੰਘ, ਐੱਸਐੱਚਓ ਬਾਜਾਖਾਨਾ ਅਮਰਜੀਤ ਸਿੰਘ ਕੁਲਾਰ ਸਮੇਤ ਕੁੱਲ 7 ਵਿਰੁੱਧ ਚਾਰਜਸ਼ੀਟ ਵੀ ਦਾਖ਼ਲ ਕੀਤੀ ਜਾ ਚੁੱਕੀ ਹੈ।
ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਇੰਸਪੈਕਟਰ ਨੂੰ ‘ਵਾਅਦਾ ਮੁਆਫ਼ ਗਵਾਹ’ ਵੀ ਬਣਾਇਆ ਗਿ ਆਸੀ, ਜਦ ਕਿ ਇੱਕ ਵਿਰੁੱਧ ਚਾਰਜਸ਼ੀਟ ਦਾਖ਼ਲ ਕਰਨੀ ਹਾਲੇ ਰਹਿੰਦੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :