ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਦਿੱਲੀ ਦੀਆਂ ਬਰੂਹਾਂ ਤੇ ਬੈਠੇ ਕਿਸਾਨ ਕੇਂਦਰ ਸਰਕਾਰ ਦਾ ਲਗਾਤਾਰ ਵਿਰੋਧ ਸ਼ਾਂਤੀਪੂਰਨ ਢੰਗ ਨਾਲ ਕਰ ਰਹੇ ਹਨ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਦੇ ਕਿਸਾਨ ਇਸ ਅੰਦੋਲਨ ਨਾਲ ਜੁੜੇ ਹੋਏ ਹਨ। ਦੋ ਮਹੀਨੇ ਤੋਂ ਵਧ ਸਮੇਂ ਤੋ ਦਿੱਲੀ ਦੀ ਹੱਦਾਂ ਤੇ ਬੈਠੇ ਕਿਸਾਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ।ਕਿਸਾਨ ਨੇ ਹੁਣ ਐਲਾਨ ਕੀਤਾ ਹੈ ਕਿ 6 ਫਰਵਰੀ ਨੂੰ ਅੰਦੋਲਨਕਾਰੀ ਕਿਸਾਨ ਦੇਸ਼ ਭਰ ਦੀਆਂ ਸੜਕਾਂ ਨੂੰ ਤਿੰਨ ਘੰਟੇ ਲਈ ਜਾਮ ਕਰਨਗੇ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਮੰਗਲਵਾਰ ਨੂੰ ਯਾਨੀ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਸਰਬ ਪਾਰਟੀ ਮੀਟਿੰਗ ਸੱਦੀ ਹੈ।
ਕੈਪਟਨ ਨੇ ਟਵੀਟ ਕਰਦੇ ਹੋਏ ਕਿਹਾ, "ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦੀ ਘਟਨਾ ਮਗਰੋਂ ਦਿੱਲੀ ਪੁਲਿਸ ਨੇ ਜਿਨ੍ਹਾਂ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਹਨ, ਉਨ੍ਹਾਂ ਦੀ ਕਾਨੂੰਨੀ ਲੜ੍ਹਾਈ ਲੜਨ ਲਈ ਪੰਜਾਬ ਸਰਕਾਰ ਨੇ 70 ਵਕੀਲਾਂ ਦੀ ਟੀਮ ਬਣਾਈ ਹੈ। ਮੈਂ ਇਸ ਘਟਨਾ ਤੋਂ ਬਾਅਦ ਲਾਪਤਾ ਹੋਏ ਕਿਸਾਨਾਂ ਦਾ ਮੁੱਦਾ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਨਿੱਜੀ ਤੌਰ 'ਤੇ ਉਠਾਵਾਂਗਾ ਤੇ ਇਹ ਸੁਨਿਸ਼ਚਿਤ ਕਰਾਂਗਾ ਕਿ ਉਹ ਲੋਕ ਆਪਣੇ ਘਰਾਂ ਤੱਕ ਸੁਰੱਖਿਅਤ ਪਹੁੰਚਣ। ਤੁਸੀਂ ਕਿਸੇ ਵੀ ਮਦਦ ਲਈ '112' ਤੇ ਕਾਲ ਕਰ ਸਕਦੇ ਹੋ।"