ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤਾ ਗਏ ਵਾਧੇ ਨੂੰ ਨਾ ਸਿਰਫ ਨਿਗੂਣਾ ਵਾਧਾ ਦੱਸਿਆ ਬਲਕਿ ਪੂਰੀ ਤਰ੍ਹਾਂ ਅਣਉਚਿਤ ਵੀ ਕਿਹਾ ਹੈ। ਕੈਪਟਨ ਨੇ ਕਿਹਾ ਕਿ ਇਹ ਉਨ੍ਹਾਂ ਕਿਸਾਨਾਂ ਦਾ ਵੀ ਨਿਰਾਦਰ ਕੀਤਾ ਹੈ ਜੋ ਪਿਛਲੇ ਛੇ ਮਹੀਨਿਆਂ ਤੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਇਨਸਾਫ ਲਈ ਸੰਘਰਸ਼ ਕਰ ਰਹੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਉਤੇ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਵਿਚ ਆਪਣੀਆਂ ਜਿੰਦਗੀਆਂ ਦਾਅ ਉਤੇ ਲਾਈਆਂ ਹੋਣ ਤਾਂ ਅਜਿਹੇ ਮੌਕੇ ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ ਦੇ ਜ਼ਖਮਾਂ ਉਤੇ ਮੱਲਮ ਲਾਉਣ ਦੀ ਬਜਾਏ ਸਮਰਥਨ ਮੁੱਲ ਦਾ ਐਲਾਨ ਕਰਕੇ ਉਨ੍ਹਾਂ ਦੇ ਜ਼ਖਮਾਂ ਉਤੇ ਲੂਣ ਛਿੜਕਿਆ ਹੈ।


ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਨਿਰੰਤਰ ਨਾਕਾਮ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਪ੍ਰਤੀ ਉਦਾਸੀਨ ਰਵੱਈਆ ਅਪਣਾਉਣ ਵਿਚ ਲਈ ਕੇਂਦਰ ਦੀ ਕਿਸਾਨ ਵਿਰੋਧੀ ਸਰਕਾਰ ਦੀ ਆਲੋਚਨਾ ਕੀਤੀ। ਬੀਤੇ ਇਕ ਸਾਲ ਦੌਰਾਨ ਡੀਜ਼ਲ ਅਤੇ ਹੋਰ ਲਾਗਤਾਂ ਵਿਚ ਹੋਏ ਤਿੱਖੇ ਵਾਧੇ ਦਾ ਜਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਮਰਥਨ ਮੁੱਲ ਵਿਚ ਚਾਰ ਫੀਸਦੀ ਤੋਂ ਵੀ ਘੱਟ ਕੀਤਾ ਗਿਆ ਵਾਧਾ ਖੇਤੀ ਲਾਗਤਾਂ ਵਿਚ ਹੋਏ ਵਾਧੇ ਦੀ ਪੂਰਤੀ ਲਈ ਨਾਕਾਫੀ ਹੈ। 


ਉਨ੍ਹਾਂ ਕਿਹਾ ਕਿ ਹੋਰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤਾ ਗਿਆ ਇਜਾਫਾ ਵੀ ਮਾਮੂਲੀ ਹੈ। ਉਨ੍ਹਾਂ ਕਿਹਾ ਕਿ ਮੱਕੀ ਦੇ ਮੁੱਢਲੇ ਭਾਅ ਵਿਚ ਤੁੱਛ ਵਾਧਾ ਕਿਸਾਨਾਂ ਨੂੰ ਅਤਿ ਲੋੜੀਂਦੀ ਫਸਲੀ ਵਿਭਿੰਨਤਾ ਵੱਲ ਮੁੜਣ ਲਈ ਨਿਰਉਤਸ਼ਾਹਿਤ ਕਰੇਗਾ ਜਦਕਿ ਪਾਣੀ ਦੇ ਘਟ ਰਹੇ ਵਸੀਲੇ ਬਚਾਉਣ ਵਿਚ ਫਸਲੀ ਵੰਨ-ਸੁਵੰਨਤਾ ਜ਼ਰੂਰੀ ਹੈ।