ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਸੁਲਾਕਾਰੀ ਕਦਮ ਦੇ ਬਾਅਦ ਵੀ ਕਿਸਾਨਾਂ ਨੂੰ ਰੋਕਣ ਲਈ ਜ਼ੋਰ-ਜਬਰ ਦੀ ਵਰਤੋਂ ਜਾਰੀ ਰੱਖਣ ’ਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਖੱਟਰ ਸਰਕਾਰ ਦੀਆਂ ਕਾਰਵਾਈਆਂ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਭਾਵੇਂ ਕਿਸਾਨਾਂ ਨੂੰ ਰੋਸ ਪ੍ਰਗਟਾਉਣ ਦੇ ਆਪਣੇ ਜਮਹੂਰੀ ਹੱਕ ਲਈ ਕੌਮੀ ਰਾਜਧਾਨੀ ਵਿੱਚ ਪ੍ਰਵੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਹਰਿਆਣਾ ਸਰਕਾਰ ਅਜੇ ਵੀ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਵਿਰੁੱਧ ਟਕਰਾਅ ਵਾਲੀ ਪਹੁੰਚ ’ਤੇ ਉਤਾਰੂ ਹੈ। ਮੁੱਖ ਮੰਤਰੀ ਨੇ ਖੱਟਰ ਨੂੰ ਸੰਬੋਧਿਤ ਹੁੰਦਿਆਂ ਕਿਹਾ,‘‘ਅਜਿਹੇ ਸਖ਼ਤ ਕਦਮ ਚੁੱਕਣ ਦੀ ਲੋੜ ਕੀ ਹੈ? ਅਜਿਹਾ ਵਹਿਸ਼ੀਪੁਣਾ ਤੁਰੰਤ ਰੋਕਣ ਦੀ ਲੋੜ ਹੈ।’’ ਮੁੱਖ ਮੰਤਰੀ ਨੇ ਸ਼ਾਂਤਮਈ ਕਿਸਾਨਾਂ ਨਾਲ ਹਰਿਆਣਾ ਸਰਕਾਰ ਦੇ ਵਰਤਾਓ ਦੇ ਢੰਗ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਚੁਟਕੀ ਲੈਂਦਿਆਂ ਕਿਹਾ,‘‘ਪਿਛਲੇ ਤਿੰਨ ਮਹੀਨਿਆਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਸੇ ਵੀ ਜਨਤਕ ਜਾਇਦਾਦ ਨੂੰ ਕਣ ਮਾਤਰ ਵੀ ਨੁਕਸਾਨ ਨਹੀਂ ਪਹੁੰਚਾਇਆ ਜਦਕਿ ਦੂਜੇ ਪਾਸੇ ਹਰਿਆਣਾ ਦੀ ਸਰਕਾਰ ਨੇ ਬੜੀ ਬੇਸ਼ਰਮੀ ਨਾਲ ਲੋਕਾਂ ਦੇ ਪੈਸੇ ਨਾਲ ਬਣੀਆਂ ਸੜਕਾਂ ਵਿੱਚ ਟੋਏ ਪੁੱਟ ਦਿੱਤੇ। ’’ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ’ਤੇ ਕਿਸਾਨਾਂ ਦੀਆਂ ਚਿੰਤਾਵਾਂ ਦੇ ਹੱਲ ਲਈ ਗੱਲਬਾਤ ਤੁਰੰਤ ਸ਼ੁਰੂ ਕਰਨ ਅਤੇ ਇਸ ਭਖਦੇ ਮੁੱਦੇ ਨੂੰ ਹੱਲ ਕਰਨ ਦੀ ਮੁੜ ਅਪੀਲ ਕੀਤੀ।