ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ਼ੈਰ ਕਾਨੂੰਨੀ ਖਣਨ ਤੇ ਅਖੌਤੀ 'ਗੁੰਡਾ ਟੈਕਸ' ਰੋਕਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਤਿੱਖੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਨੂੰ ਪੂਰੀ ਸਖ਼ਤੀ ਤੇ ਦਿੜ੍ਹਤਾ ਨਾਲ ਹਰ ਹਾਲਤ ਵਿੱਚ ਰੋਕਿਆ ਜਾਵੇ। 'ਗੁੰਡਾ ਟੈਕਸ' ਨੂੰ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਦੱਸਦੇ ਹੋਏ ਕੈਪਟਨ ਅਮਰਿੰਦਰ ਨੇ ਇਸ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਇਸ ਸਬੰਧੀ ਰੱਤੀ ਭਰ ਵੀ ਢਿੱਲ ਨਹੀਂ ਸਹਿਣ ਕਰੇਗੀ। ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਜਿਲ੍ਹਾ ਪੁਲਿਸ ਮੁਖੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਗ਼ੈਰ-ਕਾਨੂੰਨੀ ਖਣਨ ਜਾਂ ਗੁੰਡਾ ਟੈਕਸ ਵਿਰੁੱਧ ਕਾਰਵਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਮੰਨਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਇਸ ਸਬੰਧ ਵਿਚ ਸਖ਼ਤੀ ਨਾਲ ਕਾਨੂੰਨਾਂ ਦਾ ਪਾਲਣ ਕਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਸਾਰੇ ਕਾਨੂੰਨੀ ਠੇਕੇਦਾਰਾਂ ਦੀ ਸੂਚੀ ਤਿਆਰ ਕਰਨ ਲਈ ਹਦਾਇਤਾਂ ਦਿੱਤੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਾਨੂੰਨੀ ਖਣਨ ਓਪਰੇਟਰ ਹੀ ਕਾਨੂੰਨ ਤੇ ਨਿਯਮਾਂ ਅਨੁਸਾਰ ਕਾਰਜ ਕਰ ਸਕਣ। ਉਨ੍ਹਾਂ ਕਿਹਾ ਕਿ ਅਜਿਹੀਆਂ ਸਰਗਰਮੀਆਂ ਵਿੱਚ ਪੁਲਿਸ ਜਾਂ ਸਿਵਲ ਪ੍ਰਸ਼ਾਸਨ ਦੇ ਕਿਸੇ ਵਿਅਕਤੀ ਦੀ ਸ਼ਮੂਲੀਅਤ ਜਾਂ ਮਿਲੀਭੁਗਤ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਗ਼ੈਰ-ਕਾਨੂੰਨੀ ਖਣਨ ਲਈ ਜਿਲ੍ਹਾ ਪੁਲਿਸ ਮੁਖੀਆਂ ਨੂੰ ਸਿੱਧੇ ਤੌਰ ਤੇ ਜ਼ਿੰਮੇਵਾਰ ਬਣਾਉਣ ਦੀ ਚੇਤਾਵਨੀ ਦਿੱਤੀ। ਇਸ ਸਬੰਧ ਵਿੱਚ ਟਾਲ-ਮਟੋਲ ਦੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਗ਼ੈਰ-ਕਾਨੂੰਨੀ ਵਪਾਰ ਤੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਵਿਚ ਇਕ ਸਾਲ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਦਾ ਕੌਈ ਵੀ ਬਹਾਨਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹੋਰ ਵੀ ਵੱਧ ਸਰਗਰਮੀ ਨਾਲ ਵੱਡੇ ਮਗਰਮੱਛਾਂ ਨੂੰ ਨੱਪਣ ਲਈ ਨਿਰਦੇਸ਼ ਦਿੱਤੇ ਤਾਂ ਜੋ ਸਰਕਾਰੀ ਪ੍ਰਣਾਲੀ ਨੂੰ ਸਾਫ਼-ਸੁਥਰਾ ਬਣਾਉਣ ਦੀ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ ਜਾ ਸਕੇ।