ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ, ਸੱਤ ਵਿਧਾਇਕਾਂ ਸਣੇ 800 ਦੇ ਕਰੀਬ ‘ਆਪ’ ਵਰਕਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਹ ਕੇਸ ਆਮ ਆਦਮੀ ਪਾਰਟੀ ਵੱਲੋਂ ਬਿਜਲੀ ਬਿੱਲਾਂ ਵਿੱਚ ਵਾਧੇ ਖਿਲਾਫ ਚੰਡੀਗੜ੍ਹ ਵਿੱਚ ਕੀਤੇ ਰੋਸ ਮੁਜ਼ਾਹਰੇ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੇ ਮਾਮਲੇ ਵਿੱਚ ਕੀਤਾ ਹੈ।


ਹਾਸਲ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਥਾਣਾ ਸੈਕਟਰ-3 ਦੀ ਪੁਲਿਸ ਨੇ ‘ਆਪ’ ਵੱਲੋਂ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ, ਸੱਤ ਵਿਧਾਇਕਾਂ ਸਣੇ ਸੱਤ ਅੱਠ ਸੌ ਦੇ ਕਰੀਬ ‘ਆਪ’ ਵਰਕਰਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 147, 149, 332, 353 ਤੇ 188 ਤਹਿਤ ਕੇਸ ਦਰਜ ਕਰ ਦਿੱਤਾ ਹੈ।

ਪੁਲਿਸ ਵੱਲੋਂ ਨਾਮਜ਼ਦ ਕੀਤੇ ਗਏ ਵਿਧਾਇਕਾਂ ’ਚ ਹਰਪਾਲ ਸਿੰਘ ਚੀਮਾ, ਮਾਸਟਰ ਬਲਦੇਵ ਸਿੰਘ, ਬਲਜਿੰਦਰ ਕੌਰ, ਮਨਜੀਤ ਸਿੰਘ ਬਿਲਾਸਪੁਰ, ਅਮਨ ਅਰੋੜਾ, ਜੈ ਕਿਸ਼ਨ ਰੋੜੀ, ਸਰਵਜੀਤ ਕੌਰ ਤੇ ਪਾਰਟੀ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਂ ਸ਼ਾਮਲ ਹਨ। ਇਹ ਮਾਮਲਾ ਕਾਂਸਟੇਬਲ ਮਨਪ੍ਰੀਤ ਕੌਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ।

ਕਾਬਲੇਗੌਰ ਹੈ ਕਿ ਬਿਜਲੀ ਦਰਾਂ ’ਚ ਵਾਧੇ ਵਿਰੁੱਧ ਰੋਸ ਵਜੋਂ ਸ਼ੁੱਕਰਵਾਰ ਨੂ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਧਰਨੇ ਦੌਰਾਨ ਵਰਕਰਾਂ ਨੂੰ ਰੋਕਦੇ ਹੋਏ ਚੰਡੀਗੜ੍ਹ ਪੁਲਿਸ ਦੇ ਡੀਐਸਪੀ, ਇੰਸਪੈਕਟਰ ਸਣੇ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਥਾਣਾ ਸੈਕਟਰ-3 ਦੇ ਮੁਖੀ ਨੀਰਜ ਸਰਨਾ ਮੁਤਾਬਕ ਆਪ ਆਗੂਆਂ ਨੇ ਡਿਪਟੀ ਕਮਿਸ਼ਨਰ ਨੇ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਕਾਨੂੰਨ ਵਿਵਸਥਾ ’ਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ ਕੀਤੀ ਹੈ ਤੇ ਇਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।