ਚੰਡੀਗੜ੍ਹ: ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਭੱਜ ਰਹੀ ਹੈ। ਕੈਪਟਨ ਸਰਕਾਰ ਨੇ ਪਹਿਲਾਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਦੇਣ ਤੋਂ ਪਾਸਾ ਵੱਟਿਆ ਸੀ ਤੇ ਹੁਣ ਸੁੰਡੀ ਨਾਲ ਖ਼ਰਾਬ ਹੋਈ ਕਣਕ ਦੀ ਫ਼ਸਲ ਦਾ ਵੀ ਕੋਈ ਮੁਆਵਜ਼ਾ ਨਾ ਦੇਣ ਦੀ ਗੱਲ ਕਹੀ ਹੈ।
ਦਰਅਸਲ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਇਸ ਬਾਰੇ ਸਰਕਾਰ ਨੂੰ ਸਵਾਲ ਕੀਤਾ ਸੀ। ਇਸ ਦੇ ਜਵਾਬ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁਆਵਜ਼ੇ ਤੋਂ ਕੋਰਾ ਜਵਾਬ ਦੇ ਦਿੱਤਾ। ਚੰਦੂਮਾਜਰਾ ਨੇ ਪੂਰਕ ਸਵਾਲਾਂ ਰਾਹੀਂ ਪੁੱਛਿਆ ਕਿ ਸੂਬੇ ਵਿੱਚ ਜਿਨ੍ਹਾਂ ਕਿਸਾਨਾਂ ਨੇ ਝੋਨੇ ਦੀ ਪਰਾਲੀ ਨਹੀਂ ਸਾੜੀ, ਉਨ੍ਹਾਂ ਦੀਆਂ ਜ਼ਮੀਨਾਂ ਵਿੱਚ ਕਣਕ ਦੀ ਫ਼ਸਲ ਨੂੰ ਸੁੰਡੀ ਨੇ ਖ਼ਰਾਬ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕਣਕ ਦੀ ਫ਼ਸਲ ਬੀਜਣ ’ਤੇ 10 ਹਜ਼ਾਰ ਰੁਪਏ ਪ੍ਰਤੀ ਏਕੜ ਤੱਕ ਦਾ ਖ਼ਰਚ ਹੋਇਆ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਪਰਾਲੀ ਨਾ ਸਾੜਨ ਕਰਕੇ ਹੋਇਆ ਹੈ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਧਾਇਕ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਕਣਕ ਨੂੰ ਸੁੰਡੀ ਸਿਰਫ਼ ਉਨ੍ਹਾਂ ਖੇਤਾਂ ਵਿੱਚ ਹੀ ਨਹੀਂ ਪਈ ਜਿੱਥੇ ਕਿਸਾਨਾਂ ਨੇ ਪਰਾਲੀ ਨਹੀਂ ਸੀ ਸਾੜੀ, ਸਗੋਂ ਅਜਿਹੀਆਂ ਜ਼ਮੀਨਾਂ ਵਿੱਚ ਵੀ ਸੁੰਡੀ ਨੇ ਨੁਕਸਾਨ ਕੀਤਾ ਹੈ, ਜਿਨ੍ਹਾਂ ਕਿਸਾਨਾਂ ਨੇ ਪਰਾਲੀ ਸਾੜੀ ਸੀ। ਬਾਦਲ ਨੇ ਕਿਹਾ ਕਿ ਸੁੰਡੀ ਦੇ ਹਮਲੇ ’ਤੇ ਕੀਟਨਾਸ਼ਕਾਂ ਦੀ ਸਪਰੇਅ ਨਾਲ ਕਾਬੂ ਪਾ ਲਿਆ ਗਿਆ ਸੀ ਤੇ ਕਰੀਬ ਦੋ ਸੌ ਏਕੜ ਜ਼ਮੀਨ ’ਤੇ ਖੜ੍ਹੀ ਕਣਕ ਦੀ ਫ਼ਸਲ ਨੂੰ ਕਿਸਾਨਾਂ ਨੇ ਵਾਹ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕੋਈ ਮੁਆਵਜ਼ਾ ਨਹੀਂ ਦਿੱਤਾ ਜਾਵੇਗਾ।
ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ‘ਆਪ’ ਦੇ ਵਿਧਾਇਕ ਗੁਰਮੀਤ ਸਿੰਘ ਹੇਅਰ ਨੇ ਦਾਅਵਾ ਕੀਤਾ ਕਿ ਪਟਿਆਲਾ, ਬਰਨਾਲਾ ਤੇ ਸੰਗਰੂਰ ਵਿਚ ਕਣਕ ਦੀ ਫ਼ਸਲ ਨੂੰ ਸੁੰਡੀ ਨਾਲ ਜ਼ਿਆਦਾ ਨੁਕਸਾਨ ਹੋਇਆ ਹੈ ਤੇ ਮੰਤਰੀ ਵੱਲੋਂ ਪੇਸ਼ ਕੀਤੇ ਗਏ ਤੱਥ ਅਸਲੀਅਤ ਨਾਲ ਮੇਲ ਨਹੀਂ ਖਾਂਦੇ।
ਕੈਪਟਨ ਸਰਕਾਰ ਨਹੀਂ ਦੇਵੇਗੀ ਕਣਕ ਦੇ ਖਰਾਬੇ ਦਾ ਮੁਆਵਜ਼ਾ
ਏਬੀਪੀ ਸਾਂਝਾ
Updated at:
03 Mar 2020 05:39 PM (IST)
ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਭੱਜ ਰਹੀ ਹੈ। ਕੈਪਟਨ ਸਰਕਾਰ ਨੇ ਪਹਿਲਾਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਦੇਣ ਤੋਂ ਪਾਸਾ ਵੱਟਿਆ ਸੀ ਤੇ ਹੁਣ ਸੁੰਡੀ ਨਾਲ ਖ਼ਰਾਬ ਹੋਈ ਕਣਕ ਦੀ ਫ਼ਸਲ ਦਾ ਵੀ ਕੋਈ ਮੁਆਵਜ਼ਾ ਨਾ ਦੇਣ ਦੀ ਗੱਲ ਕਹੀ ਹੈ।
- - - - - - - - - Advertisement - - - - - - - - -