ਚੰਡੀਗੜ੍ਹ: ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਇਸ ਲਈ ਢੁੱਕਵੀਂ ਯੋਜਨਾ ਬਣਾਉਣ ਦੇ ਹੁਕਮ ਦਿੱਤੇ ਹਨ। ਉਂਝ ਇਸ ਵਾਰ ਕਣਕ ਦੀ ਖਰੀਦ ਪਹਿਲੀ ਅਪਰੈਲ ਦੀ ਬਜਾਏ 15 ਅਪੈਰਲ ਤੋਂ ਬਾਅਦ ਸ਼ੁਰੂ ਹੋ ਸਕਦੀ ਹੈ। ਇਸ ਦੇ ਨਾਲ ਹੀ ਸਰਕਾਰ ਕੁਝ ਖਾਸ ਨਿਯਮ ਬਣਾਉਣ ਜਾ ਰਹੀ ਹੈ।


ਬੇਸ਼ੱਕ ਪੰਜਾਬ ਸਰਕਾਰ ਕਣਕ ਦੀ ਖਰੀਦ ਦੇ ਪ੍ਰਬੰਧ ਕਰ ਰਹੀ ਹੈ ਪਰ ਮਜ਼ਦੂਰਾਂ ਦੀ ਘਾਟ ਕਰਕੇ ਕਿਸਾਨਾਂ ਨੂੰ ਵੱਡੀ ਮੁਸੀਬਤ ਦਾ ਸਾਹਮਣਾ ਕਰਨਾ ਪਏਗਾ। ਇਸ ਤੋਂ ਇਲਾਵਾ ਇਹ ਵੀ ਖਦਸ਼ਾ ਹੈ ਕਿ ਜੇਕਰ ਕਰਫਿਊ ਦੀ ਮਿਆਦ ਵਧਦੀ ਹੈ ਤਾਂ ਇਸ ਨਾਲ ਵੀ ਕਿਸਾਨਾਂ ਦੀ ਖੱਜਲ-ਖੁਆਰੀ ਵਧੇਗੀ। ਇਸ ਲਈ ਕਿਸਾਨ ਜਥੇਬੰਦੀਆਂ ਤੇ ਵਿਰੋਧੀ ਧਿਰਾਂ ਵੱਲੋਂ ਕਿਸਾਨਾਂ ਨੂੰ ਬੋਨਸ ਦੇਣ ਦੀ ਮੰਗ ਕੀਤੀ ਜਾ ਰਹੀ ਹੈ।

ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਕਣਕ ਖ਼ਰੀਦ ਪ੍ਰਕਿਰਿਆ ਵਿੱਚ ਤਬਦੀਲੀਆਂ ਲਿਆਉਣ। ਉਨ੍ਹਾਂ ਕਿਹਾ ਹੈ ਕਿ ਕਰੋਨਾਵਾਇਰਸ ਨੂੰ ਧਿਆਨ ਵਿੱਚ ਰੱਖਦਿਆਂ ਆ ਰਹੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਨੂੰ ਕੋਈ ਹੱਲ ਕੱਢਣਾ ਚਾਹੀਦਾ ਹੈ।

ਸੁਖਬੀਰ ਨੇ ਕਿਹਾ ਕਿ ਜਿਵੇਂ ਕਿ ਹੁਣ ਸਾਫ ਦਿੱਸਦਾ ਹੈ ਕਿ ਅਗਲੇ ਮਹੀਨੇ ਜਦੋਂ ਕਣਕ ਦੀ ਵਾਢੀ ਸ਼ੁਰੂ ਹੋ ਜਾਵੇਗੀ ਤਾਂ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮਜ਼ਦੂਰਾਂ ਤੇ ਕੰਬਾਈਨਾਂ ਦੀ ਬਹੁਤ ਜ਼ਿਆਦਾ ਕਮੀ ਹੈ, ਜਿਨ੍ਹਾਂ ਵਿੱਚੋਂ ਕਈ ਹੋਰਨਾਂ ਸੂਬਿਆਂ ਵਿੱਚ ਫਸ ਗਏ ਹਨ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਲਈ ਤੁਰੰਤ 50 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਕਰਨਾ ਚਾਹੀਦਾ ਹੈ ਤਾਂ ਕਿ ਉਹ ਕਣਕ ਦੀ ਵਾਢੀ ਕਰਵਾਉਣ ਸਮੇਂ ਮਹਿੰਗੀ ਮਜ਼ਦੂਰੀ ਦਾ ਬੋਝ ਝੱਲ ਸਕਣ। ਉਨ੍ਹਾਂ ਕਿਹਾ ਕਿ ਮਾਲਵਾ ਦੇ ਕਿਸਾਨ ਅਗਲੇ ਮਹੀਨੇ 20 ਅਪਰੈਲ ਤੋਂ ਨਰਮੇ ਦੀ ਬਿਜਾਈ ਸ਼ੁਰੂ ਕਰ ਦੇਣਗੇ, ਜਿਨ੍ਹਾਂ ਲਈ ਤਾਮਿਲਨਾਡੂ ਤੇ ਗੁਜਰਾਤ ਤੋਂ ਬੀਟੀ ਕਾਟਨ ਬੀਜ ਦੀ ਖਰੀਦ ਲਈ ਪ੍ਰਬੰਧ ਕਰਨੇ ਚਾਹੀਦੇ ਹਨ।