ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਮਾਮਲਿਆਂ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਦੀ-ਘੇਰਦੀ ਕੈਪਟਨ ਸਰਕਾਰ ਖੁਦ ਹੀ ਘਿਰਦੀ ਜਾ ਰਹੀ ਹੈ। ਵਿਰੋਧੀਆਂ ਦੇ ਨਾਲ-ਨਾਲ ਹੁਣ ਪਾਰਟੀ ਦੇ ਲੀਡਰ ਵੀ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਣ ਲੱਗੇ ਹਨ। ਸੂਤਰਾਂ ਮੁਤਾਬਕ ਕਈ ਮੰਤਰੀ ਤੇ ਵਿਧਾਇਕ ਇਸ ਗੱਲ਼ ਤੋਂ ਖਫਾ ਹਨ ਕਿ ਦੋ ਸਾਲ ਬਾਅਦ ਵੀ ਜਾਂਚ ਕਿਸੇ ਤਣ-ਪੱਤਣ ਨਹੀਂ ਲੱਗੀ। ਇਸ ਕਰਕੇ ਉਨ੍ਹਾਂ ਨੂੰ ਜਨਤਾ ਵਿੱਚ ਜਾਣਾ ਔਖਾ ਹੋ ਗਿਆ ਹੈ।

ਉਧਰ, ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਕੈਪਟਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਇਲਜ਼ਾਮ ਲਾਇਆ ਹੈ ਕਿ ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਮਾਮਲਿਆਂ ਨੂੰ ਲਾਪ੍ਰਵਾਹੀ ਨਾਲ ਨਜਿੱਠਿਆ ਹੈ। ਆਪਣੇ ਹੀ ਲੀਡਰਾਂ ਦੇ ਵਿਰੋਧ ਕਰਕੇ ਕੈਪਟਨ ਸਰਕਾਰ ਦੀ ਹਾਲਤ ਕਸੂਤੀ ਬਣ ਗਈ ਹੈ। ਉਧਰ, ਬੇਅਦਬੀ ਤੇ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਅਫਸਰ ਵੀ ਇੱਕਮਤ ਨਹੀਂ।

ਦਰਅਸਲ ਸੀਨੀਅਰ ਲੀਡਰ ਬਾਜਵਾ ਵੱਲੋਂ ਕੈਪਟਨ ਸਰਕਾਰ ਦੀ ਆਲੋਚਨਾ ਉਸ ਸਮੇਂ ਹੋਈ ਹੈ ਜਦੋਂ ਮੁਹਾਲੀ ਦੀ ਵਿਸ਼ੇਸ਼ ਅਦਾਲਤ ’ਚ ਸੀਬੀਆਈ ਨੇ ਪੰਜਾਬ ਸਰਕਾਰ ਵੱਲੋਂ ਏਜੰਸੀ ਤੋਂ ਕੇਸ ਵਾਪਸ ਲੈਣ ਖ਼ਿਲਾਫ਼ ਦਾਅਵਾ ਕੀਤਾ ਕਿ ਇੱਕ ਵਾਰ ਜਾਂਚ ਸੌਂਪੇ ਜਾਣ ਮਗਰੋਂ ਸੀਬੀਆਈ ਤੋਂ ਕੇਸ ਵਾਪਸ ਨਹੀਂ ਲਿਆ ਜਾ ਸਕਦਾ। ਰਾਜ ਸਭਾ ਮੈਂਬਰ ਬਾਜਵਾ ਨੇ ਇਲਜ਼ਾਮ ਲਾਇਆ ਕਿ ਸੂਬਾ ਸਰਕਾਰ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਬੇਅਦਬੀ ਕਾਂਡ ’ਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ’ਚ ਨਾਕਾਮ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਕੇਸ ਸਹੀ ਦਿਸ਼ਾ ਵੱਲ ਨਹੀਂ ਜਾ ਰਿਹਾ ਹੈ। ਉਨ੍ਹਾਂ ਇਸ਼ਾਰਾ ਕੀਤਾ ਕਿ ਕਾਂਗਰਸ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਦੇ ਵਾਅਦੇ ਨਾਲ ਸੱਤਾ ’ਚ ਆਈ ਸੀ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਬਾਜਵਾ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਐਡਵੋਕੇਟ ਜਨਰਲ ਅਤੁਲ ਨੰਦਾ ਖ਼ਿਲਾਫ਼ ਕਾਰਵਾਈ ਕਰਨ ਕਿਉਂਕਿ ਉਨ੍ਹਾਂ ਸਰਕਾਰ ਨੂੰ ਬੇਅਦਬੀ ਮਾਮਲੇ ’ਚ ਸਹੀ ਸੇਧ ਨਹੀਂ ਦਿੱਤੀ।

ਉਨ੍ਹਾਂ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਖ਼ਿਲਾਫ਼ ਵੀ ਕਾਰਵਾਈ ਮੰਗੀ ਹੈ ਜਿਨ੍ਹਾਂ ਸੀਬੀਆਈ ਨੂੰ ਅੱਗੇ ਜਾਂਚ ਕਰਨ ਲਈ ਪੱਤਰ ਲਿਖਿਆ ਸੀ। ਕਾਂਗਰਸ ਆਗੂ ਨੇ ਕੈਪਟਨ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਪ੍ਰਬੋਧ ਕੁਮਾਰ ਨੇ ਸੀਬੀਆਈ ਨੂੰ ਪੱਤਰ ਲਿਖਣ ਤੋਂ ਪਹਿਲਾਂ ਉਨ੍ਹਾਂ ਤੋਂ ਸਹਿਮਤੀ ਲਈ ਸੀ।