ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਦੀ ਸਰਕਾਰ ਦਾ ਨਵੇਂ ਨਾਗਰਿਕਤਾ ਕਾਨੂੰਨ ਨੂੰ ਪੰਜਾਬ ਵਿੱਚ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬੀਜੇਪੀ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਇਸ ਕਾਨੂੰਨ ਦੇ ਹੱਕ ਵਿੱਚ ਡਟਿਆ ਹੈ। ਇਹ ਬਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਬਾਰੇ ਕੁਝ ਨਹੀਂ ਪਤਾ। ਉਨ੍ਹਾਂ ਕਿਹਾ ਕਿ ਕੈਪਟਨ ਪਹਿਲਾਂ ਇਹ ਸਪੱਸ਼ਟ ਕਰਨ ਕਿ ਉਹ 75 ਹਜ਼ਾਰ ਸਿੱਖਾਂ ਨੂੰ ਪੰਜਾਬ ਵਿੱਚ ਨਾਗਰਿਕਤਾ ਦਿਵਾਉਣਾ ਚਾਹੁੰਦੇ ਹਨ ਜਾਂ ਨਹੀਂ।


ਸੁਖਬੀਰ ਬਾਦਲ ਨੇ ਕਿਹਾ ਕਿ ਉਹ ਤਾਂ ਪਹਿਲਾਂ ਹੀ 20 ਸਾਲ ਤੋਂ ਇਹ ਮੰਗ ਕਰਦੇ ਰਹੇ ਹਨ ਕਿ ਵੱਖ-ਵੱਖ ਦੇਸ਼ਾਂ ਤੋਂ ਆਏ ਲੋਕਾਂ ਨੂੰ ਨਾਗਰਿਕਤਾ ਮਿਲਣੀ ਚਾਹੀਦੀ ਹੈ। ਇਸ ਵਿੱਚ ਮੁਸਲਮਾਨਾਂ ਨੂੰ ਵੀ ਸ਼ਾਮਲ ਕਰਨਾ ਚਾਹੀਦਾ ਹੈ ਤੇ ਇਹ ਬਿੱਲ ਧਰਮ ਨਿਰਪੱਖ ਰਹਿਣਾ ਚਾਹੀਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਫਗਾਨਿਸਤਾਨ ਤੇ ਪਾਕਿਸਤਾਨ ਤੋਂ ਆਏ ਸਿੱਖ ਭੈਣ-ਭਰਾਵਾਂ ਨੂੰ ਨਾਗਰਿਕਤਾ ਦਿੱਤੀ ਜਾਣੀ ਚਾਹੀਦੀ ਹੈ।

ਸੁਖਬੀਰ ਬਾਦਲ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਲਈ ਭਾਈ ਗੁਰਦਾਸ ਹਾਲ ਪੁੱਜੇ ਸੀ। ਸੁਖਬੀਰ ਬਾਦਲ ਨੇ ਦੱਸਿਆ ਕਿ ਅੱਜ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕੱਲ੍ਹ ਹੋਣ ਵਾਲੇ ਇਜਲਾਸ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਹ ਢੀਂਡਸਾ ਬਾਰੇ ਕੁਝ ਨਹੀਂ ਕਹਿਣਗੇ। ਢੀਂਡਸਾ ਉਨ੍ਹਾਂ ਲਈ ਸਤਿਕਾਰਯੋਗ ਹਨ ਤੇ ਮੈਂ ਉਨ੍ਹਾਂ ਦੇ ਹੱਥਾਂ ਵਿੱਚ ਖੇਡਦਾ ਰਿਹਾ ਹਾਂ। ਇਸ ਕਰਕੇ ਮੈਂ ਇਸ 'ਤੇ ਕੋਈ ਵੀ ਟਿੱਪਣੀ ਨਹੀਂ ਕਰਨਾ ਚਾਹੁੰਦਾ।