ਡੇਰਾ ਬਾਬਾ ਨਾਨਕ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਡੇਰਾ ਬਾਬਾ ਨਾਨਕ ਵਿੱਚ ਕੈਬਨਿਟ ਮੀਟਿੰਗ ਵਿੱਚ ਹਿੱਸਾ ਲੈਣ ਲਈ ਪਹੁੰਚੇ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਰਤਾਰਪੁਰ ਕੌਰੀਡੋਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਕੋਲੋਂ ਇਸ ਸਬੰਧੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਜ਼ੀਰੋ ਲਾਈਨ ਦੇ ਨਜ਼ਦੀਕ ਵੀ ਗਏ ਤੇ ਦੂਰਬੀਨ ਰਾਹੀਂ ਪਾਕਿਸਤਾਨ ਵਾਲੇ ਪਾਸੇ ਚੱਲ ਰਹੇ ਕੰਮ ਵੱਲ ਝਾਤ ਮਾਰੀ।


ਇਸ ਤੋਂ ਬਾਅਦ ਮੁੱਖ ਮੰਤਰੀ ਡੇਰਾ ਬਾਬਾ ਨਾਨਕ ਦੀ ਅਨਾਜ ਮੰਡੀ ਵਿੱਚ ਪਹੁੰਚੇ। ਇੱਥੇ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਡਿਵੈਲਮੈਂਟ ਅਥਾਰਿਟੀ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਮੰਤਰੀਆਂ ਨਾਲ ਕੈਬਨਿਟ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਕਿਹਾ ਕਿ ਅਕਤੂਬਰ ਮਹੀਨੇ ਦੇ ਅੰਤ ਤੱਕ ਸਾਰਾ ਕੰਮ ਖਤਮ ਕਰ ਲਿਆ ਜਾਵੇਗਾ। ਉਨ੍ਹਾਂ ਨੇ ਇਸ ਸਬੰਧੀ ਸਾਰੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

ਕੈਪਟਨ ਨੇ ਜਾਣਕਾਰੀ ਦਿੱਤੀ ਕਿ ਅਗਲੀ ਕੈਬਨਿਟ ਦੀ ਮੀਟਿੰਗ ਛੇਤੀ ਹੀ ਬਟਾਲਾ ਵਿਖੇ ਬੁਲਾਈ ਜਾਵੇਗੀ। ਪਾਕਿਸਤਾਨ ਵੱਲੋਂ 20 ਡਾਲਰ ਦੀ ਕੀਤੀ ਜਾ ਰਹੀ ਮੰਗ 'ਤੇ ਕੈਪਟਨ ਨੇ ਕਿਹਾ ਕਿ ਉਹ ਇਸ ਦਾ ਵਿਰੋਧ ਕਰਦੇ ਹਨ ਕਿਉਂਕਿ ਇਸ ਤੋਂ ਪਹਿਲਾਂ ਅਕਬਰ ਨੇ ਵੀ ਜਜ਼ੀਆ ਟੈਕਸ ਲਾਇਆ ਸੀ। ਹੁਣ ਪਾਕਿਸਤਾਨ ਅਜਿਹਾ ਕਰ ਰਿਹਾ ਹੈ।

ਕੈਪਟਨ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਉਹ ਐਸਜੀਪੀਸੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇ ਰਹੇ ਹਨ। ਉਨ੍ਹਾਂ ਪਾਕਿਸਤਾਨ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਗੁਆਂਢੀ ਮੁਲਕ ਹਮੇਸ਼ਾਂ ਸਾਡੇ ਵਾਲੇ ਪਾਸੇ ਗੜਬੜ ਕਰਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ ਪਰ ਉਨ੍ਹਾਂ ਦੇ ਮਨਸੂਬੇ ਅਸੀਂ ਕਾਮਯਾਬ ਨਹੀਂ ਹੋਣ ਦੇਵਾਂਗੇ।