ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਦੇ ਅਗਾਮੀ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਮੋਦੀ ਸਰਕਾਰ ਨੇ ਖਾਲਿਸਤਾਨੀ ਲਹਿਰ ਵੇਲੇ ਦੇ ਜੇਲ੍ਹਾਂ ਵਿੱਚ ਬੰਦ ਅੱਠ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਦਾ ਸਵਾਗਤ ਕਰਦਿਆਂ ਐਲਾਨ ਕੀਤਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 550 ਕੈਦੀਆਂ ਨੂੰ ਰਿਹਾਅ ਕੀਤਾ ਜਾਏਗਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਠ ਸਿੱਖ ਕੈਦੀਆਂ ਦੀ ਰਿਹਾਈ ਦਾ ਸਿਹਰਾ ਵੀ ਆਪਣੇ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਕੈਦੀਆਂ ਨੂੰ ਰਿਹਾਅ ਕਰਨ ਦੀ ਤਜਵੀਜ਼ ਪ੍ਰਵਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ। ਉਨ੍ਹਾਂ ਕਿਹਾ ਕਿ ਇਹ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਤੇ ਬਜ਼ੁਰਗ ਹੋ ਚੁੱਕੇ ਹਨ ਤੇ ਇਨ੍ਹਾਂ ਨੂੰ ਆਪਣੀ ਬਾਕੀ ਜ਼ਿੰਦਗੀ ਆਪਣੇ ਸਕੇ ਸਬੰਧੀਆਂ ਨਾਲ ਬਿਤਾਉਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

ਉਧਰ, ਸ਼੍ਰੋਮਣੀ ਅਕਾਲੀ ਦਲ ਇਸ ਦਾ ਸਿਹਰਾ ਆਪਣੇ ਸਿਰ ਬੰਨ੍ਹ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਲੰਮੇ ਸਮੇਂ ਤੋਂ ਸਿੱਖ ਕੈਦੀਆਂ ਦੀ ਸਜ਼ਾਵਾਂ ਮੁਆਫ਼ ਕੀਤੇ ਜਾਣ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਦਲ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।

ਇਸ ਦੇ ਨਾਲ ਹੀ ਕੈਪਟਨ ਨੇ ਐਲਾਨ ਕੀਤਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 550 ਕੈਦੀਆਂ ਨੂੰ ਰਿਹਾਅ ਕੀਤਾ ਜਾਏਗਾ।