ਚੰਡੀਗੜ੍ਹ: ਭਾਰਤ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ਵਿੱਚੋਂ ਹਟਾਉਣ ਦਾ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਨੇ ਸਵਾਗਤ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਾ ਸਿਹਰਾ ਆਪਣੀ ਸਰਕਾਰ ਸਿਰ ਬੰਨ੍ਹਦਿਆਂ ਕਿਹਾ ਕਿ ਕੇਂਦਰ ਨੇ ਉਨ੍ਹਾਂ ਦੀ ਮੰਗ ਮੰਨਦਿਆਂ ਸਿੱਖਾਂ ਨਾਲ ਵਿੱਤਕਰੇ ਵਾਲੀ ਸੂਚੀ ਖਤਮ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਚੀ ਵਿੱਚ ਹੁਣ ਦੋ ਲੋਕਾਂ ਦੇ ਨਾਂ ਰਹਿ ਗਏ ਹਨ ਜਿਨ੍ਹਾਂ ਦਾ ਸਬੰਧ ਪੰਜਾਬ ਨਾਲ ਨਹੀਂ ਹੈ। ਉਧਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਹ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ। ਇਸ ਨਾਲ ਸਮੁੱਚੇ ਸਿੱਖ ਭਾਈਚਾਰੇ ਅੰਦਰ ਖ਼ੁਸ਼ੀ ਦੀ ਲਹਿਰ ਹੈ। ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਤੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਪ੍ਰਭਾਵਿਤ ਸਿੱਖਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦੇਸ਼ਾਂ ਵਿਚ ਲੰਮੇ ਸਮੇਂ ਤੋਂ ਰਹਿ ਰਹੇ ਸਿੱਖਾਂ ਨੂੰ ਆਪਣੇ ਦੇਸ਼ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ। ਲੌਂਗੋਵਾਲ ਨੇ ਆਖਿਆ ਕਿ ਕਾਲੀ ਸੂਚੀ ਵਿੱਚ ਸ਼ਾਮਲ ਸਿੱਖ ਆਪਣੇ ਪਰਿਵਾਰਾਂ ਨੂੰ ਮਿਲਣ ਤੋਂ ਵੀ ਵਾਂਝੇ ਰਹਿ ਸਨ। ਹੁਣ ਉਹ ਆਪਣੇ ਪਰਿਵਾਰਾਂ ਨੂੰ ਮਿਲ ਸਕਣਗੇ ਤੇ ਸਭ ਤੋਂ ਵੱਡੀ ਗੱਲ ਕਿ ਆਪਣੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਇਸ ਅਹਿਮ ਫੈਸਲੇ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।