ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਦਰਮਿਆਨ ਤਕਰਾਰ ਵਧਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਦੋਵੇਂ ਧਿਰਾਂ ਇੱਕ-ਦੂਜੇ ਖਿਲਾਫ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੀਆਂ ਹਨ। ਦੱਸ ਦਈਏ ਕਿ ਬੀਤੇ ਦਿਨੀਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਕੈਪਟਨ 'ਤੇ ਕਿਸਾਨਾਂ ਖਿਲਾਫ ਹੋਣ ਦੇ ਗੰਭੀਰ ਇਲਜ਼ਾਮ ਲਗਾਏ ਸੀ।


ਹੁਣ ਕੈਪਟਨ 'ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਹਮਲਾ ਬੋਲਿਆ ਹੈ। ਵੀਰਵਾਰ ਨੂੰ ਕਾਰਜਕਾਰੀ ਡੀਜੀਪੀ ਇਕਬਾਲ ਪ੍ਰੀਤ ਸਹੋਤਾ ਨੂੰ ਕੈਪਟਨ ਦੀ ਪਾਕਿਸਤਾਨੀ ਮਹਿਲਾ ਮਿੱਤਰ ਤੇ ਪਾਕਿ ਖੁਫੀਆ ਏਜੰਸੀ ਆਈਐਸਆਈ ਦੇ ਸਬੰਧਾਂ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਰੰਧਾਵਾ ਨੇ ਕਿਹਾ ਕਿ ਕੈਪਟਨ ਨੂੰ ਵਾਰ-ਵਾਰ ਚਿਤਾਵਨੀ ਦੇਣ ਦੇ ਬਾਵਜੂਦ ਉਨ੍ਹਾਂ ਦੀ ਪਾਕਿਸਤਾਨੀ ਮਹਿਲਾ ਮਿੱਤਰ ਸਾਢੇ ਚਾਰ ਸਾਲ ਸਰਕਾਰੀ ਕੋਠੀ ਵਿੱਚ ਰਹੀ।


ਵੀਰਵਾਰ ਨੂੰ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਕੈਪਟਨ ਨੂੰ ਕਿਵੇਂ ਪਤਾ ਲੱਗਾ ਕਿ ਪੰਜਾਬ ਆਈਐਸਆਈ ਦੇ ਖ਼ਤਰੇ ਹੇਠ ਹੈ। ਯਾਨੀ, ਕੋਈ ਉਨ੍ਹਾਂ ਨੂੰ ਕੁਝ ਜਾਣਕਾਰੀ ਦੇ ਰਿਹਾ ਸੀ। ਰੰਧਾਵਾ ਨੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਇਸ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਈਡੀ ਕੇਸ ਦਾ ਸਾਹਮਣਾ ਕਰਨ ਤੇ ਪਾਕਿਸਤਾਨੀ ਨਾਗਰਿਕ ਨੂੰ ਸ਼ਰਨ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਭਾਜਪਾ ਨਾਲ ਹੱਥ ਮਿਲਾਇਆ ਹੈ।


ਇਸ ਦੌਰਾਨ ਸੀਮਾ ਸੁਰੱਖਿਆ ਬਲ ਦੀ ਰੇਂਜ ਨੂੰ ਪੰਜਾਬ 'ਚ ਅੰਤਰਰਾਸ਼ਟਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਵਧਾਉਣ ਬਾਰੇ ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਬੀਐਸਐਫ ਨਾਲੋਂ ਜ਼ਿਆਦਾ ਕੰਮ ਕਰਦੀ ਹੈ। ਪੰਜਾਬ ਪੁਲਿਸ ਨੇ ਅੱਤਵਾਦ ਨੂੰ ਖ਼ਤਮ ਕਰ ਦਿੱਤਾ ਹੈ, ਇਸ ਲਈ ਪੰਜਾਬ ਪੁਲਿਸ ਵੱਲ ਉਂਗਲ ਨਹੀਂ ਉਠਾਈ ਜਾ ਸਕਦੀ।


ਇਹ ਵੀ ਪੜ੍ਹੋ: Harsimrat Badal: 'ਪੰਜਾਬ ਨੂੰ ਕਸ਼ਮੀਰ ਬਣਾਉਣ ਦੀ ਕੋਸ਼ਿਸ਼ ਹੋ ਰਹੀ': ਕੇਂਦਰ, ਕੈਪਟਨ ਤੇ ਚੰਨੀ 'ਤੇ ਵਰ੍ਹੀ ਹਰਸਿਮਰਤ ਬਾਦਲ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904