ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਕੇਂਦਰ ਸਰਕਾਰ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਕਾਡਰ ਦਾ ਦਿੱਲੀ ਪੁਲਿਸ ਸਣੇ ਹੋਰ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਨਾਲ ਰਲੇਵਾਂ ਇਸੇ ਦਿਸ਼ਾ ਵੱਲ ਕਦਮ ਹੈ।

 

ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਵਿਚਕਾਰ ਚੰਡੀਗੜ੍ਹ ਬਾਰੇ ਖੇਤਰੀ ਝਗੜੇ ਦੇ ਨਿਬੇੜੇ ਤੱਕ ਇਸ ਹਾਲਤ ਨੂੰ ਜਿਉਂ ਦਾ ਤਿਉਂ ਰੱਖੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਨ ਵਾਸਤੇ ਚੰਡੀਗੜ੍ਹ ਨਾਲ ਸਬੰਧਤ ਸਾਰੇ ਮੁੱਦਿਆਂ ਨਾਲ ਨਿਪਟਣ ਲਈ ਆਮ ਪ੍ਰਸ਼ਾਸਨ ਬਰਾਂਚ ਵਿੱਚ ਵਿਸ਼ੇਸ਼ ਸੈੱਲ ਸਥਾਪਤ ਕਰਨ ਵਾਸਤੇ ਮੁੱਖ ਸਕੱਤਰ ਨੂੰ ਕਦਮ ਚੁੱਕਣ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਇਸ ਸਬੰਧੀ ਮਤਾ ਲਿਆਉਣ ਲਈ ਮੁੱਖ ਸਕੱਤਰ ਨੂੰ ਆਖਿਆ ਹੈ।

ਕੈਪਟਨ ਨੇ ਕਿਹਾ ਕਿ ਚੰਡੀਗੜ੍ਹ ’ਤੇ ਸੂਬੇ ਦੇ ਦਾਅਵੇ ਨੂੰ ਢਾਹ ਲਾਉਣ ਦੀ ਕੋਈ ਵੀ ਕੋਸ਼ਿਸ਼ ਪੰਜਾਬ ਨੂੰ ਪ੍ਰਵਾਨ ਨਹੀਂ ਹੈ। ਮੌਜੂਦਾ ਤਰਜ਼ ਦੇ ਆਧਾਰ ’ਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪੰਜਾਬ ਤੇ ਹਰਿਆਣਾ ਦੀਆਂ ਅਸਾਮੀਆਂ ਦੀ ਅਨੁਪਾਤ 60:40 ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਲਗਾਤਾਰ ਜਾਰੀ ਰੱਖਿਆ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਡੀਐਸਪੀ ਦੀਆਂ ਅਸਾਮੀਆਂ ਦਾ ਹੋਰ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਵਿੱਚ ਵਿਲੇ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਪਿਛਲੇ ਅਨੇਕਾਂ ਸਾਲਾਂ ਦੌਰਾਨ ਬਣਾਏ ਗਏ ਵਧੀਆ ਸੰਤੁਲਨ ਨੂੰ ਭੰਗ ਕਰਨਗੀਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਦੇ ਨਤੀਜੇ ਠੀਕ ਨਹੀਂ ਨਿਕਲਣਗੇ।