ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਬਰਗਾੜੀ ਬੇਅਦਬੀ ਕਾਂਡ ਤੇ ਹੋਰ ਮੰਗਾਂ ਨੂੰ ਲੈ ਕੇ ਇਨਸਾਫ ਲਈ ਧਰਨੇ ’ਤੇ ਬੈਠੇ ਸਰਬੱਤ ਖਾਲਸਾ ਦੇ ਮੁਤਵਾਜ਼ੀ ਧਿਆਨ ਸਿੰਘ ਮੰਡ ਤੇ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਅੱਜ ਦੁਪਹਿਰ 2 ਵਜੇ ਦੇ ਕਰੀਬ ਹੋ ਸਕਦੀ ਹੈ।


 
ਯਾਦ ਰਹੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ, ਬਰਗਾੜੀ ਤੇ ਬੁਰਜ ਜਵਾਹਰ ਸਿੰਘਵਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਦੇ ਮਾਮਲਿਆਂ ਨੂੰ ਲੈ ਕੇ ਬਰਗਾੜੀ ਦੀ ਦਾਣਾ ਮੰਡੀ ਵਿੱਚ ਜਥੇਦਾਰ ਧਿਆਨ ਸਿੰਘ ਮੰਡ, ਸੰਤ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਧਰਨਾ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਆਪਣੇ ਵਿਸ਼ਵਾਸ ਪਾਤਰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਦੋ ਦਿਨ ਪਹਿਲਾਂ ਧਰਨਾਕਾਰੀਆਂ ਨਾਲ ਗੱਲਬਾਤ ਲਈ ਫ਼ਰੀਦਕੋਟ ਭੇਜਿਆ ਸੀ। ਬਾਜਵਾ ਨਾਲ ਫਰੀਦਕੋਟ ਤੋਂ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨਾਲ ਸਨ।

ਧਰਨਕਾਰੀਆਂ ਨੇ ਬਹਿਬਲ ਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਲਦੀ ਦੇਣ, ਵੱਖ ਵੱਖ ਜੇਲ੍ਹਾਂ ਵਿਚ ਲੰਮੇ ਸਮੇਂ ਤੋਂ ਬੰਦ ਸਿੱਖ ਕੈਦੀਆਂ ਨੂੰ ਦੂਜੇ ਸੂਬਿਆਂ ਦੀਆਂ ਜੇਲ੍ਹਾਂ ਵਿੱਚੋਂ ਤਬਦੀਲ ਕਰਕੇ ਪੰਜਾਬ ਲਿਆਉਣ ਤੇ ਜਿਹੜੇ ਕੈਦੀ ਵੱਧ ਸਜ਼ਾਵਾਂ ਕੱਟ ਚੁੱਕੇ ਹਨ, ਉਨ੍ਹਾਂ ਨੂੰ ਪੈਰੋਲ ਦੇਣ ਜਾਂ ਰਿਹਾਅ ਕਰਨ ਦੇ ਮਾਮਲੇ ਰੱਖੇ।