ਚੰਡੀਗੜ੍ਹ: ਪੰਜਾਬ ਦੇ ਮੁੱਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨੂੰ ਹਿੰਸਾ ਫੈਲਾਉਣ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਚੇਤਾਵਨੀ ਦਿੱਤੀ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ। ਕੈਪਟਨ ਅੱਜ ਜ਼ੀਰਕਪੁਰ ਵਿਖੇ ਇੱਕ ਪ੍ਰਾਈਵੇਟ ਸਿਨੇ ਪਲਾਜ਼ਾ ਦੇ ਉਦਘਾਟਨ ਸਮਾਰੋਹ 'ਚ ਪਹੁੰਚੇ ਸਨ।

ਇਸ ਮੌਕੇ ਕੈਪਟਨ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕੈਪਟਨ ਨੇ ਸਾਬਕਾ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਲੋਕਾਂ ਦਾ ਧਿਆਨ ਭਟਕਾਉਣ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਐਸਆਈਟੀ ਪਵਿੱਤਰ ਧਾਰਮਿਕ ਗ੍ਰੰਥਾਂ ਦੀਆਂ 200 ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰੇਗੀ।

ਬਾਦਲਾਂ ਦੇ ਗੜ੍ਹ ਲੰਬੀ 'ਚ ਰੈਲੀ ਕਰਨ 'ਤੇ ਕੈਪਟਨ ਨੇ ਕਿਹਾ ਕਿ ਉਹ ਬਾਦਲਾਂ ਵੱਲੋਂ ਸੂਬੇ 'ਚ ਸ਼ਾਂਤੀ ਭੰਗ ਕਰਨ ਦੇ ਮਨਸੂਬਿਆਂ ਨੂੰ ਲੋਕਾਂ ਸਾਹਮਣੇ ਜਨਤਕ ਕਰਨਗੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀ ਹੋਣ ਕਰਕੇ ਉਹ ਸੂਬੇ ਦੇ ਕਿਸੇ ਵੀ ਹਿੱਸੇ 'ਚ ਰੈਲੀ ਕਰਨ ਦਾ ਹੱਕ ਰੱਖਦੇ ਹਨ।

ਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਰੇਲੀ ਤੋਂ ਬਾਅਦ ਕਾਂਗਰਸ ਵੱਲੋਂ ਬਾਦਲਾਂ ਦੇ ਗੜ੍ਹ ਲੰਬੀ 'ਚ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਉਸੇ ਦਿਨ ਹੀ ਕੈਪਟਨ ਦੇ ਗੜ੍ਹ ਪਟਿਆਲਾ ਵਿਖੇ ਰੈਲੀ ਕਰਨ ਦਾ ਐਲਾਨ ਕੀਤਾ ਹੈ।