ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਸਰਕਾਰ ਨਵੇਂ ਤਰੀਕੇ ਨਾਲ ਉਨ੍ਹਾਂ ਸਾਰੇ ਲੋਕਾਂ ਦੀ ਸੁਰੱਖਿਆ ਦੀ ਦੁਬਾਰਾ ਸਮੀਖਿਆ ਕਰੇ ਜਿਨ੍ਹਾਂ ਦੀ ਸੁਰੱਖਿਆ ਘਟਾਈ ਹੈ। ਅਦਾਲਤ ਨੇ ਕਿਹਾ ਹੈ ਕਿ ਸਮੀਖਿਆ ਕਰਦੇ ਸਮੇਂ, ਇਸ ਵਿੱਚ ਰਾਜ ਤੇ ਕੇਂਦਰੀ ਏਜੰਸੀ ਦਾ ਇਨਪੁਟ ਲਿਆ ਜਾਣਾ ਚਾਹੀਦਾ ਹੈ।


ਅਦਾਲਤ ਨੇ ਇਹ ਵੀ ਕਿਹਾ ਹੈ ਕਿ ਇਸ ਦੇ ਨਾਲ ਹੀ ਸਮੀਖਿਆ ਕਰਦੇ ਸਮੇਂ ਇਹ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ ਕਿ ਜਿਸ ਵਿਅਕਤੀ ਨੂੰ ਸੁਰੱਖਿਆ ਦਿੱਤੀ ਜਾਣੀ ਹੈ, ਉਸ ਦਾ ਪੱਖ ਵੀ ਦੇਖਿਆ ਜਾਵੇ। ਹਾਈ ਕੋਰਟ ਨੇ ਅੱਗੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਸੁਰੱਖਿਆ ਸਮੀਖਿਆ ਪੂਰੀ ਹੋਣ ਤੱਕ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ। ਜਿਨ੍ਹਾਂ ਨੂੰ ਸੁਰੱਖਿਆ ਨਹੀਂ ਦਿੱਤੀ ਗਈ, ਉਨ੍ਹਾਂ ਨੂੰ ਇੱਕ-ਇੱਕ ਸੁਰੱਖਿਆ ਕਰਮਚਾਰੀ ਦਿੱਤਾ ਜਾਵੇ।


ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਸੁਰੱਖਿਆ ਵਾਪਸ ਲੈਣ ਦੇ ਕਾਗਜ਼ ਵੱਖ-ਵੱਖ ਕਾਰਨਾਂ ਕਰਕੇ ਕਈ ਵਾਰ ਜਨਤਕ ਕੀਤੇ ਗਏ ਸਨ, ਜਿਸ ਕਾਰਨ ਜਿਨ੍ਹਾਂ ਨੂੰ ਸੁਰੱਖਿਆ ਦਿੱਤੀ ਗਈ ਸੀ, ਉਹ ਹੋਰ ਖ਼ਤਰੇ ਵਿੱਚ ਆ ਗਏ ਸਨ। ਅਦਾਲਤ ਨੇ ਇਸ ਬਾਰੇ ਕਿਹਾ ਹੈ ਕਿ ਭਵਿੱਖ ਵਿੱਚ ਇਸ ਦਾ ਧਿਆਨ ਰੱਖਿਆ ਜਾਵੇ।


ਉਧਰ, ਅਦਾਲਤ ਨੇ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਇਸ ਦੇ ਨਾਲ ਹੀ ਸੰਗਤ ਸਿੰਘ ਗਿਲਜੀਆ ਦੇ ਭਤੀਜੇ ਦਲਜੀਤ ਸਿੰਘ ਦੀ ਪਟੀਸ਼ਨ 'ਤੇ ਵੀ ਫੈਸਲਾ ਰਾਖਵਾਂ ਰੱਖ ਲਿਆ ਹੈ।


ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਨੇ ਕਈ ਲੋਕਾਂ ਤੋਂ ਸੁਰੱਖਿਆ ਵਾਪਸ ਲੈ ਲਈ ਸੀ ਤੇ ਕਈਆਂ ਦੀ ਸੁਰੱਖਿਆ ਘਟਾ ਦਿੱਤੀ ਸੀ। ਸੁਰੱਖਿਆ ਘਟਾਉਣ ਮਗਰੋਂ ਪੰਜਾਬੀ ਗਾਇਕ ਤੇ ਕਾਂਗਰਸੀ ਲੀਡਰ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਇਸ ਕਰਕੇ ਸਰਕਾਰ ਕਸੂਤੀ ਘਿਰ ਗਈ ਸੀ। ਹੋਰ ਵੀ ਕਈ ਲੀਡਰਾਂ ਧਮਕੀਆਂ ਮਿਲਣ ਦੀ ਦਾਅਵਾ ਕੀਤਾ ਸੀ ਤੇ ਮਾਮਲਾ ਹਾਈਕੋਰਟ ਤੱਕ ਪਹੁੰਚ ਗਿਆ ਸੀ।


 


ਖਿਡਾਰੀਆਂ ਲਈ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਪ੍ਰੋਗਰਾਮ ਰਾਹੀਂ ਵੱਖਰਾ ਉਪਰਾਲਾ, ਚਾਹਵਾਨ ਖਿਡਾਰੀਆਂ ਨੂੰ ਹਿੱਸਾ ਲੈਣ ਦਾ ਸੱਦਾ, 29 ਅਗਸਤ ਨੂੰ ਸੀਐੱਮ ਕਰਨਗੇ ਆਗਾਜ਼